The Punjab Inside
Friday, 20 November 2026Admin Login
Punjab

ਪਰਮਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ, SGPC ਵੱਲੋਂ ਐਲਾਨ

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਉਨ੍ਹਾਂ ਨੇ ਘਟਨਾ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਅਤੇ ਝੋਟਾ ਦੇ ਦੋ ਬੱਚਿਆਂ ਲਈ 10-10 ਲੱਖ ਰੁਪਏ ਦੀ ਐੱਫਡੀਆਰ ਤੇ ਪਰਵਰਿਸ਼ ਦੀ ਜ਼ਿੰਮੇਵਾਰੀ ਚੁੱਕਣ ਦੀ ਪੇਸ਼ਕਸ਼ ਕੀਤੀ। ਬਾਪੂ ਭੀਮ ਸਿੰਘ ਨੇ ਆਪਣੇ ਪਰਿਵਾਰ ਲਈ ਮਦਦ ਲੈਣ ਤੋਂ ਇਨਕਾਰ ਕਰ ਦਿੱਤਾ।

ਪਰਮਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ, SGPC ਵੱਲੋਂ ਐਲਾਨ
Punjab Inside Team
Share:

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਝੋਟਾ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ।

ਇਹ ਐਲਾਨ ਉਨ੍ਹਾਂ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਕੀਤਾ। ਇਸ ਮੌਕੇ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਚੜ੍ਹਦੀ ਕਲਾ ਵਿੱਚ ਰੱਖਣ।

ਜ਼ਖ਼ਮੀ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਮਦਦ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਰਕਮ ਵਿੱਚੋਂ ਹਰੇਕ ਜ਼ਖ਼ਮੀ ਨੂੰ 2.5 ਲੱਖ ਰੁਪਏ ਇਲਾਜ ਲਈ ਅਤੇ 2.5 ਲੱਖ ਰੁਪਏ ਆਰਥਿਕ ਸਹਾਇਤਾ ਵਜੋਂ ਦਿੱਤੇ ਜਾਣਗੇ।

ਉਨ੍ਹਾਂ ਨੇ ਜ਼ਖ਼ਮੀਆਂ ਦੀ ਸਿਹਤ ਬਾਰੇ ਜਾਣਕਾਰੀ ਵੀ ਹਾਸਲ ਕੀਤੀ ਅਤੇ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਉਨ੍ਹਾਂ ਦਾ ਇਲਾਜ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਕਰਵਾਉਣ ਲਈ SGPC ਤਿਆਰ ਹੈ। ਸੰਸਥਾ ਵੱਲੋਂ ਯਤਨ ਕੀਤਾ ਜਾਵੇਗਾ ਕਿ ਇਲਾਜ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।

ਬੱਚਿਆਂ ਦੇ ਨਾਂ ’ਤੇ 10-10 ਲੱਖ ਦੀ ਐੱਫਡੀਆਰ ਦੀ ਪੇਸ਼ਕਸ਼

SGPC ਪ੍ਰਧਾਨ ਨੇ ਭਾਈ ਝੋਟਾ ਦੇ ਦੋ ਬੱਚਿਆਂ, ਜਿਨ੍ਹਾਂ ਦੀ ਉਮਰ 9 ਅਤੇ 6 ਸਾਲ ਦੱਸੀ ਗਈ ਹੈ, ਦੇ ਨਾਂ ’ਤੇ 10-10 ਲੱਖ ਰੁਪਏ ਦੀਆਂ ਫਿਕਸਡ ਡਿਪਾਜ਼ਿਟ ਰਸੀਦਾਂ (FDR) ਕਰਵਾਉਣ ਅਤੇ ਉਨ੍ਹਾਂ ਦੀ ਪਰਵਰਿਸ਼ ਦੀ ਜ਼ਿੰਮੇਵਾਰੀ ਚੁੱਕਣ ਦੀ ਪੇਸ਼ਕਸ਼ ਵੀ ਕੀਤੀ।

ਹਾਲਾਂਕਿ, ਭਾਈ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨੇ ਆਪਣੇ ਪਰਿਵਾਰ ਲਈ ਇਹ ਮਦਦ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਮਿਹਰ ਨਾਲ ਉਨ੍ਹਾਂ ਦਾ ਪਰਿਵਾਰ ਆਤਮ-ਨਿਰਭਰ ਹੈ ਅਤੇ ਉਨ੍ਹਾਂ ਨੇ ਸਿਰਫ਼ ਜ਼ਖ਼ਮੀ ਨੌਜਵਾਨਾਂ ਲਈ ਮਦਦ ਦੀ ਮੰਗ ਕੀਤੀ ਸੀ।

ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਅੱਗੇ ਵਧਾਉਣ ਦੀ ਅਪੀਲ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਦੇ ਉਦੇਸ਼ ਨਾਲ ਸੰਘਰਸ਼ ਦਾ ਰਾਹ ਚੁਣਿਆ। ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਉਪਰਾਲਾ ਨਸ਼ਿਆਂ ਵਿਰੁੱਧ ਉਨ੍ਹਾਂ ਦੇ ਸੰਘਰਸ਼ ਅਤੇ ਸਮਾਜ ਪ੍ਰਤੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ ਅਤੇ ਇਸ ਮਕਸਦ ਲਈ ਕੀਤੇ ਜਾਣ ਵਾਲੇ ਯਤਨਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਦੁੱਖ ਦੀ ਇਸ ਘੜੀ ਵਿੱਚ SGPC ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਲਈ ਤਿਆਰ ਹੈ।

ਸੰਘਰਸ਼ ਕਰ ਰਹੀਆਂ ਸੰਗਤਾਂ ਲਈ ਲੰਗਰ ਸੇਵਾ ਜਾਰੀ ਰਹੇਗੀ

SGPC ਪ੍ਰਧਾਨ ਨੇ ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਵਾਸਤੇ ਲੰਗਰ ਸੇਵਾ ਲਗਾਤਾਰ ਜਾਰੀ ਰੱਖਣ ਅਤੇ ਪਖਾਨਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, SGPC ਦੇ ਅੰਤਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਵੀਰ ਸਿੰਘ ਅਤੇ ਹਰਭਜਨ ਸਿੰਘ ਵਕਤਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।