The Punjab Inside
Friday, 20 November 2026Admin Login
Punjab

ਪੰਜਾਬ PCS ਮੁੱਖ ਪ੍ਰੀਖਿਆ ਦੇ ਨਤੀਜਿਆਂ ’ਤੇ ਉੱਠੇ ਸਵਾਲ, ਪਰਗਟ ਸਿੰਘ ਨੇ ਮਾਨ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ PCS ਮੁੱਖ ਪ੍ਰੀਖਿਆ ਦੇ ਨਤੀਜਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ’ਤੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ। ਉਨ੍ਹਾਂ PPSC ਚੇਅਰਮੈਨ ਤੋਂ ਸਪੱਸ਼ਟੀਕਰਨ ਅਤੇ ਚੋਣ ਪ੍ਰਕਿਰਿਆ ਦੀ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਪੰਜਾਬ PCS ਮੁੱਖ ਪ੍ਰੀਖਿਆ ਦੇ ਨਤੀਜਿਆਂ ’ਤੇ ਉੱਠੇ ਸਵਾਲ, ਪਰਗਟ ਸਿੰਘ ਨੇ ਮਾਨ ਸਰਕਾਰ ਤੋਂ ਮੰਗਿਆ ਜਵਾਬ
Punjab Inside Team
Share:

ਪੰਜਾਬ PCS ਮੁੱਖ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਨੂੰ ਲੈ ਕੇ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਨਤੀਜਿਆਂ ’ਤੇ ਉੱਠ ਰਹੇ ਸਵਾਲਾਂ ਨੂੰ ਗੰਭੀਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਪਰਗਟ ਸਿੰਘ ਨੇ ਕਿਹਾ ਕਿ 331 ਅਸਾਮੀਆਂ ਲਈ 751 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਪਰ ਨਤੀਜਿਆਂ ਤੋਂ ਬਾਅਦ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਸਬੰਧੀ ਕਈ ਸਵਾਲ ਉਠਾਏ ਜਾ ਰਹੇ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ।

ਪ੍ਰੀਖਿਆ ਕੇਂਦਰਾਂ ਅਤੇ ਕਮਰਿਆਂ ਦੇ ਅੰਕੜਿਆਂ ’ਤੇ ਉੱਠੇ ਸਵਾਲ

ਪਰਗਟ ਸਿੰਘ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਚਾਰ ਪ੍ਰੀਖਿਆ ਕੇਂਦਰਾਂ ਦੇ ਕੁਝ ਖ਼ਾਸ ਕਮਰਿਆਂ ਵਿੱਚੋਂ 10 ਤੋਂ 11 ਉਮੀਦਵਾਰਾਂ ਦੀ ਚੋਣ ਹੋਣ ਅਤੇ ਕੁਝ ਕਮਰਿਆਂ ਵਿੱਚ 40 ਫ਼ੀਸਦੀ ਤੋਂ ਵੱਧ ਉਮੀਦਵਾਰਾਂ ਦੇ ਸ਼ਾਰਟਲਿਸਟ ਹੋਣ ’ਤੇ ਸਵਾਲ ਚੁੱਕੇ ਜਾ ਰਹੇ ਹਨ।

ਉਨ੍ਹਾਂ ਅਨੁਸਾਰ, ਇੱਕ ਪ੍ਰੀਖਿਆ ਕੇਂਦਰ ਵਿੱਚ ਚੋਣ ਦਰ 24.21 ਫ਼ੀਸਦੀ ਅਤੇ ਦੂਜੇ ਕੇਂਦਰ ਦੇ ਇੱਕ ਕਮਰੇ ਵਿੱਚ ਸਿਰਫ਼ 2.89 ਫ਼ੀਸਦੀ ਹੋਣ ਦੇ ਅੰਕੜੇ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਤੋਂ ਇਲਾਵਾ ਚੁਣੇ ਗਏ ਉਮੀਦਵਾਰਾਂ ਦੇ ਲਗਾਤਾਰ ਰੋਲ ਨੰਬਰ ਹੋਣ ਅਤੇ ਕਥਿਤ ਤੌਰ ’ਤੇ ਪ੍ਰੀਖਿਆ ਵਿੱਚ ਗੈਰ-ਹਾਜ਼ਰ ਰਹੇ ਉਮੀਦਵਾਰਾਂ ਦੇ ਰੋਲ ਨੰਬਰ ਚੋਣ ਸੂਚੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਸਾਹਮਣੇ ਆਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨੂੰ ਇਨ੍ਹਾਂ ਸਾਰੇ ਸਵਾਲਾਂ ਦਾ ਤੱਥਾਂ ਸਮੇਤ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

PPSC ਚੇਅਰਮੈਨ ਤੋਂ ਜਨਤਕ ਤੌਰ ’ਤੇ ਸਪੱਸ਼ਟੀਕਰਨ ਦੇਣ ਦੀ ਮੰਗ

ਪਰਗਟ ਸਿੰਘ ਨੇ ਮੰਗ ਕੀਤੀ ਕਿ PPSC ਦੇ ਚੇਅਰਮੈਨ ਜਨਤਕ ਤੌਰ ’ਤੇ ਸਾਹਮਣੇ ਆ ਕੇ ਉਮੀਦਵਾਰਾਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਅਤੇ ਕਮਰਿਆਂ ਅਨੁਸਾਰ ਚੋਣ ਦੇ ਅੰਕੜਿਆਂ, ਹਾਜ਼ਰੀ ਰਿਕਾਰਡ ਅਤੇ ਰੋਲ ਨੰਬਰਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਸੁਝਾਅ ਦਿੱਤਾ ਕਿ ਜਾਂਚ ਕਿਸੇ ਅਜਿਹੀ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ, ਜਿਸ ਦੀ ਨਿਰਪੱਖਤਾ ’ਤੇ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ।

ਨੌਜਵਾਨਾਂ ਦੇ ਭਰੋਸੇ ਨਾਲ ਜੁੜਿਆ ਮਾਮਲਾ: ਪਰਗਟ ਸਿੰਘ

ਕਾਂਗਰਸੀ ਆਗੂ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਕੁਝ ਉਮੀਦਵਾਰਾਂ ਦੀ ਚੋਣ ਜਾਂ ਪ੍ਰੀਖਿਆ ਦੇ ਨਤੀਜਿਆਂ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਦੀ ਸਮੁੱਚੀ ਸਰਕਾਰੀ ਭਰਤੀ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨਾਲ ਜੁੜਿਆ ਹੋਇਆ ਹੈ। ਹਜ਼ਾਰਾਂ ਨੌਜਵਾਨ ਸਰਕਾਰੀ ਨੌਕਰੀ ਹਾਸਲ ਕਰਨ ਲਈ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਦੀਆਂ ਉਮੀਦਾਂ ਨਾਲ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਅਜਿਹੇ ਵਿੱਚ ਚੋਣ ਪ੍ਰਕਿਰਿਆ ’ਤੇ ਸਵਾਲ ਉੱਠਣ ਨਾਲ ਉਨ੍ਹਾਂ ਦੇ ਭਰੋਸੇ ਨੂੰ ਠੇਸ ਪਹੁੰਚਦੀ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਦੇਣ ਲਈ ਵਚਨਬੱਧ ਹੈ? ਉਨ੍ਹਾਂ ਕਿਹਾ ਕਿ ਜੇਕਰ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸਹੀ ਹੈ ਤਾਂ ਸਰਕਾਰ ਅਤੇ PPSC ਨੂੰ ਤੱਥਾਂ ਸਮੇਤ ਸਥਿਤੀ ਸਪੱਸ਼ਟ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਹੋਣੀ ਚਾਹੀਦੀ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਕਿਸੇ ਦੀ ਸਿਫ਼ਾਰਸ਼ ਜਾਂ ਵਿਸ਼ੇਸ਼ ਵਿਵਸਥਾ ਦੀ ਬਜਾਏ ਆਪਣੀ ਮਿਹਨਤ ਅਤੇ ਯੋਗਤਾ ਦੇ ਆਧਾਰ ’ਤੇ ਨੌਕਰੀ ਪ੍ਰਾਪਤ ਕਰਨ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਵਿੱਚ ਤੁਰੰਤ ਸਪੱਸ਼ਟੀਕਰਨ ਦਿੱਤਾ ਜਾਵੇ ਅਤੇ ਉਮੀਦਵਾਰਾਂ ਵੱਲੋਂ ਉਠਾਈਆਂ ਗਈਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ।