The Punjab Inside
Saturday, 3 October 2026Admin Login
Crime

Big News : ਨਵਾਂਸ਼ਹਿਰ ’ਚ ਜਿਮ ਟਰੇਨਰ ਦਾ ਗੋਲ਼ੀਆਂ ਮਾਰ ਕੇ ਕਤਲ, ਪਰਿਵਾਰ ਨੇ ਪੁਲਿਸ ’ਤੇ ਲਾਪਰਵਾਹੀ ਦੇ ਦੋਸ਼ ਲਾਏ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਿਸ਼ਾਨ ਸਿੰਘ ਸ਼ਾਮ ਸਮੇਂ ਕੋਆਪਰੇਟਿਵ ਬੈਂਕ ਨੇੜੇ ਗੋਲਗੱਪੇ ਖਾ ਕੇ ਮੋਟਰਸਾਈਕਲ ’ਤੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

Big News : ਨਵਾਂਸ਼ਹਿਰ ’ਚ ਜਿਮ ਟਰੇਨਰ ਦਾ ਗੋਲ਼ੀਆਂ ਮਾਰ ਕੇ ਕਤਲ, ਪਰਿਵਾਰ ਨੇ ਪੁਲਿਸ ’ਤੇ ਲਾਪਰਵਾਹੀ ਦੇ ਦੋਸ਼ ਲਾਏ
Punjab Inside Team
Share:

ਨਵਾਂਸ਼ਹਿਰ : ਥਾਣਾ ਔੜ ਅਧੀਨ ਆਉਂਦੇ ਕੋਆਪਰੇਟਿਵ ਬੈਂਕ ਨੇੜੇ ਸ਼ਨੀਵਾਰ ਸ਼ਾਮ 37 ਸਾਲਾ ਨੌਜਵਾਨ ਨਿਸ਼ਾਨ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ ਫੈਲ ਗਈ।


ਮ੍ਰਿਤਕ ਨਿਸ਼ਾਨ ਸਿੰਘ ਕਸਬਾ ਔੜ ਦਾ ਰਹਿਣ ਵਾਲਾ ਸੀ ਅਤੇ ਸਥਾਨਕ ਜਿਮ ਵਿੱਚ ਨੌਜਵਾਨਾਂ ਨੂੰ ਟਰੇਨਿੰਗ ਦਿੰਦਾ ਸੀ। ਜਾਣਕਾਰੀ ਅਨੁਸਾਰ ਉਹ ਪਹਿਲਾਂ ਯੂਕੇ ਵਿੱਚ ਰਹਿੰਦਾ ਸੀ ਪਰ ਭਰਾ ਦੀ ਮੌਤ ਤੋਂ ਬਾਅਦ ਮਾਪਿਆਂ ਦੀ ਦੇਖਭਾਲ ਲਈ ਵਾਪਸ ਪੰਜਾਬ ਆ ਗਿਆ ਸੀ।


ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਿਸ਼ਾਨ ਸਿੰਘ ਸ਼ਾਮ ਸਮੇਂ ਕੋਆਪਰੇਟਿਵ ਬੈਂਕ ਨੇੜੇ ਗੋਲਗੱਪੇ ਖਾ ਕੇ ਮੋਟਰਸਾਈਕਲ ’ਤੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਨਿਸ਼ਾਨ ਸਿੰਘ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ ’ਤੇ 7 ਤੋਂ 8 ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਮੌਕੇ ’ਤੇ ਮੌਜੂਦ ਦੋ ਭੈਣਾਂ ਨੇ ਹਿੰਮਤ ਦਿਖਾਉਂਦਿਆਂ ਜ਼ਖ਼ਮੀ ਨਿਸ਼ਾਨ ਸਿੰਘ ਨੂੰ ਆਪਣੀ ਕਾਰ ਵਿੱਚ ਪਹਿਲਾਂ ਮੁਕੰਦਪੁਰ ਅਤੇ ਫਿਰ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਔੜ, ਸਿਟੀ ਨਵਾਂਸ਼ਹਿਰ ਪੁਲਿਸ ਅਤੇ ਡੀਐੱਸਪੀ ਪੰਕਜ ਸ਼ਰਮਾ ਮੌਕੇ ’ਤੇ ਪੁੱਜੇ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਨਿਸ਼ਾਨ ਸਿੰਘ ਨੇ ਕੁਝ ਦਿਨ ਪਹਿਲਾਂ ਆਪਣੀ ਰੈਕੀ ਹੋਣ ਅਤੇ ਜਾਨ ਨੂੰ ਖ਼ਤਰਾ ਹੋਣ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਨਿਸ਼ਾਨ ਸਿੰਘ ਦੀ ਜਾਨ ਬਚ ਸਕਦੀ ਸੀ।

ਪੁਰਾਣੀ ਰੰਜਿਸ਼ ਵੀ ਆਈ ਸਾਹਮਣੇ : ਡੀਐੱਸਪੀ

ਨਵਾਂਸ਼ਹਿਰ ਦੇ ਡੀਐੱਸਪੀ ਪੰਕਜ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਨਿਸ਼ਾਨ ਸਿੰਘ ਦੇ ਜਿਮ ’ਤੇ ਫਾਇਰਿੰਗ ਹੋਈ ਸੀ, ਜਿਸ ਸਬੰਧੀ ਰੌਕੀ ਨਾਂ ਦੇ ਕਥਿਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਐੱਸਪੀ ਨੇ ਕਿਹਾ ਕਿ ਮੌਜੂਦਾ ਕਤਲ ਕਾਂਡ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਅਤੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਾਰਦਾਤ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।