The Punjab Inside
Friday, 20 November 2026Admin Login
Haryana

ਕੋਲਕਾਤਾ ’ਚ ਦੁਰਗਾ ਪੂਜਾ ਦੌਰਾਨ ਭਗਦੜ ਵਰਗੀ ਸਥਿਤੀ, 19 ਲੋਕਾਂ ਦੀ ਮੌਤ; 25 ਜ਼ਖ਼ਮੀ

ਕੋਲਕਾਤਾ ’ਚ ਦੁਰਗਾ ਪੂਜਾ ਦੌਰਾਨ ਭਗਦੜ ਵਰਗੀ ਸਥਿਤੀ, 19 ਲੋਕਾਂ ਦੀ ਮੌਤ; 25 ਜ਼ਖ਼ਮੀ
Punjab Inside Team
Share:

ਕੋਲਕਾਤਾ ਵਿੱਚ ਦੁਰਗਾ ਪੂਜਾ ਦੌਰਾਨ ਸ਼ਨੀਵਾਰ ਸ਼ਾਮ ਨੂੰ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਇਸ ਘਟਨਾ ਵਿੱਚ 19 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਭਾਰੀ ਮੀਂਹ ਅਤੇ ਭੀੜ ਕਾਰਨ ਵਾਪਰਿਆ ਹਾਦਸਾ

ਕੋਲਕਾਤਾ ਦੇ ਐਡੀਸ਼ਨਲ ਪੁਲਿਸ ਕਮਿਸ਼ਨਰ ਕੁਨਾਲ ਅਗਰਵਾਲ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਕਰੀਬ 7:40 ਵਜੇ ਸਰਦਾ ਪਾਰਕ (ਚੋਰਬਾਗਾਨ) ਦੇ ਦੁਰਗਾ ਪੂਜਾ ਪੰਡਾਲ ਦੇ ਬਾਹਰ ਜਾਣ ਵਾਲੇ ਗੇਟ ’ਤੇ ਭਗਦੜ ਵਰਗੀ ਸਥਿਤੀ ਬਣ ਗਈ।

ਉਨ੍ਹਾਂ ਮੁਤਾਬਕ ਉਸ ਸਮੇਂ ਭਾਰੀ ਮੀਂਹ ਪੈ ਰਿਹਾ ਸੀ ਅਤੇ ਮੌਕੇ ’ਤੇ ਲੋਕਾਂ ਦੀ ਵੱਡੀ ਭੀੜ ਮੌਜੂਦ ਸੀ। ਇਸ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।

ਮੁੱਖ ਮੰਤਰੀ ਨਾਇਬ ਸੈਣੀ ਨੇ ਜਤਾਇਆ ਦੁੱਖ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਅਤੇ ਦਿਲ ਕੰਬਾਊ ਦੱਸਿਆ।

ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਦੁਖੀ ਪਰਿਵਾਰਾਂ ਨੂੰ ਇਹ ਅਸਹਿਣਯੋਗ ਦੁੱਖ ਸਹਿਣ ਦੀ ਤਾਕਤ ਦੇਣ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।

ਜ਼ਖ਼ਮੀਆਂ ਨੂੰ ਮਿਲਣ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ

ਘਟਨਾ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਹਸਪਤਾਲ ਪਹੁੰਚੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਪੀੜਤ ਪਰਿਵਾਰਾਂ ਲਈ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਗਰੁੱਪ-ਡੀ ਦੀ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਚੋਰਬਾਗਾਨ ਦੁਰਗਾ ਪੂਜਾ ਦੇ ਪ੍ਰਬੰਧਕਾਂ, ਨਿੱਜੀ ਸੁਰੱਖਿਆ ਕਰਮਚਾਰੀਆਂ ਅਤੇ ਡਿਊਟੀ ’ਤੇ ਤਾਇਨਾਤ ਸਟਾਫ਼ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।