ਹਰਿਆਣਾ ਦੇ CM ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਟੇਕਿਆ ਮੱਥਾ, ਲੋੜਵੰਦਾਂ ਨੂੰ ਵੰਡੀਆਂ ਟਰਾਈ ਸਾਈਕਲਾਂ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਵਾਲਮੀਕਿ ਜਯੰਤੀ ਮੌਕੇ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਮੱਥਾ ਟੇਕ ਕੇ ਦੇਸ਼ ਅਤੇ ਸੂਬੇ ਦੀ ਖੁਸ਼ਹਾਲੀ, ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਜਯੰਤੀ ਦੀਆਂ ਵਧਾਈਆਂ ਦਿੱਤੀਆਂ ਅਤੇ ਲੋੜਵੰਦ ਲਾਭਪਾਤਰੀਆਂ ਨੂੰ ਟਰਾਈ ਸਾਈਕਲਾਂ ਵੰਡੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਸਮਾਨਤਾ, ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਦੇਸ਼ ਤੇ ਸੂਬੇ ਦੇ ਲੋਕਾਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਕਲਿਆਣ ਲਈ ਅਰਦਾਸ ਕੀਤੀ। ਤੀਰਥ ਸਥਲ ਵਿਖੇ ਪਹੁੰਚਣ 'ਤੇ ਲੋਕਾਂ ਵੱਲੋਂ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।
ਭਗਵਾਨ ਵਾਲਮੀਕਿ ਜਯੰਤੀ ਦੇ ਪਾਵਨ ਮੌਕੇ 'ਤੇ ਮੁੱਖ ਮੰਤਰੀ ਨੇ ਦੇਸ਼ ਅਤੇ ਹਰਿਆਣਾ ਵਾਸੀਆਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਦੇ ਵਿਚਾਰ ਸਮਾਜ ਵਿੱਚ ਸਮਾਨਤਾ, ਸਦਭਾਵਨਾ, ਭਾਈਚਾਰੇ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਰਚੀ ਗਈ ਰਾਮਾਇਣ ਭਾਰਤੀ ਸੱਭਿਆਚਾਰ, ਆਦਰਸ਼ ਜੀਵਨ-ਮੁੱਲਾਂ ਅਤੇ ਮਨੁੱਖੀ ਸੰਵੇਦਨਾਵਾਂ ਦਾ ਮਹੱਤਵਪੂਰਨ ਗ੍ਰੰਥ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੱਚ, ਧਰਮ, ਫ਼ਰਜ਼ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਅੱਜ ਵੀ ਇਹ ਵਿਚਾਰ ਸਮਾਜਿਕ ਏਕਤਾ ਅਤੇ ਆਪਸੀ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਨਾਇਬ ਸਿੰਘ ਸੈਣੀ ਨੇ ਲੋੜਵੰਦ ਲਾਭਪਾਤਰੀਆਂ ਨੂੰ ਟਰਾਈ ਸਾਈਕਲਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਨ ਦੇ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਦਿਵਿਆਂਗਜਨਾਂ ਨੂੰ ਲੋੜੀਂਦੀਆਂ ਸਹੂਲਤਾਂ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾ ਕੇ ਸਮਾਜ ਦੇ ਹਰ ਵਰਗ ਦੇ ਸਨਮਾਨ, ਭਲਾਈ ਅਤੇ ਉੱਨਤੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਇਹੀ ਭਗਵਾਨ ਵਾਲਮੀਕਿ ਜੀ ਪ੍ਰਤੀ ਸੱਚੀ ਸ਼ਰਧਾ ਅਤੇ ਸਤਿਕਾਰ ਹੈ।

