ਚੰਡੀਗੜ੍ਹ ਮੋਰਚੇ ਦਾ ਦੂਜਾ ਦਿਨ: ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ, ‘ਮੰਗਾਂ ਦੀ ਅਣਦੇਖੀ ਹੋਈ ਤਾਂ ਲਵਾਂਗੇ ਸਖ਼ਤ ਫ਼ੈਸਲੇ’
ਸੰਯੁਕਤ ਕਿਸਾਨ ਮੋਰਚਾ ਦਾ ਚੰਡੀਗੜ੍ਹ ਸੈਕਟਰ 48-ਸੀ ਵਿੱਚ ਚੱਲ ਰਿਹਾ ਮੋਰਚਾ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ। ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਚੁੱਪ ’ਤੇ ਸਖ਼ਤ ਰੋਸ ਜਤਾਉਂਦਿਆਂ ਕਿਹਾ ਕਿ ਮੰਗਾਂ ਦੀ ਅਣਦੇਖੀ ਉਨ੍ਹਾਂ ਨੂੰ ਸਖ਼ਤ ਫ਼ੈਸਲੇ ਲੈਣ ਲਈ ਮਜਬੂਰ ਕਰ ਸਕਦੀ ਹੈ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਦੇ ਸੈਕਟਰ 48-ਸੀ ਵਿੱਚ ਲਾਇਆ ਗਿਆ ਮੋਰਚਾ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ। ਮੋਰਚੇ ਦੇ ਦੂਜੇ ਦਿਨ ਕਿਸਾਨਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਹੋਈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਦਰਜਨਾਂ ਟਰੈਕਟਰ-ਟਰਾਲੀਆਂ ’ਤੇ ਸਵਾਰ ਹੋ ਕੇ ਮੋਰਚੇ ਵਿੱਚ ਪਹੁੰਚੇ।
ਕਿਸਾਨ ਜਥੇਬੰਦੀਆਂ ਦੇ ਝੰਡਿਆਂ ਨਾਲ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਪੰਡਾਲ ਵਿੱਚ ਪਹੁੰਚੇ ਅਤੇ ਵੱਖ-ਵੱਖ ਬੁਲਾਰਿਆਂ ਦੇ ਵਿਚਾਰ ਸੁਣੇ। ਮੋਰਚੇ ਵਿੱਚ ਕਿਸਾਨਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਜਤਾਈ।
‘ਦੋਵੇਂ ਸਰਕਾਰਾਂ ਨੇ ਕਿਸਾਨੀ ਤੇ ਪਾਣੀਆਂ ਦੇ ਮੁੱਦਿਆਂ ਤੋਂ ਵੱਟੀ ਘੇਸ’
ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਿਸਾਨੀ, ਖੇਤੀਬਾੜੀ ਅਤੇ ਪਾਣੀਆਂ ਨਾਲ ਜੁੜੇ ਮਸਲਿਆਂ ਦੇ ਹੱਲ ਪ੍ਰਤੀ ਚੁੱਪ ਧਾਰੀ ਹੋਈ ਹੈ।
ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਰਕਾਰਾਂ ਦੇ ਸਾਹਮਣੇ ਰੱਖੀਆਂ ਜਾ ਰਹੀਆਂ ਹਨ, ਪਰ ਉਨ੍ਹਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਅਜਿਹਾ ਰਵੱਈਆ ਸੰਯੁਕਤ ਕਿਸਾਨ ਮੋਰਚੇ ਨੂੰ ਆਉਣ ਵਾਲੇ ਸਮੇਂ ਵਿੱਚ ਸਖ਼ਤ ਫ਼ੈਸਲੇ ਲੈਣ ਲਈ ਮਜਬੂਰ ਕਰ ਸਕਦਾ ਹੈ।
ਪਾਣੀਆਂ, ਫਰੀ ਟਰੇਡ ਸਮਝੌਤੇ ਅਤੇ ਕਰਜ਼ਾ ਮੁਕਤੀ ਸਮੇਤ ਕਈ ਮੰਗਾਂ
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਪਾਣੀਆਂ ਦੇ ਸੰਕਟ ਦੇ ਹੱਲ, ਫਰੀ ਟਰੇਡ ਸਮਝੌਤੇ ਨੂੰ ਰੱਦ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਵੱਖ-ਵੱਖ ਸਮੇਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤੇ ਗਏ ਹਨ।
ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਸਰਕਾਰਾਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ। ਇਸ ਕਾਰਨ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਮੋਰਚਾ ਲਗਾਉਣ ਲਈ ਮਜਬੂਰ ਹੋਣਾ ਪਿਆ।
ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਚੰਡੀਗੜ੍ਹ ਅਤੇ ਮੋਹਾਲੀ ਦੀਆਂ ਸੜਕਾਂ ’ਤੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਜਦਕਿ ਦੂਜੇ ਪਾਸੇ ਸਰਕਾਰਾਂ ਵੱਲੋਂ ਕੋਈ ਠੋਸ ਜਵਾਬ ਨਹੀਂ ਦਿੱਤਾ ਜਾ ਰਿਹਾ।
ਗਵਰਨਰ ਅਤੇ ਪੰਜਾਬ ਸਰਕਾਰ ਨੂੰ ਭੇਜੇ ਸਨ ਮੰਗ ਪੱਤਰ
ਸੰਯੁਕਤ ਕਿਸਾਨ ਮੋਰਚਾ ਮੁਤਾਬਕ ਚੰਡੀਗੜ੍ਹ ਮੋਰਚਾ ਸ਼ੁਰੂ ਕਰਨ ਤੋਂ ਪਹਿਲਾਂ ਗਵਰਨਰ ਪੰਜਾਬ ਰਾਹੀਂ ਕੇਂਦਰ ਸਰਕਾਰ ਅਤੇ DIG ਨਾਨਕ ਸਿੰਘ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ ਸਨ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਦੋਵੇਂ ਪਾਸਿਆਂ ਤੋਂ ਹਾਲੇ ਤੱਕ ਕੋਈ ਜਵਾਬ ਨਹੀਂ ਮਿਲਿਆ। ਇਸੇ ਕਾਰਨ ਮੋਰਚੇ ਵਿੱਚ ਸ਼ਾਮਲ ਕਿਸਾਨਾਂ ਵਿੱਚ ਸਰਕਾਰਾਂ ਪ੍ਰਤੀ ਰੋਸ ਵਧ ਰਿਹਾ ਹੈ।
4 ਸਤੰਬਰ ਦੀ ਮੀਟਿੰਗ ’ਚ ਤੈਅ ਹੋਵੇਗੀ ਅਗਲੀ ਰਣਨੀਤੀ
ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀ ਮੀਟਿੰਗ ਵਿੱਚ ਦੋਵੇਂ ਸਰਕਾਰਾਂ ਦੇ ਰਵੱਈਏ ’ਤੇ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਮੋਰਚੇ ਦੀ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰੇ ਲਈ 4 ਸਤੰਬਰ ਨੂੰ ਅਹਿਮ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਮੋਰਚੇ ਵੱਲੋਂ ਸਾਰੇ ਸੀਨੀਅਰ ਆਗੂਆਂ ਨੂੰ 4 ਸਤੰਬਰ ਦੀ ਮੀਟਿੰਗ ਵਿੱਚ ਹਾਜ਼ਰ ਰਹਿਣ ਲਈ ਅੰਦਰੂਨੀ ਸੁਨੇਹਾ ਵੀ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਭਵਿੱਖੀ ਰਣਨੀਤੀ ਸਬੰਧੀ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ।
ਅਜਮੇਰ ਸਿੰਘ ਸਮਰਾ ਨੂੰ ਸ਼ਰਧਾਂਜਲੀ
ਮੋਰਚੇ ਦੌਰਾਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਿਸਾਨ-ਮਜ਼ਦੂਰ ਲਹਿਰ ਦੇ ਆਗੂ ਅਜਮੇਰ ਸਿੰਘ ਸਮਰਾ ਦੇ ਦੇਹਾਂਤ ਦੀ ਖ਼ਬਰ ਮਿਲਣ ’ਤੇ ਪੰਡਾਲ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਕਿਸਾਨ ਆਗੂਆਂ ਨੇ ਉਨ੍ਹਾਂ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਲਹਿਰ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ।
ਇਨ੍ਹਾਂ ਆਗੂਆਂ ਨੇ ਕੀਤਾ ਸੰਬੋਧਨ
ਮੋਰਚੇ ਦੇ ਦੂਜੇ ਦਿਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ, ਗੁਰਦੀਪ ਸਿੰਘ ਰਾਮਪੁਰਾ, ਬੂਟਾ ਸਿੰਘ ਬੁਰਜ ਗਿੱਲ, ਸੁਖਦੇਵ ਸਿੰਘ ਅਰਾਈਆਂ ਵਾਲਾ, ਪਵਿੱਤਰ ਸਿੰਘ ਲਾਲੀ, ਕੰਵਲਪ੍ਰੀਤ ਸਿੰਘ ਪੰਨੂ, ਡਾ. ਸਤਨਾਮ ਸਿੰਘ ਅਜਨਾਲਾ, ਮਹਾਂਵੀਰ ਸਿੰਘ ਗਿੱਲ, ਅਵਤਾਰ ਸਿੰਘ ਮਹਿਮਾ, ਅਵਤਾਰ ਸਿੰਘ ਮੇਹਲੋਂ, ਰਘਵੀਰ ਸਿੰਘ ਮਹਿਰਵਾਲ, ਮਲੂਕ ਸਿੰਘ ਹੀਰ ਕੇ, ਬਲਵਿੰਦਰ ਸਿੰਘ ਰਾਜੂ ਔਲਖ, ਸੁਰਜੀਤ ਸਿੰਘ ਭਾਦਸੋਂ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਸੁਖਮੰਦਰ ਸਿੰਘ, ਪ੍ਰੇਮ ਸਿੰਘ ਭੰਗੂ, ਸੁਖਦੇਵ ਸਿੰਘ ਅਰਾਈਆਂਵਾਲਾ ਅਤੇ ਪ੍ਰਗਟ ਸਿੰਘ ਨੇ ਸੰਬੋਧਨ ਕੀਤਾ।
ਸਟੇਜ ਦਾ ਸੰਚਾਲਨ ਅੰਗਰੇਜ਼ ਸਿੰਘ ਭਦੌੜ, ਪਵਨ ਸੋਗਲਪੁਰ, ਮੁਕੇਸ਼ ਚੰਦਰ ਸ਼ਰਮਾ, ਦਰਸ਼ਨ ਸਿੰਘ ਜਟਾਣਾ ਅਤੇ ਹਰਭਜਨ ਸਿੰਘ ਧੂਹੜ ਵੱਲੋਂ ਕੀਤਾ ਗਿਆ।
ਮੋਰਚੇ ਦੇ ਦੂਜੇ ਦਿਨ ਕਿਸਾਨਾਂ ਦੀ ਵਧੀ ਗਿਣਤੀ ਅਤੇ ਆਗੂਆਂ ਵੱਲੋਂ ਸਖ਼ਤ ਰੁਖ ਅਪਣਾਏ ਜਾਣ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ 4 ਸਤੰਬਰ ਦੀ ਮੀਟਿੰਗ ’ਤੇ ਟਿਕੀਆਂ ਹਨ, ਜਿੱਥੇ ਅਗਲੇ ਸੰਘਰਸ਼ ਦੀ ਰਣਨੀਤੀ ਬਾਰੇ ਫ਼ੈਸਲਾ ਹੋ ਸਕਦਾ ਹੈ।
