The Punjab Inside
Saturday, 3 October 2026Admin Login
Punjab

ਪੰਜਾਬੀ ਯੂਨੀਵਰਸਿਟੀ ’ਚ ਅਧਿਆਪਕਾਂ ਦਾ ਅਨੋਖਾ ਪ੍ਰਦਰਸ਼ਨ, ਬੰਧੂਆ ਮਜ਼ਦੂਰਾਂ ਵਾਲੇ ਚੋਲੇ ਪਾ ਕੇ ਕੱਢਿਆ ਮਾਰਚ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਟਰੈਕਟ ਅਧਿਆਪਕਾਂ ਨੇ ਸੰਘਰਸ਼ ਦੇ 36ਵੇਂ ਦਿਨ ਬੰਧੂਆ ਮਜ਼ਦੂਰਾਂ ਵਾਲੇ ਚੋਲੇ ਪਾ ਕੇ ਰੈਲੀ ਕੀਤੀ। ਪੁਕਟਾ ਵੱਲੋਂ ਯੂਜੀਸੀ ਰੈਗੂਲੇਸ਼ਨ 2010 ਅਤੇ 2018 ਲਾਗੂ ਕਰਨ ਸਮੇਤ ਵਿੱਤੀ ਲਾਭਾਂ ਦੀ ਮੰਗ ਕੀਤੀ ਗਈ। ਅਧਿਆਪਕਾਂ ਨੇ ਕਿਹਾ ਕਿ ਮੰਗਾਂ ’ਤੇ ਠੋਸ ਕਾਰਵਾਈ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

ਪੰਜਾਬੀ ਯੂਨੀਵਰਸਿਟੀ ’ਚ ਅਧਿਆਪਕਾਂ ਦਾ ਅਨੋਖਾ ਪ੍ਰਦਰਸ਼ਨ, ਬੰਧੂਆ ਮਜ਼ਦੂਰਾਂ ਵਾਲੇ ਚੋਲੇ ਪਾ ਕੇ ਕੱਢਿਆ ਮਾਰਚ
Punjab Inside Team
Share:

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੰਟਰੈਕਟ ਅਧਿਆਪਕਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਸੰਘਰਸ਼ ਦੇ 36ਵੇਂ ਦਿਨ ਪੰਜਾਬੀ ਯੂਨੀਵਰਸਿਟੀ ਕੈਂਪਸ, ਨੇਬਰਹੁੱਡ ਕੈਂਪਸ, ਰਿਜਨਲ ਸੈਂਟਰ ਅਤੇ ਕਾਂਸਟੀਚੁਐਂਟ ਕਾਲਜਾਂ ਦੇ ਅਧਿਆਪਕਾਂ ਨੇ ਬੰਧੂਆ ਮਜ਼ਦੂਰਾਂ ਵਾਲੇ ਚੋਲੇ ਪਾ ਕੇ ਵੱਖਰੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ।

ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਦੀ ਅਗਵਾਈ ਹੇਠ ਅਧਿਆਪਕਾਂ ਨੇ ਯੂਜੀਸੀ ਰੈਗੂਲੇਸ਼ਨ 2010 ਅਤੇ 2018 ਦੀਆਂ ਵਿਵਸਥਾਵਾਂ ਲਾਗੂ ਕਰਨ ਦੀ ਮੰਗ ਨੂੰ ਮੁੜ ਜ਼ੋਰਦਾਰ ਢੰਗ ਨਾਲ ਉਠਾਇਆ। ਅਧਿਆਪਕਾਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਤੋਂ ਮਾਰਚ ਸ਼ੁਰੂ ਕੀਤਾ ਗਿਆ, ਜੋ ਰਜਿਸਟਰਾਰ ਦਫ਼ਤਰ, ਡੀਨ ਅਕਾਦਮਿਕ ਮਾਮਲੇ ਦਫ਼ਤਰ ਅਤੇ ਭਾਈ ਕਾਹਨ ਸਿੰਘ ਨਾਭਾ ਲਾਇਬ੍ਰੇਰੀ ਤੋਂ ਹੁੰਦਾ ਹੋਇਆ ਯੂਨੀਵਰਸਿਟੀ ਦੇ ਮੁੱਖ ਗੇਟ ਤੱਕ ਪਹੁੰਚਿਆ।

ਮੁੱਖ ਗੇਟ ’ਤੇ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਅਧਿਆਪਕਾਂ ਦਾ ਮਾਰਚ ਮੁੜ ਵਾਈਸ ਚਾਂਸਲਰ ਦਫ਼ਤਰ ਵਿਖੇ ਪਹੁੰਚਿਆ।

ਇਸ ਮੌਕੇ ਪੁਕਟਾ ਦੇ ਜਨਰਲ ਸਕੱਤਰ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਧਿਆਪਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਮੀਟਿੰਗ ਹੋਈ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਸੀ ਕਿ ਯੂਨੀਵਰਸਿਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਜਲਦੀ ਮੰਨ ਲਈਆਂ ਜਾਣਗੀਆਂ।

ਰਮਨਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਵੱਲੋਂ ਮੰਗਾਂ ਦੇ ਹੱਲ ਲਈ ਉਸ ਦਿਸ਼ਾ ਵਿੱਚ ਕਦਮ ਨਹੀਂ ਚੁੱਕੇ ਜਾ ਰਹੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਗੱਲ ਵੀ ਮੰਨਣ ਲਈ ਤਿਆਰ ਨਹੀਂ ਹੈ।

ਪੁਕਟਾ ਦੀ ਉਪ ਪ੍ਰਧਾਨ ਰਾਜ ਮਹਿੰਦਰ ਕੌਰ ਸਮੇਤ ਸੁਰਿੰਦਰ ਸਿੰਘ, ਦਲਬੀਰ ਸਿੰਘ, ਡਾ. ਰਮਨਪ੍ਰੀਤ ਸਿੰਘ, ਡਾ. ਹਰਪ੍ਰੀਤ ਸਿੰਘ ਅਤੇ ਰਾਜਨ ਗੋਇਲ ਨੇ ਕੰਟਰੈਕਟ ਅਧਿਆਪਕਾਂ ਨੂੰ ਯੋਗ ਵਿੱਤੀ ਲਾਭ ਦੇਣ ਦੀ ਮੰਗ ਵੀ ਉਠਾਈ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਸਾਂਝੇ ਮੰਚ ’ਤੇ ਰੱਖ ਕੇ ਸਮੁੱਚੇ ਤੌਰ ’ਤੇ ਵਿਚਾਰਿਆ ਜਾਣਾ ਚਾਹੀਦਾ ਹੈ।

ਅਧਿਆਪਕ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਠੋਸ ਕਾਰਵਾਈ ਨਹੀਂ ਹੁੰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।