The Punjab Inside
Saturday, 3 October 2026Admin Login

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਨੌਕਰੀ ਦੇ ਆਫ਼ਰ ਲੈਟਰ ਦੀ ਬਜਾਏ, ਡੀਸੀ ਦਾ ਸਿਫ਼ਾਰਸ਼ੀ ਪੱਤਰ ਦਿੱਤਾ ਗਿਆ ਸੰਗਰੂਰ ਵਿਖੇ ਪਰਿਵਾਰ ਨਾਲ ਕੀਤੀ ਮੁਲਾਕਾਤ- ਭਰੋਸਾ ਦਿੱਤਾ ਕਿ ਕਾਂਗਰਸ ਇਨਸਾਫ਼ ਲਈ ਲੜੇਗੀ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ
Punjab Inside Team
Share:

ਸੰਗਰੂਰ/ਚੰਡੀਗੜ੍ਹ, 11 ਸਤੰਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਖੁਲਾਸਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਨੌਕਰੀ ਦੀ ਪੇਸ਼ਕਸ਼ ਨੂੰ ਲੈ ਕੇ ਧੋਖਾ ਕੀਤਾ ਗਿਆ ਹੈ, ਅਸਲ ਵਿੱਚ ਕੋਈ ਆਫ਼ਰ ਲੈਟਰ ਦਿੱਤਾ ਹੀ ਨਹੀਂ ਗਿਆ ਸੀ।

ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਸਿਰਫ਼ ਸਥਾਨਕ ਡਿਪਟੀ ਕਮਿਸ਼ਨਰ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਸਬੰਧੀ ਸਰਕਾਰ ਨੂੰ ਲਿਖਿਆ ਗਿਆ ਇੱਕ "ਸਿਫ਼ਾਰਸ਼ੀ ਪੱਤਰ" ਸੌਂਪਿਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਦੇ ਸੰਸਕਾਰ ਤੋਂ ਪਹਿਲਾਂ ਪਰਿਵਾਰ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਇਹ ਅਸਲ ਨੌਕਰੀ ਦਾ ਆਫ਼ਰ ਲੈਟਰ ਹੈ।

ਵੜਿੰਗ ਨੇ ਕਿਹਾ ਕਿ ਇਹ ਉਸ ਵਿਅਕਤੀ ਦੇ ਪਰਿਵਾਰ ਨਾਲ ਸ਼ਰੇਆਮ ਧੋਖਾਧੜੀ ਹੈ, ਜਿਸ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਬੰਦਿਆਂ ਵੱਲੋਂ ਡਰਾਏ-ਧਮਕਾਏ ਜਾਣ ਅਤੇ ਜ਼ਲੀਲ ਕੀਤੇ ਜਾਣ ਮਗਰੋਂ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ।

ਵੜਿੰਗ ਨੇ ਕਾਂਗਰਸ ਦੀ ਉਸ ਮੰਗ ਨੂੰ ਮੁੜ ਦੁਹਰਾਇਆ ਜਿਸ ਵਿੱਚ ਮੰਤਰੀ ਮੰਡਲ ਵਿੱਚੋਂ ਚੀਮਾ ਦੀ ਤੁਰੰਤ ਬਰਖ਼ਾਸਤਗੀ ਅਤੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅੰਤ ਵਿੱਚ ਕਾਰਵਾਈ ਕਰਨੀ ਹੀ ਪਵੇਗੀ। ਇਸ ਦੌਰਾਨ ਉਨ੍ਹਾਂ ਇੱਕ ਹੋਰ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਛਲੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਵੇਲੇ ਵੀ ਸਰਕਾਰ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਆਖ਼ਰਕਾਰ ਉਨ੍ਹਾਂ ਨੂੰ ਬਰਖ਼ਾਸਤ ਕਰਕੇ ਜੇਲ੍ਹ ਭੇਜਣਾ ਪਿਆ ਸੀ।

ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਵੜਿੰਗ ਨੇ ਸਰਕਾਰ ਦੇ ਉਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਵਿਰੋਧੀ ਧਿਰ ਇਸ ਮੁੱਦੇ ’ਤੇ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇੱਕ ਬੇਵੱਸ ਅਤੇ ਗਰੀਬ ਵਿਅਕਤੀ, ਜਿਸਦਾ ਪੁੱਤਰ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਚੁੱਕਾ ਸੀ, ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ ਗਿਆ ਅਤੇ ਉਸਨੇ ਮਰਨ ਤੋਂ ਪਹਿਲਾਂ ਆਪਣੇ ਬਿਆਨ ਵਿੱਚ ਮੰਤਰੀ ਦਾ ਨਾਮ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਦੇ ਆਗੂ ਵਜੋਂ ਪੀੜਤ ਪਰਿਵਾਰ ਦੇ ਨਾਲ ਖੜ੍ਹਨਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਸਮੇਤ ਪੂਰਾ ਇਨਸਾਫ਼ ਯਕੀਨੀ ਬਣਾਏਗੀ।

ਵੜਿੰਗ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੋਂ ਲੈ ਕੇ ਹੇਠਲੇ ਪੱਧਰ ਦੇ ਵਰਕਰ ਤੱਕ, ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਕਾਡਰ ਇਨਸਾਫ਼ ਦੀ ਇਸ ਲੜਾਈ ਵਿੱਚ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਕਾਂਗਰਸੀ ਵਰਕਰਾਂ ਨੇ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਹਨ।