ਚੰਨੀ ਦਾ ਦਾਅਵਾ: ਜੋੜਾਮਾਜਰਾ-ਪਠਾਣਮਾਜਰਾ ਸਮੇਤ 45 ‘ਆਪ’ ਵਿਧਾਇਕ ਛੱਡਣਗੇ ਪਾਰਟੀ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਵਿੱਚ ਦਾਅਵਾ ਕੀਤਾ ਕਿ ਚੇਤਨ ਸਿੰਘ ਜੋੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਸਮੇਤ ਲਗਭਗ 45 ਵਿਧਾਇਕ ਆਮ ਆਦਮੀ ਪਾਰਟੀ ਛੱਡਣ ਲਈ ਤਿਆਰ ਹਨ। ਉਨ੍ਹਾਂ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨਾਲ ਕਾਂਗਰਸ ਦੀ ਚੋਣ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ।

ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਲਗਭਗ 45 ਵਿਧਾਇਕ ਪਾਰਟੀ ਛੱਡਣ ਲਈ ਤਿਆਰ ਬੈਠੇ ਹਨ। ਉਨ੍ਹਾਂ ਨੇ ਚੇਤਨ ਸਿੰਘ ਜੋੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਦੇ ਅਸਤੀਫ਼ਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ‘ਆਪ’ ਵਿੱਚ ਆਉਣ ਵਾਲੇ ਸਮੇਂ ਦੌਰਾਨ ਹੋਰ ਵੀ ਵੱਡੀ ਸਿਆਸੀ ਉਥਲ-ਪੁਥਲ ਹੋ ਸਕਦੀ ਹੈ।
ਚਰਨਜੀਤ ਸਿੰਘ ਚੰਨੀ ਨੇ ਇਹ ਬਿਆਨ ਬਰਨਾਲਾ ਵਿੱਚ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਘਰ ਪਹੁੰਚ ਕੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਮੁਹੰਮਦ ਸਦੀਕ ਵੀ ਮੌਜੂਦ ਸਨ।
'ਕੇਜਰੀਵਾਲ ਦੇ 40 ਚੋਰ ਹਨ ਇਹ ਵਿਧਾਇਕ'
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ ਦਾ ਜਵਾਬ ਦਿੰਦਿਆਂ ਚੰਨੀ ਨੇ ਆਮ ਆਦਮੀ ਪਾਰਟੀ ਵੱਲੋਂ ਐਲਾਨੇ 40 ਉਮੀਦਵਾਰਾਂ ’ਤੇ ਵੀ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਹ 40 ਵਿਧਾਇਕ ਨਹੀਂ, ਸਗੋਂ ਕੇਜਰੀਵਾਲ ਦੇ 40 ਚੋਰ ਹਨ, ਜੋ ਪਿੱਠੂ ਬਣ ਕੇ ਕਮਾਈ ਕਰ ਰਹੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਅੰਦਰ ਵੱਡੀ ਬੇਚੈਨੀ ਹੈ ਅਤੇ ਲਗਭਗ 45 ਆਗੂ ਪਾਰਟੀ ਛੱਡਣ ਦੀ ਤਿਆਰੀ ਵਿੱਚ ਹਨ। ਚੰਨੀ ਨੇ ਕਿਹਾ, “ਜਿਵੇਂ ਜਹਾਜ਼ ਡੁੱਬਣ ਵੇਲੇ ਸਭ ਤੋਂ ਪਹਿਲਾਂ ਲੋਕ ਭੱਜਦੇ ਹਨ, ਉਵੇਂ ਹੀ ਜੋੜਾਮਾਜਰਾ ਅਤੇ ਪਠਾਣਮਾਜਰਾ ਸਮੇਤ ਲਗਭਗ 45 ਆਗੂ ‘ਆਪ’ ਛੱਡਣ ਲਈ ਤਿਆਰ ਬੈਠੇ ਹਨ। ਇਹ ਗੁਬਾਰਾ ਬਹੁਤ ਛੇਤੀ ਫੁੱਟਣ ਵਾਲਾ ਹੈ।”
4 ਨਵੰਬਰ ਨੂੰ ਰਾਹੁਲ ਗਾਂਧੀ ਕਰਨਗੇ ਸੰਗਰੂਰ ਰੈਲੀ
ਚੰਨੀ ਨੇ ਐਲਾਨ ਕੀਤਾ ਕਿ 4 ਨਵੰਬਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਸੰਗਰੂਰ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਪਹੁੰਚਣਗੇ। ਇਸ ਰੈਲੀ ਨਾਲ ਪੰਜਾਬ ਵਿੱਚ ਕਾਂਗਰਸ ਆਪਣੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਦਾ ਆਗਾਜ਼ ਕਰੇਗੀ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦਾ ਸ਼ਾਸਨ ਮੁੱਖ ਮੰਤਰੀ ਭਗਵੰਤ ਮਾਨ ਨਹੀਂ, ਬਲਕਿ ਦਿੱਲੀ ਵਿੱਚ ਬੈਠੇ ਆਗੂ ਚਲਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਤੇ ਮੰਤਰੀਆਂ ਨਾਲ ਦਿੱਲੀ ਦੇ ਆਗੂ ਤਾਇਨਾਤ ਕੀਤੇ ਹੋਏ ਹਨ।
ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਭਰਮਾਰ, ਗੈਂਗਸਟਰਵਾਦ, ਗੈਰ-ਕਾਨੂੰਨੀ ਮਾਈਨਿੰਗ ਅਤੇ ਪੁਲਿਸ ਦੀ ਧੱਕੇਸ਼ਾਹੀ ਵਧ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵੀ ਗੰਭੀਰ ਸਮੱਸਿਆ ਬਣ ਚੁੱਕਾ ਹੈ। ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਜਾਵੇਗੀ।
ਝੋਨੇ ਦੀ ਚੁਕਾਈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੁੱਦਾ ਚੁੱਕਿਆ
ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਝੋਨੇ ਦੀ ਚੁਕਾਈ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ ਅਤੇ ਉਨ੍ਹਾਂ ਦੀਆਂ ਚੋਰੀ ਹੋਈਆਂ ਟਰਾਲੀਆਂ ਤੱਕ ਵਾਪਸ ਨਹੀਂ ਮਿਲੀਆਂ।
ਉਨ੍ਹਾਂ ਨੇ ਪਰਮਿੰਦਰ ਸਿੰਘ ਝੋਟਾ ਦੀ ਮੌਤ, ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਅਤੇ ਮੋੜਜੀਤ ’ਤੇ ਹੋਏ ਕਥਿਤ ਤਸ਼ੱਦਦ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਵੋਟ ਚੋਰੀ ਦੇ ਮੁੱਦੇ ’ਤੇ ਭਾਜਪਾ ਨੂੰ ਘੇਰਿਆ
ਚੰਨੀ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਰੈਲੀ ਦਾ ਜ਼ਿਕਰ ਕਰਦਿਆਂ ਭਾਜਪਾ ’ਤੇ ਵੋਟਾਂ ਕਟਵਾਉਣ ਅਤੇ ਵੋਟ ਚੋਰੀ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਦੀਆਂ ਨਾਕਾਮੀਆਂ ਅਤੇ ਕਥਿਤ ਵੋਟ ਚੋਰੀ ਦੇ ਖ਼ਿਲਾਫ਼ ਲੋਕ ਰਾਹੁਲ ਗਾਂਧੀ ਦੇ ਨਾਲ ਖੜ੍ਹੇ ਹਨ।
ਉਨ੍ਹਾਂ ਦੱਸਿਆ ਕਿ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲਦ ਹੀ ਸਕ੍ਰੀਨਿੰਗ ਕਮੇਟੀ ਬਣਾਈ ਜਾਵੇਗੀ ਅਤੇ ਇਸ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।

