Saturday, 4 July 2026Admin Login
Protest

'ਇੱਥੇ ਚਿੱਟਾ ਵਿਕਦਾ ਹੈ' ਲਿਖੀਆਂ ਕੰਧਾਂ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ 15 ਦਿਨਾਂ ਅੰਦਰ ਮੰਗੀ ਪੂਰੀ ਰਿਪੋਰਟ

ਬਠਿੰਡਾ ਜ਼ਿਲ੍ਹੇ ਦੇ ਮੌੜ ਕਲਾਂ ਪਿੰਡ ਦੀਆਂ ਕੰਧਾਂ 'ਤੇ ਲਿਖੇ ਗਏ ਸ਼ਬਦ "ਇੱਥੇ ਚਿੱਟਾ ਵਿਕਦਾ ਹੈ" ਦੇ ਮਾਮਲੇ ਵਿੱਚ ਖੁਦ ਨੋਟਿਸ ਲੈ ਕੇ ਸੁਣਵਾਈ ਕਰ ਰਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਤੌਰ 'ਤੇ ਫਟਕਾਰ ਲਗਾਈ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ ਆਖਰੀ ਮੌਕਾ ਦਿੰਦਿਆਂ 15 ਦਿਨਾਂ ਦੇ ਅੰਦਰ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

By Parmeet Singh Bidowali
Share:
'ਇੱਥੇ ਚਿੱਟਾ ਵਿਕਦਾ ਹੈ' ਲਿਖੀਆਂ ਕੰਧਾਂ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ 15 ਦਿਨਾਂ ਅੰਦਰ ਮੰਗੀ ਪੂਰੀ ਰਿਪੋਰਟ

ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਦੇ ਮੌੜ ਕਲਾਂ ਪਿੰਡ ਦੀਆਂ ਕੰਧਾਂ 'ਤੇ ਲਿਖੇ ਗਏ ਸ਼ਬਦ "ਇੱਥੇ ਚਿੱਟਾ ਵਿਕਦਾ ਹੈ" ਦੇ ਮਾਮਲੇ ਵਿੱਚ ਖੁਦ ਨੋਟਿਸ ਲੈ ਕੇ ਸੁਣਵਾਈ ਕਰ ਰਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਤੌਰ 'ਤੇ ਫਟਕਾਰ ਲਗਾਈ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ ਆਖਰੀ ਮੌਕਾ ਦਿੰਦਿਆਂ 15 ਦਿਨਾਂ ਦੇ ਅੰਦਰ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਇਹ ਜਾਣਕਾਰੀ ਮੰਗੀ ਹੈ ਕਿ ਮੌੜ ਥਾਣਾ ਖੇਤਰ ਵਿੱਚ ਐੱਨਡੀਪੀਐੱਸ ਐਕਟ ਤਹਿਤ ਦਰਜ 82 ਮਾਮਲਿਆਂ ਦੀ ਮੌਜੂਦਾ ਸਥਿਤੀ ਕੀ ਹੈ ਅਤੇ ਪੰਜਾਬ ਵਿੱਚ ਨਸ਼ਾ ਤਸਕਰੀ 'ਤੇ ਰੋਕ ਲਗਾਉਣ ਲਈ ਸਰਕਾਰ ਵੱਲੋਂ ਹੁਣ ਤੱਕ ਕਿਹੜੇ ਠੋਸ ਕਦਮ ਚੁੱਕੇ ਗਏ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 16 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਇਹ ਜਾਣਕਾਰੀ ਪੇਸ਼ ਨਾ ਕੀਤੀ ਗਈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਮਾਮਲਾ ਪਿਛਲੇ ਸਾਲ ਦਸੰਬਰ ਵਿੱਚ ਉਸ ਵੇਲੇ ਚਰਚਾ ਵਿੱਚ ਆਇਆ ਸੀ, ਜਦੋਂ ਬਠਿੰਡਾ ਦੇ ਮੌੜ ਕਲਾਂ ਪਿੰਡ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਖ਼ਿਲਾਫ਼ ਰੋਸ ਪ੍ਰਗਟਾਉਣ ਅਤੇ ਸਥਿਤੀ ਦੀ ਗੰਭੀਰਤਾ ਦਰਸਾਉਣ ਲਈ ਪਿੰਡ ਦੀਆਂ ਕੰਧਾਂ 'ਤੇ "ਇੱਥੇ ਚਿੱਟਾ ਵਿਕਦਾ ਹੈ" ਲਿਖ ਦਿੱਤਾ ਗਿਆ ਸੀ। ਇਸ ਸਬੰਧੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਸੀ।

ਪੰਜਾਬ ਸਰਕਾਰ ਵੱਲੋਂ ਪਹਿਲਾਂ ਦਾਖ਼ਲ ਕੀਤੇ ਜਵਾਬ ਵਿੱਚ ਦੱਸਿਆ ਗਿਆ ਸੀ ਕਿ ਮੌੜ ਕਲਾਂ ਪਿੰਡ ਮੌੜ ਥਾਣਾ ਖੇਤਰ ਦੇ ਅਧੀਨ ਆਉਂਦਾ ਹੈ ਅਤੇ ਬੀਤੇ ਇੱਕ ਸਾਲ ਦੌਰਾਨ ਉੱਥੇ ਐੱਨਡੀਪੀਐੱਸ ਐਕਟ ਤਹਿਤ 82 ਐੱਫਆਈਆਰ ਦਰਜ ਕੀਤੀਆਂ ਗਈਆਂ ਸਨ, ਜਦਕਿ 151 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਰਕਾਰ ਨੇ ਇਹ ਵੀ ਜਾਣਕਾਰੀ ਦਿੱਤੀ ਸੀ ਕਿ ਇਸੇ ਸਮੇਂ ਦੌਰਾਨ ਪੂਰੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ 1,673 ਮਾਮਲੇ ਦਰਜ ਕੀਤੇ ਗਏ।

ਇਸ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਮੌੜ ਥਾਣਾ ਖੇਤਰ ਵਿੱਚ ਦਰਜ 82 ਮਾਮਲਿਆਂ ਦਾ ਵਿਸਤ੍ਰਿਤ ਵੇਰਵਾ ਪੇਸ਼ ਕੀਤਾ ਜਾਵੇ ਅਤੇ ਦੱਸਿਆ ਜਾਵੇ ਕਿ ਕਿੰਨੇ ਮਾਮਲਿਆਂ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਕਿੰਨੇ ਮਾਮਲਿਆਂ ਵਿੱਚ ਅੱਗੇ ਕੀ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਪੁੱਛਿਆ ਸੀ ਕਿ ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਕਰੀ 'ਤੇ ਕਾਬੂ ਪਾਉਣ ਲਈ ਕਿਹੜੇ ਪ੍ਰਸ਼ਾਸਨਿਕ, ਕਾਨੂੰਨੀ ਅਤੇ ਨੀਤੀਗਤ ਕਦਮ ਚੁੱਕੇ ਜਾ ਰਹੇ ਹਨ।

ਹਾਲਾਂਕਿ, ਅਦਾਲਤ ਦੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਲੋੜੀਂਦੀ ਜਾਣਕਾਰੀ ਪੇਸ਼ ਨਹੀਂ ਕੀਤੀ ਗਈ। ਇਸ 'ਤੇ ਨਾਰਾਜ਼ਗੀ ਜਤਾਉਂਦਿਆਂ ਹਾਈ ਕੋਰਟ ਨੇ 15 ਦਿਨਾਂ ਦੇ ਅੰਦਰ ਪੂਰੀ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਚੇਤਾਵਨੀ ਦਿੱਤੀ ਹੈ ਕਿ 16 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਨਿਰਦੇਸ਼ਾਂ ਦੀ ਪਾਲਣਾ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।