ਸੰਸਦ ਭਵਨ ਬਾਹਰ ਕਾਂਗਰਸੀ ਸੰਸਦ ਮੈਂਬਰਾਂ ਦਾ ਪੇਪਰ ਲੀਕ ਮਾਮਲੇ 'ਤੇ ਪ੍ਰਦਰਸ਼ਨ, CM ਮਾਨ ਤੋਂ 5 ਲੱਖ ਪ੍ਰਭਾਵਿਤ ਵਿਦਿਆਰਥੀਆਂ ਤੋਂ ਮਾਫ਼ੀ ਮੰਗਣ ਦੀ ਮੰਗ
ਪੰਜਾਬ ਵਿੱਚ ਹੋਏ ਪੇਪਰ ਲੀਕ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਬਾਹਰ ਪ੍ਰਦਰਸ਼ਨ ਕੀਤਾ। ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਪੇਪਰ ਲੀਕ ਮਾਮਲੇ ਵਿੱਚ ਗੁੰਮਰਾਹ ਕਰਨ ਦੇ ਦੋਸ਼ ਲਗਾਉਂਦਿਆਂ ਪ੍ਰਭਾਵਿਤ ਵਿਦਿਆਰਥੀਆਂ ਤੋਂ ਮਾਫ਼ੀ ਮੰਗਣ ਅਤੇ ਸਬੰਧਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ।

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਵਿੱਚ ਹੋਏ ਪੇਪਰ ਲੀਕ ਮਾਮਲਿਆਂ ਅਤੇ ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਮਾਫ਼ੀ ਮੰਗਣ ਦੀ ਮੰਗ ਕੀਤੀ।
ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਸ਼ੇਰ ਸਿੰਘ ਘੁਬਾਇਆ ਸ਼ਾਮਲ ਹੋਏ। ਸੰਸਦ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਪੰਜਾਬ ਵਿੱਚ ਪੇਪਰ ਲੀਕ ਕਾਰਨ ਪ੍ਰਭਾਵਿਤ ਹੋਏ ਲਗਭਗ 5 ਲੱਖ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।
ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਛੇ ਪੇਪਰ ਲੀਕ ਹੋਏ ਹਨ ਅਤੇ ਇਨ੍ਹਾਂ ਮਾਮਲਿਆਂ ਵਿੱਚ ਐਫ਼ਆਈਆਰਾਂ ਵੀ ਦਰਜ ਕੀਤੀਆਂ ਗਈਆਂ ਹਨ।
ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਪੇਪਰ ਲੀਕ ਨਹੀਂ ਹੋਏ, ਤਾਂ ਫਿਰ ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਵੱਲੋਂ ਕੇਸ ਕਿਉਂ ਦਰਜ ਕੀਤੇ ਗਏ? ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਕਾਰਨ ਲਗਭਗ 5 ਲੱਖ ਵਿਦਿਆਰਥੀ ਅਤੇ ਨੌਕਰੀ ਦੇ ਚਾਹਵਾਨ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦਾ ਭਵਿੱਖ ਦਾਅ 'ਤੇ ਲੱਗ ਗਿਆ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਜਾਂ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਇਹ ਸਮਝਦੀ ਹੈ ਕਿ ਇਹ ਮਾਮਲਾ ਦਬਾ ਦਿੱਤਾ ਜਾਵੇਗਾ, ਤਾਂ ਇਹ ਉਨ੍ਹਾਂ ਦੀ ਵੱਡੀ ਭੁੱਲ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਵਿੱਚ ਜ਼ਿੰਮੇਵਾਰ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ।
ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਪੇਪਰ ਲੀਕ ਕਾਰਨ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਜਨਤਕ ਤੌਰ 'ਤੇ ਮਾਫ਼ੀ ਮੰਗਣ। ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸਬੰਧਤ ਮੰਤਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਜਾਂ ਨੈਤਿਕ ਜ਼ਿੰਮੇਵਾਰੀ ਸਵੀਕਾਰਦਿਆਂ ਉਹ ਖੁਦ ਅਸਤੀਫ਼ਾ ਦੇਣ।
ਕਾਂਗਰਸੀ ਸੰਸਦ ਮੈਂਬਰਾਂ ਨੇ ਇਹ ਵੀ ਦੋਸ਼ ਲਗਾਇਆ ਕਿ ਬਰਨਾਲਾ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਲੋਕਤੰਤਰਿਕ ਹੱਕਾਂ ਦਾ ਹਨਨ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਵੀ ਮੁੱਖ ਮੰਤਰੀ ਤੋਂ ਮੁਆਫ਼ੀ ਮੰਗਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।
ਕਾਂਗਰਸ ਨੇ ਸਪੱਸ਼ਟ ਕੀਤਾ ਕਿ ਪੇਪਰ ਲੀਕ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਵਾਉਣ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਮਿਲਣ ਤੱਕ ਉਸਦਾ ਸੰਘਰਸ਼ ਜਾਰੀ ਰਹੇਗਾ।