ਸ੍ਰੀ ਅਕਾਲ ਤਖ਼ਤ ਸਾਹਿਬ ਦੇ ‘ਭਗੌੜਿਆਂ’ ਨਾਲ ਕਦੇ ਏਕਤਾ ਨਹੀਂ ਹੋਵੇਗੀ, ਗਠਜੋੜ ਕਰਨ ਵਾਲਿਆਂ ਦਾ ਵੀ ਕਰਾਂਗੇ ਵਿਰੋਧ: ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ ਨੇ ਸਾਹਨੇਵਾਲ ਵਿਖੇ ਅਕਾਲੀ ਦਲ ਪੁਨਰ-ਸੁਰਜੀਤ ਦੀ ਮੀਟਿੰਗ ਦੌਰਾਨ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜੇ ਹੋਏ ਆਗੂਆਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਭਾਜਪਾ ਵੱਲੋਂ ਅਜਿਹੇ ਆਗੂਆਂ ਨਾਲ ਗਠਜੋੜ ਕਰਨ ਦੀ ਸੂਰਤ ਵਿੱਚ ਵਿਰੋਧ ਕਰਨ ਦਾ ਐਲਾਨ ਕੀਤਾ ਅਤੇ ਐੱਸਜੀਪੀਸੀ ਚੋਣਾਂ ਕਰਵਾਉਣ ਦੀ ਮੰਗ ਵੀ ਉਠਾਈ।

ਅਕਾਲੀ ਦਲ ਦੇ ਪੁਨਰ-ਸੁਰਜੀਤ ਧੜੇ ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜੇ ਹੋਏ ਆਗੂਆਂ ਨਾਲ ਕਿਸੇ ਵੀ ਕੀਮਤ ’ਤੇ ਏਕਤਾ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਿਆਸੀ ਪਾਰਟੀ ਜਾਂ ਭਾਜਪਾ ਅਜਿਹੇ ਆਗੂਆਂ ਨਾਲ ਗਠਜੋੜ ਕਰਦੀ ਹੈ ਤਾਂ ਉਸ ਦਾ ਵੀ ਡਟ ਕੇ ਵਿਰੋਧ ਕੀਤਾ ਜਾਵੇਗਾ।
ਰੇਰੂ ਸਾਹਿਬ, ਸਾਹਨੇਵਾਲ ਵਿਖੇ ਅਕਾਲੀ ਦਲ ਪੁਨਰ-ਸੁਰਜੀਤ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ 2024 ਦੇ ਆਦੇਸ਼ਾਂ ਅਨੁਸਾਰ ਹੀ ਮੁੜ ਸੁਰਜੀਤ ਹੋਈ ਸੀ। ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਪਾਰਟੀ ਦੀਆਂ ਜੜ੍ਹਾਂ ਮਜ਼ਬੂਤ ਰੱਖਣ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਕੁਝ ਆਗੂ ਭਾਵੇਂ ਸਾਥ ਛੱਡ ਕੇ ਚਲੇ ਗਏ ਹਨ, ਪਰ ਉਹ ਖ਼ੁਦ ਮੁਸ਼ਕਲਾਂ ਤੋਂ ਘਬਰਾਉਣ ਵਾਲਿਆਂ ਵਿੱਚੋਂ ਨਹੀਂ ਹਨ ਅਤੇ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕਰਨਗੇ।
ਜਿਨ੍ਹਾਂ ਨੇ ਅਗਵਾਈ ਕਰਨ ਲਈ ਕਿਹਾ, ਉਹੀ ਪਹਿਲਾਂ ਸਾਥ ਛੱਡ ਗਏ
ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪ੍ਰਧਾਨਗੀ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੋ ਆਗੂਆਂ ਦੇ ਕਹਿਣ ’ਤੇ ਅਕਾਲੀ ਦਲ ਦੀ ਅਗਵਾਈ ਸੰਭਾਲੀ ਸੀ। ਉਨ੍ਹਾਂ ਅਨੁਸਾਰ ਸਾਬਕਾ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੀ ਕਿ ਆਪਸੀ ਵਿਵਾਦਾਂ ਕਾਰਨ ਆਗੂ ਪਾਰਟੀ ਦੀ ਅਗਵਾਈ ਨਹੀਂ ਸੰਭਾਲ ਸਕਦੇ ਅਤੇ ਪਾਰਟੀ ਖਿੱਲਰ ਜਾਵੇਗੀ, ਇਸ ਲਈ ਉਹ ਅੱਗੇ ਆਉਣ। ਇਸੇ ਤਰ੍ਹਾਂ ਰਵੀਇੰਦਰ ਸਿੰਘ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਪਾਰਟੀ ਲਈ ਕੰਮ ਕਰਨ ਅਤੇ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਆਪਣੀ ਪਹਿਲੀ ਤਕਰੀਰ ਦੌਰਾਨ ਉਨ੍ਹਾਂ ਨੇ ਸਿਆਸੀ ਤਜਰਬਾ ਨਾ ਹੋਣ ਦੀ ਗੱਲ ਆਖਦਿਆਂ ਸਾਰਿਆਂ ਤੋਂ ਸਹਿਯੋਗ ਮੰਗਿਆ ਸੀ, ਪਰ ਜਿਨ੍ਹਾਂ ਨੇ ਸਭ ਤੋਂ ਵੱਧ ਸਾਥ ਦੇਣ ਦਾ ਭਰੋਸਾ ਦਿੱਤਾ ਸੀ, ਉਹੀ ਪਹਿਲਾਂ ਪਿੱਛੇ ਹਟ ਗਏ।
ਚੰਦੂਮਾਜਰਾ ਅਤੇ ਚੀਮਾ ’ਤੇ ਵੀ ਸਾਧੇ ਨਿਸ਼ਾਨੇ
ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ ਬਾਰੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਇਹ ਉਹੀ ਲੋਕ ਸਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚਿੱਠੀ ਲੈ ਕੇ ਗਏ ਸਨ ਅਤੇ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿੱਚੋਂ ਛੇਕਣ ਲਈ ਸਿਫ਼ਾਰਸ਼ਾਂ ਕਰਵਾਉਂਦੇ ਰਹੇ ਸਨ।
ਉਨ੍ਹਾਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਦਲਜੀਤ ਸਿੰਘ ਚੀਮਾ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਸੱਚ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉੱਥੇ ਸੱਚ ਬੋਲਿਆ ਸੀ, ਪਰ ਬਾਅਦ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਆਪਣੇ ਬਿਆਨ ਤੋਂ ਮੁਕਰ ਗਏ, ਜੋ ਕਿ ਵੱਡਾ ਗੁਨਾਹ ਹੈ।
ਬੀਬੀ ਜਗੀਰ ਕੌਰ ਬਾਰੇ ਬੋਲਦਿਆਂ ਉਨ੍ਹਾਂ ਪਿਛਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ ਵਿੱਚ ਹਾਰ ਤੋਂ ਬਾਅਦ ਦਿੱਤੇ ਗਏ ਉਨ੍ਹਾਂ ਦੇ ਬਿਆਨ ਦਾ ਹਵਾਲਾ ਦਿੱਤਾ ਅਤੇ ਸਵਾਲ ਕੀਤਾ ਕਿ ਹੁਣ ਉਨ੍ਹਾਂ ਦੀ ਆਪਣੀ ਜ਼ਮੀਰ ਕਿੱਥੇ ਹੈ। ਇਸ ਮੌਕੇ ਉਨ੍ਹਾਂ ਗੁਰਬਾਣੀ ਦੀ ਤੁਕ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਝੂਠ ਬੋਲਣ ਅਤੇ ਆਪਣੇ ਬਿਆਨਾਂ ਤੋਂ ਮੁਕਰਨ ਵਾਲਿਆਂ ਦਾ ਹਸ਼ਰ ਦੁਨੀਆ ਦੇਖੇਗੀ।
ਭਾਜਪਾ ਨਾਲ ਸਿਆਸੀ ਭਾਈਵਾਲੀ ਦੀ ਗੱਲ ਕਦੇ ਨਹੀਂ ਕੀਤੀ
ਭਾਜਪਾ ਨਾਲ ਸੰਭਾਵਿਤ ਗਠਜੋੜ ਬਾਰੇ ਆਪਣਾ ਪੱਖ ਰੱਖਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਨਾਲ ਕਦੇ ਸਿਆਸੀ ਭਾਈਵਾਲੀ ਦੀ ਗੱਲ ਨਹੀਂ ਕੀਤੀ, ਸਗੋਂ ਹਮੇਸ਼ਾ ਪੰਥ ਅਤੇ ਪੰਜਾਬ ਦੇ ਮੁੱਦੇ ਉਠਾਏ ਹਨ।
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨਾਲ ਸਮਝੌਤੇ ਦੀ ਗੱਲ ਕਰਨ ਵਾਲੇ ਕੁਝ ਆਗੂ ਹੀ ਸੁਖਬੀਰ ਸਿੰਘ ਬਾਦਲ ਨਾਲ ਏਕਤਾ ਦੀਆਂ ਕੋਸ਼ਿਸ਼ਾਂ ਵੀ ਕਰ ਰਹੇ ਸਨ। ਉਨ੍ਹਾਂ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜੇ ਹੋਏ ਆਗੂਆਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਜੇਕਰ ਭਾਜਪਾ ਅਜਿਹੇ ਆਗੂਆਂ ਨਾਲ ਗਠਜੋੜ ਕਰਦੀ ਹੈ ਤਾਂ ਉਸ ਦਾ ਵੀ ਸਖ਼ਤ ਵਿਰੋਧ ਕੀਤਾ ਜਾਵੇਗਾ।
SGPC ਚੋਣਾਂ ਕਰਵਾਉਣ ਲਈ ਦਿੱਲੀ ਵਿੱਚ ਪ੍ਰਦਰਸ਼ਨ ਕਰਨਗੇ ਮੈਂਬਰ
ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਾਲੇ ਦਿਨ ਉਨ੍ਹਾਂ ਦੇ ਐੱਸਜੀਪੀਸੀ ਮੈਂਬਰ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਦਿੱਲੀ ਵਿੱਚ ਲੋਕ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਰਾਹੀਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਧੀਰਮੱਲੀਆਂ ਦੇ ਕਬਜ਼ੇ ਨੂੰ ਖ਼ਤਮ ਕਰਨ ਦੀ ਮੰਗ ਉਠਾਈ ਜਾਵੇਗੀ।
ਰਵੀਇੰਦਰ ਸਿੰਘ ਨੇ 2 ਦਸੰਬਰ ਦੇ ਹੁਕਮਨਾਮੇ ’ਤੇ ਪਹਿਰਾ ਦੇਣ ਦੀ ਕੀਤੀ ਸ਼ਲਾਘਾ
ਇਸ ਮੌਕੇ ਪਾਰਟੀ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ ਦੇ ਹੁਕਮਨਾਮੇ ’ਤੇ ਦ੍ਰਿੜ੍ਹਤਾ ਨਾਲ ਖੜ੍ਹੇ ਰਹਿਣ ਲਈ ਪੰਜ ਸਿੰਘ ਸਾਹਿਬਾਨ ਅਤੇ ਪਾਰਟੀ ਦੇ ਆਗੂਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਤੋਂ ਬਾਅਦ 2 ਦਸੰਬਰ ਦੇ ਹੁਕਮਨਾਮੇ ਨਾਲ ਅਕਾਲੀ ਦਲ ਮੁੜ ਆਪਣੇ ਅਸਲ ਰੂਪ ਵਿੱਚ ਉੱਭਰਿਆ ਹੈ ਅਤੇ ਪਾਰਟੀ ਦੀ ਮਜ਼ਬੂਤੀ ਨਾਲ ਹੀ ਪੰਥ ਤੇ ਪੰਜਾਬ ਮਜ਼ਬੂਤ ਹੋਣਗੇ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜ ਮੈਂਬਰੀ ਭਰਤੀ ਕਮੇਟੀ ਦੇ ਆਗੂ ਸੰਤਾ ਸਿੰਘ ਉਮੈਦਪੁਰ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਥਕ ਏਕਤਾ ਕਰਵਾਉਣ ਦੀ ਸਮਰੱਥਾ ਰੱਖਦੇ ਹਨ।
ਮੀਟਿੰਗ ਵਿੱਚ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਡਾ. ਰਤਨ ਸਿੰਘ ਅਜਨਾਲਾ, ਸਰਵਣ ਸਿੰਘ ਫਿਲੌਰ, ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਗੁਲਸ਼ਨ, ਗਗਨਜੀਤ ਸਿੰਘ ਬਰਨਾਲਾ, ਜੱਜ ਨਿਰਮਲ ਸਿੰਘ, ਗੋਬਿੰਦ ਸਿੰਘ ਲੌਂਗੋਵਾਲ, ਅਜੈਪਾਲ ਸਿੰਘ ਮੀਰਕੋਟ ਅਤੇ ਕਰਨੈਲ ਸਿੰਘ ਪੀਰਮੁਹੰਮਦ ਸਮੇਤ ਕਈ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ। ਸਾਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਗਿਆਨੀ ਹਰਪ੍ਰੀਤ ਸਿੰਘ ਨਾਲ ਚੱਟਾਨ ਵਾਂਗ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ।

