The Punjab Inside
Saturday, 3 October 2026Admin Login

ਭੂਪੇਸ਼ ਬਘੇਲ ਨੂੰ ਦਿੱਲੀ ਤਲਬ, ਚਰਨਜੀਤ ਸਿੰਘ ਚੰਨੀ ਨੂੰ ਵੀ ਸੱਦਾ; ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਸੱਦਿਆ ਹੈ। ਭੂਪੇਸ਼ ਬਘੇਲ ਨੇ ਪੰਜਾਬ ਦੌਰੇ ਦੀ ਰਿਪੋਰਟ ਸੌਂਪੀ ਹੈ, ਜਦਕਿ ਹਾਈਕਮਾਨ ਵੱਲੋਂ ਰਾਜਾ ਵੜਿੰਗ ਦੀ ਪ੍ਰਧਾਨਗੀ ਅਤੇ 2027 ਦੀਆਂ ਚੋਣਾਂ ਦੀ ਰਣਨੀਤੀ 'ਤੇ ਵੀ ਮੰਥਨ ਕੀਤਾ ਜਾ ਰਿਹਾ ਹੈ।

ਭੂਪੇਸ਼ ਬਘੇਲ ਨੂੰ ਦਿੱਲੀ ਤਲਬ, ਚਰਨਜੀਤ ਸਿੰਘ ਚੰਨੀ ਨੂੰ ਵੀ ਸੱਦਾ; ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ
Punjab Inside Team
Share:

ਚੰਡੀਗੜ੍ਹ, 14 ਜੁਲਾਈ: ਪੰਜਾਬ ਕਾਂਗਰਸ ਵਿੱਚ ਵਧ ਰਹੀ ਧੜੇਬੰਦੀ ਅਤੇ ਅੰਦਰੂਨੀ ਖਿੱਚਤਾਣ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੇ ਵੱਡਾ ਕਦਮ ਚੁੱਕਦਿਆਂ ਏਆਈਸੀਸੀ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੂੰ ਦਿੱਲੀ ਤਲਬ ਕੀਤਾ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਦਿੱਲੀ ਬੁਲਾਇਆ ਗਿਆ ਹੈ।

ਸੂਤਰਾਂ ਅਨੁਸਾਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਸੰਗਠਨ ਮਹਾਂਸਚਿਵ ਕੇ.ਸੀ. ਵੇਣੂਗੋਪਾਲ ਨੇ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਅਤੇ ਸੰਗਠਨਾਤਮਕ ਹਾਲਾਤ ਦੀ ਸਮੀਖਿਆ ਕੀਤੀ ਗਈ।

ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਨ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ 'ਤੇ ਬਣਾਈ ਰੱਖਣ ਦੇ ਫ਼ੈਸਲੇ 'ਤੇ ਵੀ ਮੁੜ ਵਿਚਾਰ ਕਰ ਸਕਦਾ ਹੈ। ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਭੂਪੇਸ਼ ਬਘੇਲ ਨੇ ਹਾਲ ਹੀ ਵਿੱਚ ਪੰਜਾਬ ਦੌਰੇ ਦੌਰਾਨ ਵੱਖ-ਵੱਖ ਆਗੂਆਂ ਨਾਲ ਹੋਈਆਂ ਮੁਲਾਕਾਤਾਂ ਅਤੇ ਪਾਰਟੀ ਦੀ ਸਥਿਤੀ ਬਾਰੇ ਆਪਣੀ ਵਿਸਥਾਰਪੂਰਵਕ ਰਿਪੋਰਟ ਕਾਂਗਰਸ ਹਾਈਕਮਾਨ ਨੂੰ ਸੌਂਪ ਦਿੱਤੀ ਹੈ।

ਪਾਰਟੀ ਦੇ ਨਾਰਾਜ਼ ਆਗੂਆਂ ਨੇ ਹਾਈਕਮਾਨ ਨੂੰ ਦੱਸਿਆ ਕਿ ਉਨ੍ਹਾਂ ਦਾ ਰਾਜਾ ਵੜਿੰਗ ਨਾਲ ਕੋਈ ਨਿੱਜੀ ਵਿਰੋਧ ਨਹੀਂ, ਪਰ ਉਨ੍ਹਾਂ ਦੇ ਮੁਤਾਬਕ ਮੌਜੂਦਾ ਅਗਵਾਈ ਹੇਠ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਲਈ ਜਿੱਤ ਦਰਜ ਕਰਨਾ ਮੁਸ਼ਕਲ ਹੋ ਸਕਦਾ ਹੈ।

ਮੀਟਿੰਗ ਵਿੱਚ ਸ਼ਾਮਲ ਪ੍ਰਮੁੱਖ ਆਗੂ

ਮੀਟਿੰਗ ਵਿੱਚ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਸੰਗਤ ਸਿੰਘ ਗਿਲਜ਼ੀਆਂ, ਅਰੁਣਾ ਚੌਧਰੀ, ਓ.ਪੀ. ਸੋਨੀ, ਪਰਗਟ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਏ।