ਚੰਡੀਗੜ੍ਹ ’ਚ ਅੱਜ ਪੰਜਾਬ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਇੱਕੋ ਮੰਚ ’ਤੇ ਨਜ਼ਰ ਆ ਸਕਦੇ ਨੇ ਚੰਨੀ ਤੇ ਰਾਜਾ ਵੜਿੰਗ
ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿੱਚ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂ ਤੇ ਵਰਕਰ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਇਕੱਠੇ ਹੋਣਗੇ, ਜਿੱਥੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਰਕਾਰੀ ਰਿਹਾਇਸ਼ ਵੱਲ ਵਿਰੋਧ ਮਾਰਚ ਕੱਢਿਆ ਜਾਵੇਗਾ। ਨਵੇਂ ਇੰਚਾਰਜ ਸਚਿਨ ਪਾਇਲਟ ਦੀ ਮੌਜੂਦਗੀ ਦੌਰਾਨ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਸਮੇਤ ਪਾਰਟੀ ਦੇ ਵੱਖ-ਵੱਖ ਧੜਿਆਂ ਦੇ ਆਗੂ ਇੱਕੋ ਮੰਚ ’ਤੇ ਨਜ਼ਰ ਆ ਸਕਦੇ ਹਨ।

ਸਵੇਰੇ 11 ਵਜੇ ਕਾਂਗਰਸ ਭਵਨ ਤੋਂ ਨਿਕਲੇਗਾ ਮਾਰਚ
ਕਾਂਗਰਸ ਦੇ ਆਗੂ ਅਤੇ ਵਰਕਰ ਸਵੇਰੇ 11 ਵਜੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਇਕੱਠੇ ਹੋਣਗੇ। ਇਸ ਤੋਂ ਬਾਅਦ ਵਿਰੋਧ ਮਾਰਚ ਕੱਢਿਆ ਜਾਵੇਗਾ, ਜੋ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਰਕਾਰੀ ਰਿਹਾਇਸ਼ ਵੱਲ ਜਾਵੇਗਾ।
ਪੰਜਾਬ ਕਾਂਗਰਸ ਦੇ ਵੱਖ-ਵੱਖ ਧੜਿਆਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਚੰਨੀ ਤੇ ਰਾਜਾ ਵੜਿੰਗ ਇੱਕੋ ਮੰਚ ’ਤੇ?
ਇਸ ਪ੍ਰਦਰਸ਼ਨ ਦੀ ਸਭ ਤੋਂ ਵੱਡੀ ਸਿਆਸੀ ਚਰਚਾ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸੰਭਾਵਿਤ ਸਾਂਝੀ ਮੌਜੂਦਗੀ ਨੂੰ ਲੈ ਕੇ ਹੈ।
ਕਰੀਬ ਤਿੰਨ ਮਹੀਨਿਆਂ ਬਾਅਦ ਦੋਵੇਂ ਆਗੂ ਇੱਕੋ ਮੰਚ ’ਤੇ ਨਜ਼ਰ ਆ ਸਕਦੇ ਹਨ। ਇਸ ਤੋਂ ਪਹਿਲਾਂ ਪਾਰਟੀ ਅੰਦਰਲੇ ਮਤਭੇਦਾਂ ਕਾਰਨ ਦੋਵਾਂ ਆਗੂਆਂ ਵਿਚਾਲੇ ਸਿਆਸੀ ਦੂਰੀ ਦੀਆਂ ਚਰਚਾਵਾਂ ਰਹੀਆਂ ਹਨ।
ਹੁਣ ਸਚਿਨ ਪਾਇਲਟ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਵੱਖ-ਵੱਖ ਧੜਿਆਂ ਦੇ ਆਗੂਆਂ ਦੇ ਇੱਕਜੁੱਟ ਹੋਣ ਨੂੰ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।
ਰਾਜਾ ਵੜਿੰਗ ਦੀ ਕੁਰਸੀ ’ਤੇ ਵੀ ਚਰਚਾ
ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੀ ਕਮਾਨ ਵਿੱਚ ਬਦਲਾਅ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਵੀ ਅਜੇ ਖ਼ਤਮ ਨਹੀਂ ਹੋਈਆਂ। ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਬਦਲਣ ਦੀਆਂ ਸੰਭਾਵਨਾਵਾਂ ਬਾਰੇ ਸਚਿਨ ਪਾਇਲਟ ਨੇ ਹਾਲ ਹੀ ਵਿੱਚ ਸਿੱਧਾ ਕੋਈ ਜਵਾਬ ਨਹੀਂ ਦਿੱਤਾ ਸੀ।
ਅਜਿਹੇ ਵਿੱਚ ਪਾਇਲਟ ਦੇ ਪੰਜਾਬ ਦੌਰੇ ਅਤੇ ਪਾਰਟੀ ਆਗੂਆਂ ਨਾਲ ਮੁਲਾਕਾਤਾਂ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਅੱਜ ਦਾ ਪ੍ਰਦਰਸ਼ਨ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਕਿਸ ਦਿਸ਼ਾ ਵੱਲ ਲੈ ਕੇ ਜਾਂਦਾ ਹੈ।
