The Punjab Inside
Friday, 20 November 2026Admin Login
Punjab

ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੂੰ ED ਦਾ ਸੰਮਨ, 25 ਨਵੰਬਰ ਨੂੰ ਪੁੱਛਗਿੱਛ

ਜ਼ਮੀਨੀ ਘੁਟਾਲੇ ਦੀ ਜਾਂਚ ਕਰ ਰਹੀ ਈਡੀ ਨੇ ਮੋਗਾ ਦੀ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਮਾਮਲੇ ਵਿੱਚ 1.01 ਕਰੋੜ ਰੁਪਏ ਦੇ ਮੁਆਵਜ਼ੇ ਅਤੇ ਸਰਕਾਰੀ ਜ਼ਮੀਨਾਂ ਦੀ ਕਥਿਤ ਹੇਰਾਫੇਰੀ ਦੀ ਜਾਂਚ ਕੀਤੀ ਜਾ ਰਹੀ ਹੈ।

ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੂੰ ED ਦਾ ਸੰਮਨ, 25 ਨਵੰਬਰ ਨੂੰ ਪੁੱਛਗਿੱਛ
Punjab Inside Team
Share:

ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਕਥਿਤ ਜ਼ਮੀਨੀ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸੂਤਰਾਂ ਅਨੁਸਾਰ ਵਿਧਾਇਕਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਈਡੀ ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਏਜੰਸੀ ਨੇ ਜਾਂਚ ਅਧੀਨ ਜਾਇਦਾਦਾਂ ਸਬੰਧੀ ਹੋਰ ਜਾਣਕਾਰੀ ਅਤੇ ਦਸਤਾਵੇਜ਼ ਮੰਗੇ ਹਨ। ਵਿਧਾਇਕਾ ਨੂੰ ਪੇਸ਼ੀ ਦੌਰਾਨ ਇਨ੍ਹਾਂ ਜਾਇਦਾਦਾਂ ਨਾਲ ਸਬੰਧਤ ਸਾਰੇ ਰਿਕਾਰਡ ਨਾਲ ਲਿਆਉਣ ਦੀ ਹਦਾਇਤ ਕੀਤੀ ਗਈ ਹੈ।

1.01 ਕਰੋੜ ਰੁਪਏ ਦੇ ਮੁਆਵਜ਼ੇ ’ਚ ਕਥਿਤ ਹੇਰਾਫੇਰੀ

ਈਡੀ ਨੇ ਪਹਿਲਾਂ ਦੋਸ਼ ਲਾਇਆ ਸੀ ਕਿ ਕੌਮੀ ਸ਼ਾਹਰਾਹ ਲਈ ਐਕੁਆਇਰ ਕੀਤੀ ਗਈ ਜ਼ਮੀਨ ਦਾ 1.01 ਕਰੋੜ ਰੁਪਏ ਦਾ ਸਰਕਾਰੀ ਮੁਆਵਜ਼ਾ ਮਾਲ ਰਿਕਾਰਡ ਵਿੱਚ ਕਥਿਤ ਹੇਰਾਫੇਰੀ ਕਰਕੇ ਹਾਸਲ ਕੀਤਾ ਗਿਆ। ਮੁਹਾਲੀ ਦੀ ਫੋਰੈਂਸਿਕ ਲੈਬ ਵਿੱਚ ਇੰਤਕਾਲ ’ਤੇ ਕੀਤੇ ਗਏ ਦਸਤਖ਼ਤ ਜਾਅਲੀ ਹੋਣ ਦੀ ਪੁਸ਼ਟੀ ਹੋਣ ਦਾ ਦਾਅਵਾ ਵੀ ਕੀਤਾ ਗਿਆ ਹੈ। ਇਹ ਰਕਮ ਦਿਲਖੁਸ਼ ਕੁਮਾਰੀ ਦੇ ਬੈਂਕ ਖਾਤੇ ਵਿੱਚ ਜਮ੍ਹਾਂ ਹੋਈ ਸੀ, ਜਿਸ ਨੂੰ ਬਾਅਦ ਵਿੱਚ ਜਾਮ ਕਰ ਦਿੱਤਾ ਗਿਆ।

ਸਰਕਾਰੀ ਜ਼ਮੀਨਾਂ ਦੀ ਮਾਲਕੀ ਤਬਦੀਲ ਕਰਨ ਦੇ ਵੀ ਦੋਸ਼

ਈਡੀ ਦੀ ਜਾਂਚ ਦੌਰਾਨ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਨਗਰ ਨਿਗਮ ਦੀਆਂ ਜਾਇਦਾਦਾਂ ਦੀ ਕਥਿਤ ਧੋਖਾਧੜੀ ਨਾਲ ਮਾਲਕੀ ਤਬਦੀਲ ਕਰਨ ਦੇ ਮਾਮਲੇ ਵੀ ਸਾਹਮਣੇ ਆਏ ਹਨ।

ਜਾਂਚ ਅਧੀਨ ਜਾਇਦਾਦਾਂ ਵਿੱਚ ਜ਼ੀਰਾ ਰੋਡ ’ਤੇ ਕੇਂਦਰ ਸਰਕਾਰ ਦੀ 13 ਮਰਲੇ ਜ਼ਮੀਨ, ਸਿਵਲ ਲਾਈਨਜ਼ ਵਿਖੇ ਪੰਜਾਬ ਸਰਕਾਰ ਦੀ 7 ਮਰਲੇ ਜ਼ਮੀਨ, ਰੇਲਵੇ ਰੋਡ ’ਤੇ ਮਾਰਕੀਟ ਕਮੇਟੀ ਦੀ 6 ਮਰਲੇ ਜ਼ਮੀਨ ਅਤੇ ਮੋਗਾ ਦੇ ਮਹਿਲਾ ਸਿੰਘ-3 ਇਲਾਕੇ ਵਿੱਚ ਨਗਰ ਨਿਗਮ ਦੀ 3 ਕਨਾਲ 16 ਮਰਲੇ ਜ਼ਮੀਨ ਸ਼ਾਮਲ ਦੱਸੀ ਗਈ ਹੈ।

ਇਸ ਤੋਂ ਇਲਾਵਾ ਯੂਨਾਈਟਿਡ ਚਰਚ ਆਫ਼ ਨਾਰਦਰਨ ਇੰਡੀਆ ਟਰੱਸਟ ਐਸੋਸੀਏਸ਼ਨ ਦੀ 52 ਮਰਲੇ 8 ਸਰਸਾਹੀ ਜ਼ਮੀਨ ਦੇ ਕਥਿਤ ਧੋਖਾਧੜੀ ਵਾਲੇ ਤਬਾਦਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਈਡੀ ਨੂੰ ਸ਼ੱਕ ਹੈ ਕਿ ਮਾਲ ਰਿਕਾਰਡ ਵਿੱਚ ਕਥਿਤ ਹੇਰਾਫੇਰੀ ਅਤੇ ਜਾਅਲੀ ਦਸਤਾਵੇਜ਼ਾਂ ਦੀ ਮਦਦ ਨਾਲ ਇਹ ਜਾਇਦਾਦਾਂ ਵਿਧਾਇਕਾ ਦੇ ਰਿਸ਼ਤੇਦਾਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਦੇ ਨਾਂ ’ਤੇ ਹਾਸਲ ਜਾਂ ਤਬਦੀਲ ਕੀਤੀਆਂ ਗਈਆਂ। ਦੂਜੇ ਪਾਸੇ, ਵਿਧਾਇਕਾ ਪਹਿਲਾਂ ਦਾਅਵਾ ਕਰ ਚੁੱਕੀ ਹੈ ਕਿ ਈਡੀ ਨੂੰ ਉਨ੍ਹਾਂ ਖ਼ਿਲਾਫ਼ ਕੁਝ ਨਹੀਂ ਮਿਲਿਆ ਅਤੇ ਉਨ੍ਹਾਂ ’ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਹੈ।

ਵਿਧਾਇਕਾ ਦੀ ਰਿਹਾਇਸ਼ ਸਮੇਤ 7 ਟਿਕਾਣਿਆਂ ’ਤੇ ਹੋਈ ਸੀ ਛਾਪੇਮਾਰੀ

ਵਿਧਾਇਕਾ ਨੂੰ ਸੰਮਨ ਜਾਰੀ ਕਰਨ ਦੀ ਕਾਰਵਾਈ ਈਡੀ ਵੱਲੋਂ ਸੱਤ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਕਰੀਬ 36 ਘੰਟਿਆਂ ਦੀ ਛਾਪੇਮਾਰੀ ਤੋਂ ਕੁਝ ਦਿਨ ਬਾਅਦ ਹੋਈ ਹੈ। ਇਨ੍ਹਾਂ ਥਾਵਾਂ ਵਿੱਚ ਮੋਗਾ ਸਥਿਤ ਵਿਧਾਇਕਾ ਦੀ ਰਿਹਾਇਸ਼, ‘ਆਈਕਾਨ ਹਾਈਟਸ’ ਵਿੱਚ ਇੱਕ ਫਲੈਟ ਅਤੇ ਉਨ੍ਹਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਨਾਲ ਸਬੰਧਤ ਜਾਇਦਾਦਾਂ ਸ਼ਾਮਲ ਸਨ। ਇਸ ਤੋਂ ਇਲਾਵਾ ਪਰਿਵਾਰ ਦੇ ਹੋਰ ਮੈਂਬਰਾਂ ਅਤੇ ਕਰੀਬੀ ਸਾਥੀਆਂ ਨਾਲ ਜੁੜੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ ਸੀ।

ਈਡੀ ਮੁਤਾਬਕ ਛਾਪੇਮਾਰੀ ਦੌਰਾਨ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਸਨ। ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਅਤੇ ਘੋਖ ਤੋਂ ਬਾਅਦ ਹੁਣ ਡਾ. ਅਮਨਦੀਪ ਕੌਰ ਅਰੋੜਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਏਜੰਸੀ ਵੱਲੋਂ ਮਾਮਲੇ ਨਾਲ ਸਬੰਧਤ ਜਾਇਦਾਦਾਂ ਅਤੇ ਦਸਤਾਵੇਜ਼ਾਂ ਦੀ ਜਾਂਚ ਜਾਰੀ ਹੈ।