The Punjab Inside
Friday, 20 November 2026Admin Login
Punjab

ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪਰਗਟ ਸਿੰਘ ਬੋਲੇ- ਹਰ ਵਰਗ ਨਾਲ ਕਰਾਂਗੇ ਸਿੱਧਾ ਸੰਵਾਦ

ਪੰਜਾਬ ਕਾਂਗਰਸ 11 ਨਵੰਬਰ ਤੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ ਕਰੇਗੀ। ਪਰਗਟ ਸਿੰਘ ਨੇ ਦੱਸਿਆ ਕਿ ਮਾਲਵਾ, ਮਾਝਾ ਅਤੇ ਦੁਆਬਾ ਵਿੱਚ ਜਨ ਸੰਪਰਕ ਪ੍ਰੋਗਰਾਮ ਕਰਕੇ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਹੋਰ ਵਰਗਾਂ ਨਾਲ ਸੰਵਾਦ ਕੀਤਾ ਜਾਵੇਗਾ। ਨਸ਼ੇ, ਗੈਂਗਸਟਰਵਾਦ, ਕਾਨੂੰਨ ਵਿਵਸਥਾ ਅਤੇ ਝੋਨੇ ਦੀ ਖਰੀਦ ਮੁੱਖ ਮੁੱਦੇ ਹੋਣਗੇ।

ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪਰਗਟ ਸਿੰਘ ਬੋਲੇ- ਹਰ ਵਰਗ ਨਾਲ ਕਰਾਂਗੇ ਸਿੱਧਾ ਸੰਵਾਦ
Punjab Inside Team
Share:

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ 11 ਨਵੰਬਰ ਤੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਕਾਂਗਰਸ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰੇਗੀ ਅਤੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਤੇ ਉਮੀਦਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ।

ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਨਾਲ ਇਸ ਮੁਹਿੰਮ ਦਾ ਆਗਾਜ਼ ਹੋ ਚੁੱਕਾ ਹੈ। ਹੁਣ ਇਸ ਨੂੰ ਪੂਰੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ। ਕਾਂਗਰਸ ਵੱਲੋਂ ਆਈ.ਟੀ. ਸੈਕਟਰ, ਖੇਤੀਬਾੜੀ, ਉਦਯੋਗ ਜਗਤ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਮੁਲਾਕਾਤਾਂ ਕੀਤੀਆਂ ਜਾਣਗੀਆਂ। ਇਸ ਲਈ ਮਾਲਵਾ, ਮਾਝਾ ਅਤੇ ਦੁਆਬਾ ਖੇਤਰਾਂ ਵਿੱਚ ਵਿਸ਼ੇਸ਼ ਜਨ ਸੰਪਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।

ਚੰਨੀ ਸਾਈਕਲ ਰੈਲੀ ਰਾਹੀਂ ਲੋਕਾਂ ਤੱਕ ਪਹੁੰਚਣਗੇ

ਪਰਗਟ ਸਿੰਘ ਨੇ ਦੱਸਿਆ ਕਿ ਮੁਹਿੰਮ ਤਹਿਤ ਕੈਂਪੇਨ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਜਵਾਨੀ ਸੰਭਾਲ, ਜੱਟਾ’ ਸਾਈਕਲ ਰੈਲੀ ਰਾਹੀਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਸੰਵਾਦ ਕਰਨਗੇ। ਇਸ ਤੋਂ ਇਲਾਵਾ ਕਾਂਗਰਸ ਦੇ 5 ਤੋਂ 6 ਸੀਨੀਅਰ ਆਗੂ ਵੱਖ-ਵੱਖ ਖੇਤਰਾਂ ਵਿੱਚ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਪਾਰਟੀ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਗੇ।

ਨਸ਼ੇ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਹੋਣਗੇ ਮੁੱਖ ਮੁੱਦੇ

ਪਰਗਟ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬਾ ਇਸ ਸਮੇਂ ਨਸ਼ਿਆਂ, ਗੈਂਗਸਟਰਵਾਦ, ਵਿਗੜਦੀ ਕਾਨੂੰਨ ਵਿਵਸਥਾ ਅਤੇ ਪੁਲਿਸ ਸਟੇਟ ਵਰਗੇ ਹਾਲਾਤਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਅਫ਼ਸਰਸ਼ਾਹੀ ਦੀ ਮਿਸਮੈਨੇਜਮੈਂਟ ਨੂੰ ਵੀ ਆਮ ਲੋਕਾਂ ਅਤੇ ਨੌਜਵਾਨਾਂ ਦੀਆਂ ਮੁਸ਼ਕਲਾਂ ਦਾ ਕਾਰਨ ਦੱਸਿਆ।

ਉਨ੍ਹਾਂ ਕਿਹਾ ਕਿ ਪੀ.ਸੀ.ਐੱਸ. ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕਰਕੇ ਪ੍ਰੀਖਿਆ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਪ੍ਰਬੰਧਕੀ ਕਮੀਆਂ ਬਾਰੇ ਸ਼ਿਕਾਇਤਾਂ ਕੀਤੀਆਂ ਹਨ। ਕਾਂਗਰਸ ਇਨ੍ਹਾਂ ਸਾਰੇ ਮੁੱਦਿਆਂ ਨੂੰ ਆਪਣੀ ਮੁਹਿੰਮ ਦਾ ਹਿੱਸਾ ਬਣਾਏਗੀ ਅਤੇ ਸਰਕਾਰ ਨੂੰ ਜਵਾਬਦੇਹ ਬਣਾਏਗੀ।

ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਾਲਾਤ ਵਿਗਾੜ ਦਿੱਤੇ ਹਨ। ਪਾਰਟੀ ਨੇ ਨਸ਼ਾ ਖ਼ਤਮ ਕਰਨ ਲਈ ਦੋ ਸਾਲ ਦਾ ਸਮਾਂ ਮੰਗਿਆ ਸੀ, ਪਰ ਅੱਜ ਵੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਸੱਤਾ ਦਾ ਅਸਲ ਕੰਟਰੋਲ ਨਹੀਂ ਹੈ ਅਤੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਚਲਾ ਰਹੇ ਹਨ।

ਲੋਕਾਂ ਦੇ ਸੁਝਾਵਾਂ ਨਾਲ ਤਿਆਰ ਹੋਵੇਗਾ ਚੋਣ ਮਨੋਰਥ ਪੱਤਰ

ਕਾਂਗਰਸ ਦੇ ਚੋਣ ਮਨੋਰਥ ਪੱਤਰ ਬਾਰੇ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨਾਲ ਮਿਲ ਕੇ ਵੱਖ-ਵੱਖ ਵਰਗਾਂ ਤੋਂ ਸੁਝਾਅ ਅਤੇ ਫੀਡਬੈਕ ਲਿਆ ਜਾ ਰਿਹਾ ਹੈ। ਇਸ ਵਿੱਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੀ ਰਾਇ ਵੀ ਸ਼ਾਮਲ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਅਤੇ ਮਾਹਿਰਾਂ ਤੋਂ ਮਿਲਣ ਵਾਲੇ ਸੁਝਾਵਾਂ ਵਿੱਚੋਂ ਜਨਹਿੱਤ ਨਾਲ ਜੁੜੇ ਬਿਹਤਰ ਸੁਝਾਵਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਪੰਜਾਬ ਦੇ ਭਵਿੱਖ ਅਤੇ ਖੁਸ਼ਹਾਲੀ ਲਈ ਵਿਹਾਰਕ ਰੋਡਮੈਪ ਤਿਆਰ ਕੀਤਾ ਜਾ ਸਕੇ।

ਝੋਨੇ ਦੀ ਖਰੀਦ ਨੂੰ ਲੈ ਕੇ ਵੀ ਸਰਕਾਰ ’ਤੇ ਹਮਲਾ

ਝੋਨੇ ਦੀ ਖਰੀਦ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਹਾਲਤ ਬੇਹੱਦ ਮਾੜੀ ਹੈ। ਉਨ੍ਹਾਂ ਦੇ ਦਾਅਵੇ ਅਨੁਸਾਰ ਲਗਭਗ 20 ਤੋਂ 25 ਫ਼ੀਸਦੀ ਝੋਨਾ ਅਜੇ ਵੀ ਮੰਡੀਆਂ ਵਿੱਚ ਪਿਆ ਹੈ, ਜਿਸ ਦੀ ਖਰੀਦ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੰਡੀਆਂ ਵਿੱਚ ਆਉਣ ਵਾਲੇ ਹਰ ਦਾਣੇ ਦੀ ਖਰੀਦ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਕਿਸਾਨ ਆਪਣੀ ਫ਼ਸਲ ਦੀ ਖਰੀਦ ਅਤੇ ਅਦਾਇਗੀ ਨੂੰ ਲੈ ਕੇ ਪ੍ਰੇਸ਼ਾਨ ਹਨ।

ਜਲਦ ਜਾਰੀ ਹੋ ਸਕਦੀ ਹੈ ਉਮੀਦਵਾਰਾਂ ਦੀ ਪਹਿਲੀ ਸੂਚੀ

ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਬਾਰੇ ਪੁੱਛੇ ਸਵਾਲ ’ਤੇ ਪਰਗਟ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਸਰਵੇਖਣ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਪੱਧਰਾਂ ’ਤੇ ਮੀਟਿੰਗਾਂ ਵੀ ਜਾਰੀ ਹਨ। ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਲਦ ਤੋਂ ਜਲਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇ।

ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਰਾਣਾ ਗੁਰਜੀਤ ਸਿੰਘ, ਗੁਰਜੀਤ ਸਿੰਘ ਔਜਲਾ, ਡਾ. ਧਰਮਵੀਰ ਗਾਂਧੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਡਾ. ਰਾਜ ਕੁਮਾਰ ਵੇਰਕਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ।