ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਬੀਬੀ ਹਰਜੀਤ ਕੌਰ ਤਲਵੰਡੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਸਰਪ੍ਰਸਤ ਨਿਯੁਕਤ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪਾਰਟੀ ਦੇ ਇਸਤਰੀ ਵਿੰਗ ਦੀ ਨਵੀਂ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸਕੱਤਰ ਜਨਰਲ ਸ. ਗੁਰਪ੍ਰਤਾਪ ਸਿੰਘ ਵਡਾਲਾ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਬੀਬੀ ਹਰਜੀਤ ਕੌਰ ਤਲਵੰਡੀ ਟਕਸਾਲੀ ਅਕਾਲੀ ਆਗੂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਬੇਟੀ ਹਨ। ਉਹ ਲੰਮੇ ਸਮੇਂ ਤੋਂ ਅਕਾਲੀ ਸਿਆਸਤ ਵਿੱਚ ਸਰਗਰਮ ਹਨ ਅਤੇ ਸ਼ੁਰੂ ਤੋਂ ਹੀ ਅਕਾਲੀ ਦਲ ਵਿੱਚ ਚੱਲੀ ਸੁਧਾਰ ਲਹਿਰ ਦਾ ਹਿੱਸਾ ਰਹੇ ਹਨ।
ਸ. ਵਡਾਲਾ ਨੇ ਕਿਹਾ ਕਿ ਬੀਬੀ ਹਰਜੀਤ ਕੌਰ ਤਲਵੰਡੀ ਹੁਣ ਤੱਕ ਪੰਥਕ ਆਗੂਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਪੰਥਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਦੀਆਂ ਸੇਵਾਵਾਂ ਅਤੇ ਪੰਥਕ ਸਰਗਰਮੀਆਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਇਸਤਰੀ ਵਿੰਗ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪਰਿਵਾਰਕ ਵਿਰਸੇ ਅਤੇ ਤਜਰਬੇ ਨੂੰ ਦੇਖਦਿਆਂ ਬੀਬੀ ਹਰਜੀਤ ਕੌਰ ਤਲਵੰਡੀ ਨਵੀਂ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
ਇਸ ਸਬੰਧੀ ਜਾਣਕਾਰੀ ਪਾਰਟੀ ਦੇ ਮੀਡੀਆ ਇੰਚਾਰਜ ਸ. ਤੇਜਿੰਦਰ ਸਿੰਘ ਪੰਨੂੰ ਵੱਲੋਂ ਦਿੱਤੀ ਗਈ।

