ਧੂਰੀ ’ਚ ਮੁੜ ਟੈਂਕੀ ’ਤੇ ਚੜ੍ਹੇ 4 ਦਿਵਿਆਂਗ, 42 ਦਿਨਾਂ ਤੋਂ ਧਰਨਾ ਜਾਰੀ; ਸਰਕਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਦੀ ਚਿਤਾਵਨੀ
ਧੂਰੀ ਦੇ ਏਪੀ ਐਨਕਲੇਵ ਨੇੜੇ ਪਾਣੀ ਦੀ ਟੈਂਕੀ ’ਤੇ ਚਾਰ ਦਿਵਿਆਂਗ ਮੁੜ ਚੜ੍ਹ ਗਏ ਹਨ। ਦਿਵਿਆਂਗ ਆਗੂਆਂ ਦਾ ਕਹਿਣਾ ਹੈ ਕਿ ਕਰੀਬ 42 ਦਿਨਾਂ ਤੋਂ ਧਰਨਾ ਦੇਣ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਮੰਗਾਂ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ ਹੈ।
ਆਪਣੀਆਂ ਮੰਗਾਂ ਨੂੰ ਲੈ ਕੇ ਦਿਵਿਆਂਗਾਂ ਦਾ ਸੰਘਰਸ਼ ਮੁੜ ਤਿੱਖਾ ਹੋ ਗਿਆ ਹੈ। ਧੂਰੀ ਦੇ ਏਪੀ ਐਨਕਲੇਵ ਨੇੜੇ ਸਥਿਤ ਪਾਣੀ ਦੀ ਟੈਂਕੀ ’ਤੇ ਚਾਰ ਦਿਵਿਆਂਗ ਮੁੜ ਚੜ੍ਹ ਗਏ ਹਨ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਵਿੱਚ ਵੀ ਹਲਚਲ ਦੇਖਣ ਨੂੰ ਮਿਲੀ ਹੈ।
ਦਿਵਿਆਂਗ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਬਜਾਏ ਸਿਰਫ਼ ਭਰੋਸੇ ਦੇ ਰਹੀ ਹੈ। ਸੂਬਾ ਪ੍ਰਧਾਨ ਲਾਭ ਹੀਰਾ ਨੇ ਕਿਹਾ ਕਿ ਦਿਵਿਆਂਗ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 42 ਦਿਨਾਂ ਤੋਂ ਲਗਾਤਾਰ ਧਰਨਾ ਦੇ ਰਹੇ ਹਨ, ਪਰ ਅਜੇ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ।
ਲਾਭ ਹੀਰਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਧਰਨਾ ਦੇਣ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ਕਾਰਨ ਦਿਵਿਆਂਗਾਂ ਨੂੰ ਮੁੜ ਟੈਂਕੀ ’ਤੇ ਚੜ੍ਹਨ ਵਰਗਾ ਸਖ਼ਤ ਕਦਮ ਚੁੱਕਣਾ ਪਿਆ ਹੈ।
ਦਿਵਿਆਂਗ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ। ਉਨ੍ਹਾਂ ਸਰਕਾਰ ਤੋਂ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ ਕੀਤੀ ਹੈ।
