The Punjab Inside
Saturday, 3 October 2026Admin Login
Haryana

ਨਾਇਬ ਸੈਣੀ ਪੰਜਾਬ ਦੇ ਸਰਪੰਚਾਂ ਨੂੰ ਭਾਜਪਾ ਚ ਕਰਵਾ ਰਹੇ ਨੇ ਸ਼ਾਮਲ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਨੂੰ ਲੈ ਕੇ ਕਿਹਾ ਕਿ ਸੂਬੇ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਵਿਕਾਸ ਲਈ ਸਖ਼ਤ ਫ਼ੈਸਲੇ ਲੈਣ ਤੋਂ ਨਾ ਡਰੇ। ਇਸ ਮੌਕੇ 500 ਤੋਂ ਵੱਧ ਸਰਪੰਚਾਂ, ਜ਼ਿਲ੍ਹਾ ਪਰਿਸ਼ਦ ਮੈਂਬਰਾਂ ਅਤੇ ਕਿਸਾਨ ਆਗੂਆਂ ਨੇ BJP ਦੀ ਮੈਂਬਰਸ਼ਿਪ ਲਈ।

ਨਾਇਬ ਸੈਣੀ ਪੰਜਾਬ ਦੇ ਸਰਪੰਚਾਂ ਨੂੰ ਭਾਜਪਾ ਚ ਕਰਵਾ ਰਹੇ ਨੇ ਸ਼ਾਮਲ
Punjab Inside Team
Share:

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਅਜਿਹੇ ਦੌਰ ਵਿੱਚੋਂ ਲੰਘ ਰਿਹਾ ਹੈ, ਜਿੱਥੇ ਸੱਤਾ, ਸਥਿਰਤਾ ਅਤੇ ਜਨਹਿੱਤ ਵਿਚਕਾਰ ਟਕਰਾਅ ਦਿਖਾਈ ਦੇ ਰਿਹਾ ਹੈ।


ਬੁੱਧਵਾਰ ਰਾਤ ਨੂੰ ਸੰਤ ਕਬੀਰ ਕੁਟੀਆ ਸਥਿਤ ਆਪਣੀ ਰਿਹਾਇਸ਼ ’ਤੇ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਸੈਣੀ ਨੇ ਇਹ ਗੱਲ ਕਹੀ। ਇਸ ਮੌਕੇ 500 ਤੋਂ ਵੱਧ ਸਰਪੰਚਾਂ, ਜ਼ਿਲ੍ਹਾ ਪਰਿਸ਼ਦ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਦਾ ਪਟਕਾ ਪਾ ਕੇ ਭਾਜਪਾ ਵਿੱਚ ਸ਼ਾਮਲ ਕਰਵਾਇਆ।


‘ਪੰਜਾਬ ਨੂੰ ਵਿਕਾਸ ਲਈ ਸਖ਼ਤ ਫ਼ੈਸਲੇ ਲੈਣ ਵਾਲੀ ਸਰਕਾਰ ਦੀ ਲੋੜ’

ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਨੌਜਵਾਨਾਂ ਦੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਵਿਕਾਸ ਲਈ ਸਖ਼ਤ ਫ਼ੈਸਲੇ ਲੈਣ ਤੋਂ ਨਾ ਡਰੇ ਅਤੇ ਲੋਕ ਹਿੱਤ ਨੂੰ ਸਭ ਤੋਂ ਉੱਪਰ ਰੱਖੇ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਵਿਕਸਿਤ ਭਾਰਤ’ ਦੀ ਤਰਜ਼ ’ਤੇ ‘ਵਿਕਸਿਤ ਪੰਜਾਬ’ ਬਣਾਉਣ ਲਈ ਕੰਮ ਕੀਤਾ ਜਾਵੇਗਾ।


ਸੈਣੀ ਨੇ ਇਹ ਵੀ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।

‘ਬਿਨਾਂ ਖ਼ਰਚੀ-ਪਰਚੀ ਦਿੱਤੀਆਂ ਸਰਕਾਰੀ ਨੌਕਰੀਆਂ’

ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਸੰਕਲਪ ਪੱਤਰ ਵਿੱਚ ਕੀਤੇ ਗਏ 217 ਵਾਅਦਿਆਂ ਵਿੱਚੋਂ 70 ਵਾਅਦੇ 18 ਮਹੀਨਿਆਂ ਵਿੱਚ ਪੂਰੇ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 12 ਸਾਲਾਂ ਦੌਰਾਨ ਹਰਿਆਣਾ ਵਿੱਚ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਖ਼ਰਚੀ-ਪਰਚੀ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਕਿਸਾਨਾਂ ਅਤੇ MSP ਦਾ ਵੀ ਕੀਤਾ ਜ਼ਿਕਰ

ਹਰਿਆਣਾ ਦੀ ਖੇਤੀ ਨੀਤੀ ਦਾ ਜ਼ਿਕਰ ਕਰਦਿਆਂ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ MSP ’ਤੇ ਖਰੀਦ ਕਰ ਰਹੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 12 ਸਾਲਾਂ ਵਿੱਚ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ 16,500 ਕਰੋੜ ਰੁਪਏ ਦੀ ਰਕਮ ਦਿੱਤੀ ਗਈ ਹੈ। ਉਨ੍ਹਾਂ ਹਰਿਆਣਾ ਦੀ ਖੇਡ ਨੀਤੀ ਦੀ ਵੀ ਸ਼ਲਾਘਾ ਕੀਤੀ।

‘ਪੰਜਾਬ ’ਚ ਉਦਯੋਗਾਂ ਦਾ ਪਲਾਇਨ ਰੋਕਾਂਗੇ’

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ, ਉਦਯੋਗਾਂ ਦੇ ਪਲਾਇਨ ਨੂੰ ਰੋਕਣ ਅਤੇ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਵਪਾਰੀਆਂ ਵਿੱਚ ਡਰ ਦਾ ਮਾਹੌਲ ਖ਼ਤਮ ਕਰਨ ਦੇ ਨਾਲ ਪੰਜਾਬ ਦੀ ਪੁਰਾਣੀ ਖੁਸ਼ਹਾਲੀ, ਪਛਾਣ ਅਤੇ ਲੋਕਾਂ ਦਾ ਭਰੋਸਾ ਮੁੜ ਬਹਾਲ ਕਰਨ ਲਈ ਕੰਮ ਕੀਤਾ ਜਾਵੇਗਾ।

ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਆਏ 500 ਤੋਂ ਵੱਧ ਸਰਪੰਚਾਂ, ਜ਼ਿਲ੍ਹਾ ਪਰਿਸ਼ਦ ਮੈਂਬਰਾਂ ਅਤੇ ਕਿਸਾਨ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਪਾਰਟੀ ਵੱਲੋਂ ਪੰਜਾਬ ਵਿੱਚ ਆਪਣਾ ਸੰਗਠਨ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।