ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮੰਤਰੀ ਖੁੱਡੀਆਂ, ਹਰ ਮਦਦ ਦਾ ਦਿੱਤਾ ਭਰੋਸਾ
ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਪਹੁੰਚੇ। ਝੋਟਾ ਦੇ ਪਿਤਾ ਭੀਮ ਸਿੰਘ ਨੇ ਮੰਤਰੀਆਂ ਦੇ ਪੈਨਲ ਅਤੇ ਮੁੱਖ ਸਕੱਤਰ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਵੱਲੋਂ ਅਜੇ ਤੱਕ ਸਸਕਾਰ ਅਤੇ ਪੋਸਟਮਾਰਟਮ ਨਹੀਂ ਕਰਵਾਇਆ ਗਿਆ।

ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਦੇ ਨੁਮਾਇੰਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟਾਇਆ।
ਮੰਤਰੀ ਖੁੱਡੀਆਂ ਨੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ
ਮੁਲਾਕਾਤ ਬਾਰੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਦੱਸਦਿਆਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ।
ਭੀਮ ਸਿੰਘ ਮੁਤਾਬਕ ਮੰਤਰੀ ਨੇ ਪਰਿਵਾਰ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਮੰਤਰੀਆਂ ਦੇ ਪੈਨਲ ਨਾਲ ਮੁਲਾਕਾਤ ਦੀ ਮੰਗ
ਪਰਮਿੰਦਰ ਸਿੰਘ ਝੋਟਾ ਦੇ ਪਿਤਾ ਨੇ ਕਿਹਾ ਕਿ ਪਰਿਵਾਰ ਵੱਲੋਂ ਮੰਤਰੀ ਖੁੱਡੀਆਂ ਨੂੰ ਮੰਤਰੀਆਂ ਦੇ ਪੈਨਲ ਨਾਲ ਮੁਲਾਕਾਤ ਕਰਵਾਉਣ ਦਾ ਸੱਦਾ ਦਿੱਤਾ ਗਿਆ ਹੈ, ਤਾਂ ਜੋ ਮਾਮਲੇ ਦਾ ਹੱਲ ਕੱਢਿਆ ਜਾ ਸਕੇ।
ਉਨ੍ਹਾਂ ਕਿਹਾ, “ਅਸੀਂ ਉਨ੍ਹਾਂ ਨੂੰ ਕਿਸੇ ਵੀ ਸਮੇਂ ਮੁਲਾਕਾਤ ਕਰਨ ਲਈ ਕਿਹਾ ਹੈ। ਜੇ ਮੰਤਰੀਆਂ ਦੇ ਨਾਲ ਮੁੱਖ ਸਕੱਤਰ ਵੀ ਆਉਣ ਤਾਂ ਮਸਲਾ ਜਲਦੀ ਹੱਲ ਹੋ ਸਕਦਾ ਹੈ। ਹਾਲਾਂਕਿ, ਮੁਲਾਕਾਤ ਕਦੋਂ ਹੋਵੇਗੀ, ਇਸ ਬਾਰੇ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।”
ਪਰਿਵਾਰ ਦੀਆਂ ਕੀ ਹਨ ਮੰਗਾਂ?
ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਪੈਨਲ ਨਾਲ ਮੁਲਾਕਾਤ ਦੀ ਮੰਗ ਕੀਤੀ ਜਾ ਰਹੀ ਸੀ, ਤਾਂ ਜੋ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾ ਸਕੇ।
ਕਈ ਦਿਨਾਂ ਬਾਅਦ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਪਰਿਵਾਰ ਅਤੇ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੀ ਕਈ ਮੰਗਾਂ ਰੱਖੀਆਂ ਗਈਆਂ ਹਨ।
ਇਨ੍ਹਾਂ ਮੰਗਾਂ ਨੂੰ ਲੈ ਕੇ ਪਰਿਵਾਰ ਵੱਲੋਂ ਅਜੇ ਤੱਕ ਪਰਮਿੰਦਰ ਸਿੰਘ ਝੋਟਾ ਦਾ ਸਸਕਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਪੋਸਟਮਾਰਟਮ ਕਰਵਾਇਆ ਗਿਆ ਹੈ।

