Sunday, 5 July 2026Admin Login
Punjab Politics

ਭਗਵੰਤ ਮਾਨ ਮਾਫ਼ੀ ਮੰਗਣ ਤੱਕ ਕੋਈ ਕੇਂਦਰੀ ਸਿੱਖ ਮੰਤਰੀ ਨਹੀਂ ਮਿਲੇਗਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਫ਼ੀ ਨਹੀਂ ਮੰਗਦੇ, ਉਦੋਂ ਤੱਕ ਕੇਂਦਰ ਸਰਕਾਰ ਦਾ ਕੋਈ ਵੀ ਸਿੱਖ ਮੰਤਰੀ ਉਨ੍ਹਾਂ ਨਾਲ ਨਾ ਮੀਟਿੰਗ ਕਰੇਗਾ ਅਤੇ ਨਾ ਹੀ ਮੁਲਾਕਾਤ ਕਰੇਗਾ।

By Parmeet Singh Bidowali
Share:
ਭਗਵੰਤ ਮਾਨ ਮਾਫ਼ੀ ਮੰਗਣ ਤੱਕ ਕੋਈ ਕੇਂਦਰੀ ਸਿੱਖ ਮੰਤਰੀ ਨਹੀਂ ਮਿਲੇਗਾ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਫ਼ੀ ਨਹੀਂ ਮੰਗਦੇ, ਉਦੋਂ ਤੱਕ ਕੇਂਦਰ ਸਰਕਾਰ ਦਾ ਕੋਈ ਵੀ ਸਿੱਖ ਮੰਤਰੀ ਉਨ੍ਹਾਂ ਨਾਲ ਨਾ ਮੀਟਿੰਗ ਕਰੇਗਾ ਅਤੇ ਨਾ ਹੀ ਮੁਲਾਕਾਤ ਕਰੇਗਾ।

ਭਾਜਪਾ ਦੇ ਸੂਬਾ ਮੁੱਖ ਦਫ਼ਤਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਬਉੱਚ ਸੰਸਥਾ ਹੈ ਅਤੇ ਹਰ ਸਿੱਖ ਲਈ ਇਸ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਲਾਜ਼ਮੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀ ਗਲਤੀ ਸਵੀਕਾਰ ਕਰਨ ਅਤੇ ਪੰਥ ਤੋਂ ਮਾਫ਼ੀ ਮੰਗਣ।

ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਇਮਾਨਦਾਰੀ, ਨਿਮਰਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਦੀ ਮੰਗ ਕਰਦਾ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ ਸਬੰਧੀ ਉੱਠੇ ਇਤਰਾਜ਼ਾਂ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਸਪੱਸ਼ਟੀਕਰਨ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਵਿਰੋਧੀ ਅਤੇ ਗੁਰੂ ਵਿਰੋਧੀ ਕਰਾਰ ਦਿੰਦਿਆਂ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਮੇਲ-ਜੋਲ ਨਾ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ।

ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ 'ਤੇ ਸਵਾਲ ਚੁੱਕਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦਾ ਸਤਿਕਾਰ ਕੀਤਾ ਸੀ ਅਤੇ ਹਰ ਸਿੱਖ ਨੂੰ ਇਸ ਪਰੰਪਰਾ ਦੀ ਪਾਲਣਾ ਕਰਨੀ ਚਾਹੀਦੀ ਹੈ।