The Punjab Inside
Friday, 20 November 2026Admin Login
Punjab

ਅੰਮ੍ਰਿਤਪਾਲ ਸਿੰਘ ਨੇ ਦਾਦੀ ਦੀਆਂ ਅੰਤਿਮ ਰਸਮਾਂ ਲਈ ਮੰਗੀ ਪੈਰੋਲ, ਅਦਾਲਤ ’ਚ ਅਰਜ਼ੀ ਦਾਇਰ

‘ਵਾਰਿਸ ਪੰਜਾਬ ਦੇ’ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਦਾਦੀ ਮਾਤਾ ਚਰਨ ਕੌਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਜਾਂ ਪੈਰੋਲ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਵਕੀਲ ਨੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਨੇ ਦਾਦੀ ਦੀਆਂ ਅੰਤਿਮ ਰਸਮਾਂ ਲਈ ਮੰਗੀ ਪੈਰੋਲ, ਅਦਾਲਤ ’ਚ ਅਰਜ਼ੀ ਦਾਇਰ
Punjab Inside Team
Share:

 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਦਾ ਰੁਖ਼ ਕੀਤਾ ਹੈ। ਉਨ੍ਹਾਂ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਨੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮਾਨਵੀ ਆਧਾਰ ’ਤੇ ਅੰਤਰਿਮ ਜ਼ਮਾਨਤ ਜਾਂ ਪੈਰੋਲ ਦੇਣ ਦੀ ਮੰਗ ਕੀਤੀ ਹੈ।

14 ਨਵੰਬਰ ਨੂੰ ਸਸਕਾਰ, 17 ਨੂੰ ਅੰਤਿਮ ਅਰਦਾਸ

ਐਡਵੋਕੇਟ ਕਰਮਵੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਬੇਹੱਦ ਕਰੀਬ ਸਨ ਅਤੇ ਉਨ੍ਹਾਂ ਦਾ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਾ ਪਰਿਵਾਰਕ ਅਤੇ ਧਾਰਮਿਕ ਪੱਖੋਂ ਬਹੁਤ ਜ਼ਰੂਰੀ ਹੈ।

ਵਕੀਲ ਅਨੁਸਾਰ, ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ 14 ਨਵੰਬਰ ਨੂੰ ਕੀਤਾ ਜਾਵੇਗਾ। ਇਸ ਤੋਂ ਅਗਲੇ ਦਿਨ 15 ਨਵੰਬਰ ਨੂੰ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾਣਗੀਆਂ ਅਤੇ ਉਸੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ। ਇਸ ਉਪਰੰਤ 17 ਨਵੰਬਰ ਨੂੰ ਪਾਠ ਦੇ ਭੋਗ ਪਾਏ ਜਾਣਗੇ ਅਤੇ ਅੰਤਿਮ ਅਰਦਾਸ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਕੁਝ ਸਮੇਂ ਦੀ ਰਾਹਤ ਦੇਣ ਦੀ ਮੰਗ ਅਦਾਲਤ ਅੱਗੇ ਰੱਖੀ ਗਈ ਹੈ।

ਆਖਰੀ ਮੁਲਾਕਾਤ ਨਾ ਕਰਵਾਉਣ ਦੇ ਵਕੀਲ ਨੇ ਲਾਏ ਦੋਸ਼

ਐਡਵੋਕੇਟ ਕਰਮਵੀਰ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਜਦੋਂ ਮਾਤਾ ਚਰਨ ਕੌਰ ਬਿਮਾਰ ਸਨ ਅਤੇ ਜ਼ਿੰਦਗੀ ਦੇ ਆਖਰੀ ਦੌਰ ਵਿੱਚ ਸਨ ਤਾਂ ਉਨ੍ਹਾਂ ਦੀ ਆਖਰੀ ਇੱਛਾ ਆਪਣੇ ਪੋਤੇ ਅੰਮ੍ਰਿਤਪਾਲ ਸਿੰਘ ਨਾਲ ਗੱਲ ਕਰਨ ਦੀ ਸੀ। ਪਰ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦੇ ਕੇ ਇਹ ਮੁਲਾਕਾਤ ਨਹੀਂ ਹੋਣ ਦਿੱਤੀ।

ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਬਾਅਦ ਵਿੱਚ ਅਦਾਲਤ ਵੱਲੋਂ 10 ਮਿੰਟ ਦੀ ਵੀਡੀਓ ਕਾਲ ਦੀ ਇਜਾਜ਼ਤ ਦਿੱਤੇ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਹ ਕਾਲ ਵੀ ਨਹੀਂ ਕਰਵਾਈ ਗਈ। ਉਨ੍ਹਾਂ ਇਸ ਨੂੰ ਨਿੰਦਣਯੋਗ ਕਰਾਰ ਦਿੱਤਾ।

ਰਾਮ ਰਹੀਮ ਦੀ ਪੈਰੋਲ ਦਾ ਵੀ ਕੀਤਾ ਜ਼ਿਕਰ

ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਕਿਸੇ ਪਰਿਵਾਰਕ ਮੈਂਬਰ ਦੇ ਅਕਾਲ ਚਲਾਣੇ ’ਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਮਾਨਵੀ ਆਧਾਰ ’ਤੇ ਪੈਰੋਲ ਜਾਂ ਜ਼ਮਾਨਤ ਦੇਣ ਦੀ ਵਿਵਸਥਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਗੰਭੀਰ ਅਪਰਾਧਾਂ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਵੀ ਅਜਿਹੇ ਮੌਕਿਆਂ ’ਤੇ ਰਾਹਤ ਦਿੱਤੀ ਜਾਂਦੀ ਹੈ, ਇਸ ਲਈ ਅੰਮ੍ਰਿਤਪਾਲ ਸਿੰਘ ਨੂੰ ਵੀ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਨਿਭਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ।

ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਮਿਲਣ ਵਾਲੀ ਪੈਰੋਲ ਬਾਰੇ ਪੁੱਛੇ ਜਾਣ ’ਤੇ ਕਰਮਵੀਰ ਸਿੰਘ ਨੇ ਸਰਕਾਰ ’ਤੇ ਪੱਖਪਾਤ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਜਬਰ-ਜਨਾਹ ਅਤੇ ਕਤਲ ਵਰਗੇ ਗੰਭੀਰ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਵਿਅਕਤੀ ਨੂੰ ਵੀ ਵਾਰ-ਵਾਰ ਪੈਰੋਲ ਅਤੇ ਹੋਰ ਸਹੂਲਤਾਂ ਮਿਲਦੀਆਂ ਹਨ, ਜਦਕਿ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਵੱਖਰਾ ਰਵੱਈਆ ਅਪਣਾਇਆ ਜਾ ਰਿਹਾ ਹੈ।

ਵਕੀਲ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦਾ ਮਾਨਵੀ ਆਧਾਰ ’ਤੇ ਤੁਰੰਤ ਨੋਟਿਸ ਲੈਂਦਿਆਂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।