The Punjab Inside
Friday, 20 November 2026Admin Login
Punjab

ਪੰਜਾਬ ’ਚ ‘ਆਪ’ ਨੂੰ ਇੱਕ ਹੋਰ ਵੱਡਾ ਝਟਕਾ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਫੇਸਬੁੱਕ ’ਤੇ ਪੋਸਟ ਸਾਂਝੀ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।

ਪੰਜਾਬ ’ਚ ‘ਆਪ’ ਨੂੰ ਇੱਕ ਹੋਰ ਵੱਡਾ ਝਟਕਾ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦਿੱਤਾ ਅਸਤੀਫ਼ਾ
Punjab Inside Team
Share:

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਵਿਧਾਇਕ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆਂ ਅਸਤੀਫ਼ੇ ਦਾ ਐਲਾਨ ਕੀਤਾ। ਉਨ੍ਹਾਂ ਲਿਖਿਆ, “ਮੈਂ ਹਰਮੀਤ ਸਿੰਘ ਪਠਾਣਮਾਜਰਾ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।”

ਅਸਤੀਫ਼ੇ ਦੇ ਕਾਰਨਾਂ ਬਾਰੇ ਉਨ੍ਹਾਂ ਵੱਲੋਂ ਪੋਸਟ ਵਿੱਚ ਕੋਈ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ ਗਈ।

ਕੌਣ ਹਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ?

ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਨ੍ਹਾਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੂੰ 49,122 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।

ਸਨੌਰ ਅਤੇ ਇਸ ਦੇ ਆਲੇ-ਦੁਆਲੇ ਦੇ ਪੇਂਡੂ ਖੇਤਰਾਂ ਵਿੱਚ ਪਠਾਣਮਾਜਰਾ ਦਾ ਮਜ਼ਬੂਤ ਸਿਆਸੀ ਆਧਾਰ ਮੰਨਿਆ ਜਾਂਦਾ ਹੈ।

ਕਈ ਸਿਆਸੀ ਪਾਰਟੀਆਂ ਵਿੱਚ ਰਹਿ ਚੁੱਕੇ ਹਨ ਪਠਾਣਮਾਜਰਾ

ਹਰਮੀਤ ਸਿੰਘ ਪਠਾਣਮਾਜਰਾ ਦਾ ਸਿਆਸੀ ਸਫ਼ਰ ਕਈ ਪਾਰਟੀਆਂ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਨੇ 1994 ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ।

ਇਸ ਤੋਂ ਬਾਅਦ ਉਹ ਮਨਪ੍ਰੀਤ ਸਿੰਘ ਬਾਦਲ ਦੀ ਪਾਰਟੀ, ਕਾਂਗਰਸ ਅਤੇ ਪੰਜਾਬ ਏਕਤਾ ਪਾਰਟੀ ਨਾਲ ਵੀ ਜੁੜੇ ਰਹੇ। ਸਾਲ 2020 ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਨੌਰ ਤੋਂ ਜਿੱਤ ਦਰਜ ਕੀਤੀ।

ਵਿਵਾਦਾਂ ਕਾਰਨ ਵੀ ਰਹੇ ਸੁਰਖੀਆਂ ਵਿੱਚ

ਪਠਾਣਮਾਜਰਾ ਪੰਜਾਬ ਵਿੱਚ ਹੜ੍ਹ ਪ੍ਰਬੰਧਨ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਅਤੇ ਇਸ ਦੀ ਕੇਂਦਰੀ ਲੀਡਰਸ਼ਿਪ ਦੀ ਆਲੋਚਨਾ ਕਰਨ ਕਾਰਨ ਵੀ ਚਰਚਾ ਵਿੱਚ ਰਹੇ ਹਨ।

ਇਸ ਤੋਂ ਇਲਾਵਾ, ਜ਼ੀਰਕਪੁਰ ਦੀ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ’ਤੇ ਉਨ੍ਹਾਂ ਖ਼ਿਲਾਫ਼ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਕਥਿਤ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

‘ਆਪ’ ਨੇ ਪਹਿਲਾਂ ਹੀ ਜਾਰੀ ਕਰ ਦਿੱਤੀ ਸੀ 40 ਉਮੀਦਵਾਰਾਂ ਦੀ ਸੂਚੀ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚ ਕਿਸੇ ਵੀ ਮੌਜੂਦਾ ਕੈਬਨਿਟ ਮੰਤਰੀ ਦਾ ਨਾਮ ਸ਼ਾਮਲ ਨਹੀਂ ਸੀ।

ਇਸ ਤੋਂ ਪਹਿਲਾਂ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਜਾਣਕਾਰੀ ਸਾਹਮਣੇ ਆਈ ਸੀ। ਹੁਣ ਪਠਾਣਮਾਜਰਾ ਦੇ ਅਸਤੀਫ਼ੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।