Saturday, 4 July 2026Admin Login
Punjab Politics

ਫ਼ਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਵਾਲਾ ਬੋਰਡ ਪਾੜੇ ਜਾਣ ਦਾ ਦਾਅਵਾ; 'ਆਪ' ਸਮਰਥਕਾਂ 'ਤੇ ਲੱਗੇ ਦੋਸ਼

ਸੀਸੀਟੀਵੀ ਕੈਮਰਿਆਂ ਵਿੱਚ ਘਟਨਾ ਕੈਦ ਹੋਣ ਦਾ ਦਾਅਵਾ; ਅਕਾਲੀ ਆਗੂਆਂ ਵੱਲੋਂ ਤੁਰੰਤ ਐੱਫ.ਆਈ.ਆਰ. ਦੀ ਮੰਗ

By Parmeet Singh Bidowali
Share:
ਫ਼ਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਵਾਲਾ ਬੋਰਡ ਪਾੜੇ ਜਾਣ ਦਾ ਦਾਅਵਾ; 'ਆਪ' ਸਮਰਥਕਾਂ 'ਤੇ ਲੱਗੇ ਦੋਸ਼

ਫ਼ਰੀਦਕੋਟ, 26 ਜੂਨ: ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਕਲਾਂ ਸਥਿਤ ਗੁਰਦੁਆਰਾ ਗੋਦਾਵਰੀ ਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨਾਲ ਸਬੰਧਤ ਇੱਕ ਬੋਰਡ ਨੂੰ ਕਥਿਤ ਤੌਰ 'ਤੇ ਪਾੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਿਆਸੀ ਅਤੇ ਧਾਰਮਿਕ ਮਾਹੌਲ ਗਰਮਾ ਗਿਆ ਹੈ। ਦੋਸ਼ ਲਗਾਇਆ ਗਿਆ ਹੈ ਕਿ ਇਹ ਕਾਰਵਾਈ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਕੁਝ ਵਿਅਕਤੀਆਂ ਵੱਲੋਂ ਕੀਤੀ ਗਈ, ਹਾਲਾਂਕਿ ਇਸ ਸਬੰਧੀ ਅਧਿਕਾਰਕ ਪੁਸ਼ਟੀ ਜਾਂ ਪੁਲਿਸ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਜਾਣਕਾਰੀ ਅਨੁਸਾਰ, ਇਹ ਬੋਰਡ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੇ ਮੁੱਖ ਦੁਆਰਾਂ 'ਤੇ ਲਗਾਇਆ ਗਿਆ ਸੀ। ਗੁਰਦੁਆਰਾ ਪ੍ਰਬੰਧਕਾਂ ਦਾ ਦਾਅਵਾ ਹੈ ਕਿ ਕੁਝ ਵਿਅਕਤੀਆਂ ਨੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋ ਕੇ ਇਸ ਬੋਰਡ ਨੂੰ ਪਾੜ ਦਿੱਤਾ ਅਤੇ ਜ਼ਮੀਨ 'ਤੇ ਸੁੱਟ ਦਿੱਤਾ। ਇਹ ਪੂਰੀ ਘਟਨਾ ਗੁਰਦੁਆਰਾ ਸਾਹਿਬ ਵਿਖੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਗੁਰਦੁਆਰਾ ਸਾਹਿਬ ਦੇ ਮੈਨੇਜਰ ਮੁਤਾਬਕ, ਇਹ ਬੋਰਡ ਮੁੱਖ ਗੇਟ ਦੀ ਕੰਧ 'ਤੇ ਲਗਾਇਆ ਗਿਆ ਸੀ, ਜਿਸ ਨੂੰ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਨੁਕਸਾਨ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਤੁਰੰਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅਤੇ ਫ਼ਰੀਦਕੋਟ ਪੁਲਿਸ ਨੂੰ ਐਮਰਜੈਂਸੀ ਹੈਲਪਲਾਈਨ 112 ਰਾਹੀਂ ਦੇ ਦਿੱਤੀ ਗਈ ਹੈ।

ਮੈਨੇਜਰ ਨੇ ਦੱਸਿਆ ਕਿ ਪ੍ਰਬੰਧਕਾਂ ਵੱਲੋਂ ਹੁਕਮਨਾਮੇ ਵਾਲਾ ਬੋਰਡ ਮੁੜ ਸਥਾਪਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਲਾਲੀ ਬਾਦਲ ਨੇ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਅਤੇ ਧਾਰਮਿਕ ਹੁਕਮਾਂ ਦੀ ਮਰਿਆਦਾ ਕਾਇਮ ਰੱਖਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।

ਲਾਲੀ ਬਾਦਲ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਐੱਸ.ਐੱਸ.ਪੀ. ਫ਼ਰੀਦਕੋਟ ਨੂੰ ਰਸਮੀ ਸ਼ਿਕਾਇਤ ਸੌਂਪਣਗੇ ਅਤੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਮੰਗ ਕਰਨਗੇ। ਇਸ ਖ਼ਬਰ ਦੇ ਲਿਖੇ ਜਾਣ ਤੱਕ ਪੁਲਿਸ ਵੱਲੋਂ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਜਾਂ ਮਾਮਲਾ ਦਰਜ ਕੀਤੇ ਜਾਣ ਸਬੰਧੀ ਕੋਈ ਅਧਿਕਾਰਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਸੀ।