ਲੋਕਾਂ ਦੇ ਵਿਰੋਧ ਅੱਗੇ ਝੁਕਿਆ ਸਿਹਤ ਵਿਭਾਗ! ਮੁਅੱਤਲ ਫ਼ੂਡ ਸੇਫ਼ਟੀ ਇੰਸਪੈਕਟਰ ਅਭਿਨਵ ਖੋਸਲਾ ਬਹਾਲ
ਫ਼ਿਰੋਜ਼ਪੁਰ ਵਿੱਚ ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਵੱਡੇ ਵਿਰੋਧ ਮਗਰੋਂ ਸਿਹਤ ਵਿਭਾਗ ਨੇ ਮੁਅੱਤਲ ਫ਼ੂਡ ਸੇਫ਼ਟੀ ਇੰਸਪੈਕਟਰ ਅਭਿਨਵ ਖੋਸਲਾ ਨੂੰ ਬਹਾਲ ਕਰ ਦਿੱਤਾ ਹੈ। ਜ਼ਿਲ੍ਹਾ ਸਿਹਤ ਅਫ਼ਸਰ ਸੁਖਵੀਰ ਕੌਰ ਨੇ ਪੁਸ਼ਟੀ ਕੀਤੀ ਕਿ ਖੋਸਲਾ ਫ਼ਿਰੋਜ਼ਪੁਰ ਵਿੱਚ ਹੀ ਤਾਇਨਾਤ ਰਹਿਣਗੇ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ 1 ਅਕਤੂਬਰ ਨੂੰ ਮੁਅੱਤਲ ਕੀਤਾ ਗਿਆ ਸੀ
ਫ਼ਿਰੋਜ਼ਪੁਰ: ਲੋਕਾਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਲਗਾਤਾਰ ਵਿਰੋਧ ਮਗਰੋਂ ਸਿਹਤ ਵਿਭਾਗ ਨੇ ਮੁਅੱਤਲ ਕੀਤੇ ਫ਼ੂਡ ਸੇਫ਼ਟੀ ਇੰਸਪੈਕਟਰ ਅਭਿਨਵ ਖੋਸਲਾ ਨੂੰ ਬਹਾਲ ਕਰ ਦਿੱਤਾ ਹੈ। ਵਿਭਾਗ ਨੇ ਉਨ੍ਹਾਂ ਨੂੰ ਫ਼ਿਰੋਜ਼ਪੁਰ ਵਿੱਚ ਹੀ ਤਾਇਨਾਤ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਨੂੰ ਖੋਸਲਾ ਦੇ ਸਮਰਥਕਾਂ ਨੇ ਲੋਕਾਂ ਦੀ ਨੈਤਿਕ ਜਿੱਤ ਕਰਾਰ ਦਿੱਤਾ ਹੈ।
ਜ਼ਿਲ੍ਹਾ ਸਿਹਤ ਅਫ਼ਸਰ ਸੁਖਵੀਰ ਕੌਰ ਨੇ ਖੋਸਲਾ ਦੀ ਬਹਾਲੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਮੁੜ ਡਿਊਟੀ ’ਤੇ ਬਹਾਲ ਕਰ ਦਿੱਤਾ ਗਿਆ ਹੈ ਅਤੇ ਉਹ ਫ਼ਿਰੋਜ਼ਪੁਰ ਵਿੱਚ ਹੀ ਤਾਇਨਾਤ ਰਹਿਣਗੇ।
ਜਥੇਬੰਦੀਆਂ ਨੇ ਦੱਸਿਆ ਲੋਕਾਂ ਦੀ ਜਿੱਤ
ਫ਼ਿਰੋਜ਼ਪੁਰ ਲੋਕ ਲਹਿਰ ਸਮੂਹ ਦੇ ਮੁਹਿੰਮ ਕਨਵੀਨਰ ਅਤੇ ਸਤਲੁਜ ਪ੍ਰੈਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਅਤੇ ਐਡਵੋਕੇਟ ਰੋਹਿਤ ਅਰੋੜਾ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਖੋਸਲਾ ਦੀ ਮੁਅੱਤਲੀ ਵਿਰੁੱਧ ਲੋਕਾਂ ਨੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਸੀ।
ਗੁਰਨਾਮ ਸਿੰਘ ਸਿੱਧੂ ਨੇ ਕਿਹਾ ਕਿ ਇਹ ਫ਼ਿਰੋਜ਼ਪੁਰ ਦੇ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਸੱਚ ਦੇ ਸਮਰਥਨ ਵਿੱਚ ਇਕੱਠੇ ਹੋ ਕੇ ਸੰਘਰਸ਼ ਕੀਤਾ। ਉਨ੍ਹਾਂ ਮੁਤਾਬਕ, ਲੋਕ ਖੋਸਲਾ ਦੇ ਕੰਮ ਤੋਂ ਸੰਤੁਸ਼ਟ ਸਨ ਅਤੇ ਵਿਭਾਗ ਵੱਲੋਂ ਉਨ੍ਹਾਂ ਨੂੰ ਬਹਾਲ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ।
1 ਅਕਤੂਬਰ ਨੂੰ ਕੀਤਾ ਗਿਆ ਸੀ ਮੁਅੱਤਲ
ਅਭਿਨਵ ਖੋਸਲਾ ਨੂੰ 1 ਅਕਤੂਬਰ ਨੂੰ ਫ਼ੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਵੱਲੋਂ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 8 ਤਹਿਤ ਮੁਅੱਤਲ ਕੀਤਾ ਗਿਆ ਸੀ। ਉਸ ਸਮੇਂ ਵਿਭਾਗ ਵੱਲੋਂ ਮੁਅੱਤਲੀ ਦੇ ਠੋਸ ਕਾਰਨਾਂ ਦਾ ਖ਼ੁਲਾਸਾ ਨਹੀਂ ਕੀਤਾ ਗਿਆ ਸੀ।
ਇਸ ਕਾਰਵਾਈ ਤੋਂ ਬਾਅਦ ਵੱਖ-ਵੱਖ ਸਮਾਜਿਕ ਜਥੇਬੰਦੀਆਂ ਅਤੇ ਐੱਨਜੀਓਜ਼ ਨੇ ਖੋਸਲਾ ਦੇ ਹੱਕ ਵਿੱਚ ਮੁਹਿੰਮ ਸ਼ੁਰੂ ਕੀਤੀ ਅਤੇ ਉਨ੍ਹਾਂ ਦੀ ਮੁਅੱਤਲੀ ਰੱਦ ਕਰਨ ਦੇ ਨਾਲ-ਨਾਲ ਫ਼ਿਰੋਜ਼ਪੁਰ ਵਿੱਚ ਹੀ ਮੁੜ ਤਾਇਨਾਤ ਕਰਨ ਦੀ ਮੰਗ ਕੀਤੀ।
ਨੈਸ਼ਨਲ ਹਾਈਵੇ ’ਤੇ ਲਾਇਆ ਸੀ ਜਾਮ
ਖੋਸਲਾ ਦੇ ਸਮਰਥਨ ਵਿੱਚ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਫ਼ਿਰੋਜ਼ਪੁਰ ਛਾਉਣੀ ਖੇਤਰ ਵਿੱਚ ਚੁੰਗੀ ਨੰਬਰ 7 ਨੇੜੇ ਕੌਮੀ ਹਾਈਵੇ-5 ’ਤੇ ਕਈ ਘੰਟਿਆਂ ਤੱਕ ਜਾਮ ਲਾਇਆ ਸੀ। ਇਸ ਤੋਂ ਪਹਿਲਾਂ 7 ਅਕਤੂਬਰ ਨੂੰ ਜਥੇਬੰਦੀਆਂ ਦੇ ਮੈਂਬਰਾਂ ਨੇ ਜ਼ੀਰਾ ਵਿੱਚ ਰੋਸ ਮਾਰਚ ਵੀ ਕੱਢਿਆ ਸੀ। ਪ੍ਰਦਰਸ਼ਨਕਾਰੀਆਂ ਨੇ ਮੁਅੱਤਲੀ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੇ ਪੁਤਲੇ ਫੂਕੇ ਸਨ।
ਖੋਸਲਾ ਨੇ ਲੋਕਾਂ ਅਤੇ ਵਿਭਾਗ ਦਾ ਕੀਤਾ ਧੰਨਵਾਦ
ਬਹਾਲੀ ਮਗਰੋਂ ਅਭਿਨਵ ਖੋਸਲਾ ਨੇ ਦੱਸਿਆ ਕਿ ਉਨ੍ਹਾਂ ਨੇ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖਿਆ ਸੀ। ਉਨ੍ਹਾਂ ਅਨੁਸਾਰ, ਕਮਿਸ਼ਨਰ ਨੇ ਉਨ੍ਹਾਂ ਦੀ ਗੱਲ ਧੀਰਜ ਅਤੇ ਹਮਦਰਦੀ ਨਾਲ ਸੁਣੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਨਿਭਾਉਣ ਦਾ ਇੱਕ ਹੋਰ ਮੌਕਾ ਦਿੱਤਾ।
ਖੋਸਲਾ ਨੇ ਫ਼ਿਰੋਜ਼ਪੁਰ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵੱਲੋਂ ਦਿੱਤੇ ਗਏ ਸਮਰਥਨ ਨੂੰ ਕਦੇ ਨਹੀਂ ਭੁੱਲਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਵਿਭਾਗ ਅਤੇ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਪਹਿਲਾਂ ਨਾਲੋਂ ਵੀ ਵੱਧ ਮਿਹਨਤ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ।

