‘AAP ਨੇ ਮੌਜੂਦਾ ਵਿਧਾਇਕਾਂ ਦੇ ਭੱਜਣ ਦੇ ਡਰੋਂ ਜਲਦਬਾਜ਼ੀ ’ਚ ਐਲਾਨੇ ਉਮੀਦਵਾਰ’: ਕੇਵਲ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਨੇ ਆਮ ਆਦਮੀ ਪਾਰਟੀ ਵੱਲੋਂ ਪਹਿਲੇ 40 ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ’ਤੇ ਤਨਜ਼ ਕੱਸਿਆ ਹੈ। ਜ਼ਿਲ੍ਹੇ ਵਿੱਚ ਪਹੁੰਚੇ ਕੇਵਲ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ‘ਆਪ’ ਨੇ ਇੰਨੀ ਜਲਦਬਾਜ਼ੀ ਵਿੱਚ ਉਮੀਦਵਾਰਾਂ ਦਾ ਐਲਾਨ ਇਸ ਲਈ ਕੀਤਾ ਹੈ, ਕਿਉਂਕਿ ਪਾਰਟੀ ਨੂੰ ਡਰ ਸੀ ਕਿ ਉਸ ਦੇ ਮੌਜੂਦਾ ਵਿਧਾਇਕ ਅਤੇ ਆਗੂ ਕਿਤੇ ਪਾਰਟੀ ਛੱਡ ਕੇ ਨਾ ਭੱਜ ਜਾਣ।
ਉਨ੍ਹਾਂ ਕਿਹਾ ਕਿ ਆਗੂਆਂ ਨੂੰ ਪਾਰਟੀ ਵਿੱਚ ਰੋਕਣ ਲਈ ਉਮੀਦਵਾਰਾਂ ਦੀ ਸੂਚੀ ਜਲਦੀ ਜਾਰੀ ਕੀਤੀ ਗਈ ਹੈ।
1984 ਸਿੱਖ ਕਤਲੇਆਮ ’ਤੇ ਭਾਜਪਾ ਕਰਵਾਏਗੀ ਕਨਕਲੇਵ
ਕੇਵਲ ਢਿੱਲੋਂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਨੇ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜਤਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਗਾਉਣ ਦਾ ਕੰਮ ਕੀਤਾ ਹੈ।
ਉਨ੍ਹਾਂ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਸਬੰਧੀ ਸਮਾਜ ਨੂੰ ਜਾਗਰੂਕ ਕਰਨ ਲਈ ਭਾਜਪਾ ਵੱਲੋਂ 4 ਨਵੰਬਰ ਨੂੰ ਚੰਡੀਗੜ੍ਹ ਵਿੱਚ ‘ਜ਼ਖ਼ਮ 84 ਦੇ’ ਨਾਮ ਹੇਠ ਵਿਸ਼ੇਸ਼ ਕਨਕਲੇਵ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਕਨਕਲੇਵ ਵਿੱਚ 1984 ਦੇ ਕਤਲੇਆਮ, ਪੀੜਤਾਂ ਦੇ ਦਰਦ ਅਤੇ ਇਸ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ ਜਾਵੇਗੀ। ਕਨਕਲੇਵ ਵਿੱਚ ਚਾਰ ਸੈਸ਼ਨ ਹੋਣਗੇ।
ਲੁਧਿਆਣਾ ਤੋਂ ਚੋਣ ਲੜਨ ਬਾਰੇ ਕੀ ਬੋਲੇ ਕੇਵਲ ਢਿੱਲੋਂ?
ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਕੇਵਲ ਢਿੱਲੋਂ ਨੂੰ ਪੁੱਛਿਆ ਗਿਆ ਕਿ ਕੀ ਉਹ ਲੁਧਿਆਣਾ ਤੋਂ ਚੋਣ ਲੜਨ ਜਾ ਰਹੇ ਹਨ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਅਜਿਹੀ ਕੋਈ ਗੱਲ ਨਹੀਂ ਹੈ।
ਲੁਧਿਆਣਾ ਵਿੱਚ ਪੰਜਾਬ ਭਾਜਪਾ ਦੇ ਪੋਸਟਰ ਲੱਗਣ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੋਸਟਰ ਵੀ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਵਿੱਚ ਲੱਗੇ ਹੋਏ ਹਨ। ਇਸ ਦਾ ਇਹ ਮਤਲਬ ਨਹੀਂ ਕਿ ਉਹ ਲੁਧਿਆਣਾ ਤੋਂ ਚੋਣ ਲੜਨਗੇ।
1 ਨਵੰਬਰ ਦੀ ਰੈਲੀ ਨੂੰ ਲੈ ਕੇ ਕਾਂਗਰਸ ’ਤੇ ਨਿਸ਼ਾਨਾ
ਕੇਵਲ ਢਿੱਲੋਂ ਨੇ 1 ਨਵੰਬਰ ਨੂੰ ਹੋਣ ਵਾਲੀ ਰੈਲੀ ਨੂੰ ਲੈ ਕੇ ਵੀ ਕਾਂਗਰਸ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਵਾਰ-ਵਾਰ ਵਿਰੋਧ ਹੋਣ ਦੇ ਬਾਵਜੂਦ ਕਾਂਗਰਸ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲਾ ਕੰਮ ਕਰ ਰਹੀ ਹੈ।
ਜਦੋਂ ਉਨ੍ਹਾਂ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਾਂਗਰਸ ਦੇ ਪ੍ਰਦਰਸ਼ਨ ਲਈ ਭਾਜਪਾ ਸਰਕਾਰ ਵੱਲੋਂ ਇਜਾਜ਼ਤ ਦਿੱਤੇ ਜਾਣ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਇਸ ਬਾਰੇ ਸਪੱਸ਼ਟ ਜਵਾਬ ਦੇਣ ਤੋਂ ਗੁਰੇਜ਼ ਕੀਤਾ।

