The Punjab Inside
Saturday, 3 October 2026Admin Login
Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਦਮਦਮਾ ਸਾਹਿਬ ਤੱਕ ਰੋਸ ਮਾਰਚ, ਵੱਖ-ਵੱਖ ਧਰਮਾਂ ਤੇ ਜਥੇਬੰਦੀਆਂ ਦੇ ਲੋਕ ਹੋਏ ਸ਼ਾਮਲ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀਆਂ ਦੀ ਸ਼ਮੂਲੀਅਤ ਨਾਲ ਸ਼ੁਰੂ ਹੋਏ ਇਸ ਮਾਰਚ ਵਿੱਚ ਵੱਖ-ਵੱਖ ਧਰਮਾਂ, ਸਮਾਜਿਕ ਜਥੇਬੰਦੀਆਂ ਅਤੇ ਸਿੱਖ ਆਗੂਆਂ ਨੇ ਹਿੱਸਾ ਲਿਆ। ਮਾਰਚ ਦੌਰਾਨ ਉਨ੍ਹਾਂ ਬੰਦੀਆਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਬਾਰੇ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ।

ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਦਮਦਮਾ ਸਾਹਿਬ ਤੱਕ ਰੋਸ ਮਾਰਚ, ਵੱਖ-ਵੱਖ ਧਰਮਾਂ ਤੇ ਜਥੇਬੰਦੀਆਂ ਦੇ ਲੋਕ ਹੋਏ ਸ਼ਾਮਲ
Punjab Inside Team
Share:

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ ਹੋ ਗਿਆ ਹੈ। ਮਾਰਚ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀਆਂ ਦੀ ਸ਼ਮੂਲੀਅਤ ਨਾਲ ਅਰਦਾਸ ਉਪਰੰਤ ਕੀਤੀ ਗਈ।

ਇਸ ਮਾਰਚ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ।

ਵੱਖ-ਵੱਖ ਧਰਮਾਂ ਤੇ ਜਥੇਬੰਦੀਆਂ ਦੇ ਲੋਕ ਹੋਏ ਸ਼ਾਮਲ

ਮਾਰਚ ਦੀ ਖ਼ਾਸ ਗੱਲ ਇਹ ਰਹੀ ਕਿ ਇਸ ਵਿੱਚ ਵੱਖ-ਵੱਖ ਧਰਮਾਂ ਅਤੇ ਸਮਾਜਿਕ ਜਥੇਬੰਦੀਆਂ ਨਾਲ ਸਬੰਧਤ ਲੋਕਾਂ ਨੇ ਵੀ ਹਿੱਸਾ ਲਿਆ। ਮਾਰਚ ਵਿੱਚ ਸ਼ਾਮਲ ਆਗੂਆਂ ਨੇ ਕਿਹਾ ਕਿ ਇਸ ਦਾ ਉਦੇਸ਼ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਆਪਣੀ ਮੰਗ ਸਰਕਾਰਾਂ ਤੱਕ ਪਹੁੰਚਾਉਣਾ ਹੈ।

ਇਹ ਮਾਰਚ ਫਤਹਿਗੜ੍ਹ ਸਾਹਿਬ ਤੋਂ ਰਵਾਨਾ ਹੋ ਕੇ ਪਟਿਆਲਾ ਅਤੇ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਸੰਗਰੂਰ ਦੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਪਹੁੰਚੇਗਾ, ਜਿੱਥੇ ਰਾਤ ਦਾ ਵਿਸ਼ਰਾਮ ਹੋਵੇਗਾ। ਸ਼ਨੀਵਾਰ ਸਵੇਰੇ ਅਰਦਾਸ ਉਪਰੰਤ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਵੇਗਾ ਅਤੇ ਉੱਥੇ ਇਸ ਦਾ ਸਮਾਪਨ ਕੀਤਾ ਜਾਵੇਗਾ।

ਕੌਮੀ ਇਨਸਾਫ ਮੋਰਚਾ ਨੇ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਕੌਮੀ ਇਨਸਾਫ ਮੋਰਚਾ ਦੇ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਕਈ ਬੰਦੀ ਸਿੰਘ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਜਥੇਬੰਦੀਆਂ ਅਨੁਸਾਰ ਕੁਝ ਬੰਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਪਰ ਉਨ੍ਹਾਂ ਦੀ ਰਿਹਾਈ ਨਹੀਂ ਹੋਈ।

ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨੂੰ ਮਿਲਣ ਲਈ ਪੈਰੋਲ ਨਾ ਮਿਲਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਇਸ ਮਾਮਲੇ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।

ਢੀਂਡਸਾ ਨੇ ਕਿਹਾ- ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਨੂੰ ਰਿਹਾਅ ਕੀਤਾ ਜਾਵੇ

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਅਹਿਮ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੰਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਮੁੱਦੇ ਪ੍ਰਤੀ ਜਾਗਰੂਕ ਕਰਨ ਅਤੇ ਲੋਕ ਲਹਿਰ ਖੜ੍ਹੀ ਕਰਨ ਦੇ ਉਦੇਸ਼ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਇਹ ਮਾਰਚ ਕੱਢਿਆ ਜਾ ਰਿਹਾ ਹੈ। ਢੀਂਡਸਾ ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਵੱਖ-ਵੱਖ ਜਥੇਬੰਦੀਆਂ ਦੀ ਏਕਤਾ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਮਾਰਚ ਦੌਰਾਨ ਆਯੋਜਕਾਂ ਵੱਲੋਂ ਸੰਗਤ ਨੂੰ ਸ਼ਾਂਤਮਈ ਅਤੇ ਅਨੁਸ਼ਾਸਨ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।