ਹੁਸ਼ਿਆਰਪੁਰ ’ਚ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ
ਹੁਸ਼ਿਆਰਪੁਰ ਵਿੱਚ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਅੱਜ ਸਵੇਰੇ ਕੇਂਦਰੀ ਜਾਂਚ ਏਜੰਸੀਆਂ ਨੇ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ CRPF ਦੇ ਜਵਾਨ ਤਾਇਨਾਤ ਰਹੇ। ਛਾਪੇਮਾਰੀ ਦੇ ਕਾਰਨਾਂ ਬਾਰੇ ਅਜੇ ਤੱਕ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।
ਹੁਸ਼ਿਆਰਪੁਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਅੱਜ ਸਵੇਰੇ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਟੀਮ ਸਵੇਰੇ ਕਰੀਬ 5 ਤੋਂ 5:50 ਵਜੇ ਦੇ ਵਿਚਕਾਰ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਘਰ ਪਹੁੰਚੀ। ਇਸ ਕਾਰਵਾਈ ਦੌਰਾਨ ਸੀਆਰਪੀਐੱਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।
ਰਿਪੋਰਟਾਂ ਮੁਤਾਬਕ, ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਘਰ ਵਿੱਚ ਦਸਤਾਵੇਜ਼ਾਂ ਦੀ ਜਾਂਚ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਕੁਝ ਮੀਡੀਆ ਰਿਪੋਰਟਾਂ ਵਿੱਚ ਇਨਕਮ ਟੈਕਸ ਵਿਭਾਗ ਦੀ ਟੀਮ ਦੇ ਵੀ ਕਾਰਵਾਈ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।
ਜਾਂਚ ਦਾ ਕਾਰਨ ਅਜੇ ਸਪੱਸ਼ਟ ਨਹੀਂ
ਫਿਲਹਾਲ ਕੇਂਦਰੀ ਏਜੰਸੀਆਂ ਵੱਲੋਂ ਇਸ ਛਾਪੇਮਾਰੀ ਦੇ ਅਸਲ ਕਾਰਨਾਂ ਜਾਂ ਕਿਸੇ ਖ਼ਾਸ ਮਾਮਲੇ ਬਾਰੇ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਸੁੰਦਰ ਸ਼ਾਮ ਅਰੋੜਾ ਪਹਿਲਾਂ ਵੀ ਵੱਖ-ਵੱਖ ਜਾਂਚ ਏਜੰਸੀਆਂ ਦੀ ਕਾਰਵਾਈ ਦਾ ਸਾਹਮਣਾ ਕਰ ਚੁੱਕੇ ਹਨ। ਤਾਜ਼ਾ ਛਾਪੇਮਾਰੀ ਦੌਰਾਨ ਕੀ ਕੁਝ ਸਾਹਮਣੇ ਆਉਂਦਾ ਹੈ, ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

