ਪਰਮਿੰਦਰ ਸਿੰਘ ਝੋਟਾ ਕਤਲ ਮਾਮਲਾ: ਇਨਸਾਫ਼ ਕਮੇਟੀ ਦਾ ਐਲਾਨ, 31 ਅਕਤੂਬਰ ਨੂੰ ‘ਆਪ’ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਧਰਨੇ ਦੌਰਾਨ ਇਨਸਾਫ਼ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ। ਕਮੇਟੀ ਨੇ 31 ਅਕਤੂਬਰ ਨੂੰ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ 24 ਘੰਟਿਆਂ ਲਈ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਧਰਨੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ, ਮੋਹਨਜੀਤ ਸ਼ੇਰੋ ਸਮੇਤ ਹੋਰ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਹੈ।
ਇਨਸਾਫ਼ ਕਮੇਟੀ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਅਗਲੇ ਸੰਘਰਸ਼ ਦੀ ਰੂਪਰੇਖਾ ਸਾਂਝੀ ਕੀਤੀ ਗਈ। ਕਮੇਟੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸਰਕਾਰ ਨਾਲ ਗੱਲਬਾਤ ਨਹੀਂ ਕੀਤੀ ਜਾਵੇਗੀ।
31 ਅਕਤੂਬਰ ਨੂੰ 24 ਘੰਟਿਆਂ ਲਈ ਵਿਧਾਇਕਾਂ ਦੇ ਘਰਾਂ ਦਾ ਘਿਰਾਓ
ਇਨਸਾਫ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ 30 ਅਕਤੂਬਰ ਨੂੰ ਪੰਜਾਬ ਭਰ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਜਥੇਬੰਦੀਆਂ ਨੂੰ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ।
ਕਮੇਟੀ ਮੁਤਾਬਕ, 31 ਅਕਤੂਬਰ ਨੂੰ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ 24 ਘੰਟਿਆਂ ਲਈ ਘਿਰਾਓ ਕੀਤਾ ਜਾਵੇਗਾ। ਇਹ ਐਲਾਨ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਅਤੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਹੈ।
ਲੱਖਾ ਸਿਧਾਣਾ ਸਮੇਤ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
ਪ੍ਰੈੱਸ ਕਾਨਫਰੰਸ ਦੌਰਾਨ ਕਮੇਟੀ ਆਗੂਆਂ ਨੇ ਦਾਅਵਾ ਕੀਤਾ ਕਿ ਲਗਭਗ 19 ਤੋਂ 20 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਕਮੇਟੀ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਰਕਾਰ ਨਾਲ ਗੱਲਬਾਤ ਅੱਗੇ ਨਹੀਂ ਵਧਾਈ ਜਾਵੇਗੀ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਨੋਟਿਸ ਦਾ ਵੀ ਕੀਤਾ ਜ਼ਿਕਰ
ਇਨਸਾਫ਼ ਕਮੇਟੀ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮਾਨਸਾ ਵਿੱਚ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਤੋਂ 15 ਦਿਨਾਂ ਦੇ ਅੰਦਰ ਜਵਾਬ ਮੰਗਿਆ ਹੈ।
ਪੁਲਿਸ ਕਾਰਵਾਈ ਤੋਂ ਬਾਅਦ ਸੰਘਰਸ਼ ਤੇਜ਼ ਕਰਨ ਦਾ ਐਲਾਨ
ਜ਼ਿਕਰਯੋਗ ਹੈ ਕਿ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਧਰਨਾ ਲਗਾਇਆ ਗਿਆ ਸੀ। ਇਸ ਦੌਰਾਨ ਪੁਲਿਸ ਨੇ ਧਰਨੇ ਵਿੱਚ ਪਹੁੰਚੇ ਲੱਖਾ ਸਿਧਾਣਾ ਸਮੇਤ ਹੋਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਸੀ। ਇਸ ਕਾਰਵਾਈ ਦੌਰਾਨ ਹੰਗਾਮਾ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ।
ਹੁਣ ਪੁਲਿਸ ਕਾਰਵਾਈ ਦੇ ਵਿਰੋਧ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇਨਸਾਫ਼ ਕਮੇਟੀ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।

