The Punjab Inside
Friday, 20 November 2026Admin Login
Punjab

ਪਰਵਿੰਦਰ ਸਿੰਘ ਝੋਟਾ ਦਾ ਦੀਵਾਲੀ ਮੌਕੇ ਅੰਤਿਮ ਸੰਸਕਾਰ, ਪੁੱਤਰ ਤੇ ਪਿਤਾ ਨੇ ਦਿੱਤੀ ਚਿਤਾ ਨੂੰ ਅਗਨੀ

ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿੱਚ ਦੀਵਾਲੀ ਵਾਲੇ ਦਿਨ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਵੱਡੀ ਗਿਣਤੀ ਵਿੱਚ ਲੋਕਾਂ ਨੇ ਅੰਤਿਮ ਵਿਦਾਈ ਦਿੱਤੀ। ਪਿਤਾ ਭੀਮ ਸਿੰਘ ਫ਼ੌਜੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਪਰਵਿੰਦਰ ਸਿੰਘ ਝੋਟਾ ਦਾ ਦੀਵਾਲੀ ਮੌਕੇ ਅੰਤਿਮ ਸੰਸਕਾਰ, ਪੁੱਤਰ ਤੇ ਪਿਤਾ ਨੇ ਦਿੱਤੀ ਚਿਤਾ ਨੂੰ ਅਗਨੀ
Punjab Inside Team
Share:

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਦੀਵਾਲੀ ਵਾਲੇ ਦਿਨ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਚਕੇਰੀਆਂ ਸੜਕ ਨੇੜੇ ਸਥਿਤ ਖੇਤ ਵਿੱਚ ਹੋਏ ਸਸਕਾਰ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਝੋਟਾ ਦੇ ਵੱਡੇ ਪੁੱਤਰ ਅਤੇ ਉਨ੍ਹਾਂ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਚਿਤਾ ਨੂੰ ਅਗਨੀ ਦਿੱਤੀ।

ਨਸ਼ਿਆਂ ਖ਼ਿਲਾਫ਼ ਸੰਘਰਸ਼ ਨੂੰ ਕੀਤਾ ਯਾਦ

ਅੰਤਿਮ ਸੰਸਕਾਰ ਤੋਂ ਪਹਿਲਾਂ ਹੋਏ ਇਕੱਠ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਇਸ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦਾ ਮੁੱਦਾ ਚੁੱਕਿਆ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਲੋੜੀਂਦੇ ਸਖ਼ਤ ਕਦਮ ਨਹੀਂ ਚੁੱਕੇ ਗਏ।

ਪਰਿਵਾਰਕ ਮੈਂਬਰਾਂ ਨੇ ਪਰਵਿੰਦਰ ਝੋਟਾ ਦੇ ਸੰਘਰਸ਼ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਜਵਾਨੀ ਅਤੇ ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੜਾਈ ਲੜੀ। ਉਨ੍ਹਾਂ ਉਮੀਦ ਜਤਾਈ ਕਿ ਝੋਟਾ ਦੀ ਜ਼ਿੰਦਗੀ ਅਤੇ ਸੰਘਰਸ਼ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਡਟਣ ਦੀ ਪ੍ਰੇਰਨਾ ਦਿੰਦਾ ਰਹੇਗਾ।

ਅੰਤਿਮ ਯਾਤਰਾ ਦੌਰਾਨ ਫੁੱਲਾਂ ਦੀ ਵਰਖਾ

ਅੰਤਿਮ ਵਿਦਾਈ ਤੋਂ ਪਹਿਲਾਂ ਜਦੋਂ ਮ੍ਰਿਤਕ ਦੇਹ ਨੂੰ ਧਰਨਾ ਸਥਾਨ ਵੱਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾਂਜਲੀ ਭੇਟ ਕੀਤੀ। ਵੱਡੀ ਗਿਣਤੀ ਵਿੱਚ ਲੋਕ ਵਾਹਨ ਦੇ ਪਿੱਛੇ ਚੱਲਦੇ ਹੋਏ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ।

ਇਸ ਮੌਕੇ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਦੀਵਾਲੀ ਦੇ ਪਵਿੱਤਰ ਮੌਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਨਾ ਕਰਨ ਦਾ ਪ੍ਰਣ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

ਪਰਿਵਾਰਕ ਮੈਂਬਰਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਵਿੰਦਰ ਝੋਟਾ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੇ ਮੱਦੇਨਜ਼ਰ ਉਨ੍ਹਾਂ ਨੂੰ ਵਿਸ਼ੇਸ਼ ਸਤਿਕਾਰ ਨਾਲ ਅੰਤਿਮ ਵਿਦਾਈ ਦਿੱਤੀ ਗਈ।

26 ਦਿਨ ਬਾਅਦ ਹੋਇਆ ਅੰਤਿਮ ਸੰਸਕਾਰ

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ ’ਤੇ ਗੋਲੀ ਮਾਰ ਕੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਕਰੀਬ 26 ਦਿਨ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਇਆ। ਮਾਮਲੇ ਵਿੱਚ ਸੀਬੀਆਈ ਵੱਲੋਂ ਮੁੜ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।

ਇਸ ਕਤਲ ਅਤੇ ਅੰਤਿਮ ਸੰਸਕਾਰ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਸਿਆਸੀ ਬਹਿਸ ਦਾ ਵਿਸ਼ਾ ਬਣੀ ਰਹੀ। ਰਾਜਾ ਵੜਿੰਗ, ਸੁਖਪਾਲ ਸਿੰਘ ਖਹਿਰਾ, ਬਿਕਰਮ ਸਿੰਘ ਮਜੀਠੀਆ ਅਤੇ ਰਵਨੀਤ ਸਿੰਘ ਬਿੱਟੂ ਸਮੇਤ ਕਈ ਸਿਆਸੀ ਆਗੂਆਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ।