Saturday, 4 July 2026Admin Login
Punjab

SGPC ਨੇ 5 ਜੁਲਾਈ ਨੂੰ ਬੁਲਾਇਆ ਵਿਸ਼ਾਲ ਪੰਥਕ ਸੰਮੇਲਨ, ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਇਕਜੁਟ ਹੋਣ ਦਾ ਸੱਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ 5 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਵਿਸ਼ਾਲ ਪੰਥਕ ਸੰਮੇਲਨ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ਼ਨਿਚਰਵਾਰ ਨੂੰ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਲਿਆ ਗਿਆ। ਇਸ ਬੈਠਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਰਹੇ।

By Parmeet Singh Bidowali
Share:
SGPC ਨੇ 5 ਜੁਲਾਈ ਨੂੰ ਬੁਲਾਇਆ ਵਿਸ਼ਾਲ ਪੰਥਕ ਸੰਮੇਲਨ, ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਇਕਜੁਟ ਹੋਣ ਦਾ ਸੱਦਾ

ਅੰਮ੍ਰਿਤਸਰ, 28 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ 5 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਵਿਸ਼ਾਲ ਪੰਥਕ ਸੰਮੇਲਨ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ਼ਨਿਚਰਵਾਰ ਨੂੰ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਲਿਆ ਗਿਆ।

ਇਸ ਬੈਠਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਬਉੱਚ ਸੰਸਥਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੇ ਖ਼ਿਲਾਫ਼ ਸਮੂਹ ਖ਼ਾਲਸਾ ਪੰਥ ਨੂੰ ਇਕਜੁਟ ਹੋਣਾ ਪਵੇਗਾ।

ਜਨਰਲ ਇਜਲਾਸ ਦੌਰਾਨ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਸਬੰਧਤ 1956 ਦੇ ਐਕਟ ਵਿੱਚ ਕੀਤੀਆਂ ਜਾ ਰਹੀਆਂ ਸੋਧਾਂ ਦੀ ਪ੍ਰਕਿਰਿਆ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਪਾਸ ਕੀਤੇ ਗਏ ਪ੍ਰਸਤਾਵ ਵਿੱਚ ਸਪੱਸ਼ਟ ਕੀਤਾ ਗਿਆ ਕਿ ਸਿੱਖਾਂ ਦੇ ਤਖ਼ਤਾਂ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਵਿੱਚ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਸਿੱਖ ਸਮਾਜ ਦਾ ਇਕਜੁਟ ਹੋਣਾ ਬਹੁਤ ਜ਼ਰੂਰੀ ਹੈ। ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ 5 ਜੁਲਾਈ ਨੂੰ ਹੋਣ ਵਾਲੇ ਪੰਥਕ ਸੰਮੇਲਨ ਵਿੱਚ ਸਾਰੀਆਂ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਸੰਗਤ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।

ਬੈਠਕ ਦੌਰਾਨ ਇਹ ਵੀ ਫ਼ੈਸਲਾ ਲਿਆ ਗਿਆ ਕਿ ਮੁੱਖ ਮੰਤਰੀ ਨਾਲ ਜੁੜੇ ਕਥਿਤ ਵੀਡੀਓ ਮਾਮਲੇ ਸਬੰਧੀ ਐੱਸਜੀਪੀਸੀ ਦਾ ਇਕ ਵਫ਼ਦ ਜਲਦ ਹੀ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕਰੇਗਾ ਅਤੇ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਮੰਗ ਕਰੇਗਾ।

ਇਸ ਤੋਂ ਇਲਾਵਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਪ੍ਰਤੀ ਸੰਗਤ ਨੂੰ ਜਾਗਰੂਕ ਕਰਨ ਲਈ ਐੱਸਜੀਪੀਸੀ ਵੱਲੋਂ ਪੰਜਾਬ ਦੇ ਹਰੇਕ ਹਲਕੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਪ੍ਰਚਾਰਕ ਜਥੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਸੰਗਤ ਨੂੰ ਇਸ ਸਬੰਧੀ ਜਾਣਕਾਰੀ ਪ੍ਰਦਾਨ ਕਰਨਗੇ।

ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਦੀ ਨਹੀਂ ਕੀਤੀ ਹੁਕਮ ਅਦੂਲੀ : ਹਰਜਿੰਦਰ ਸਿੰਘ ਧਾਮੀ

ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੱਤ ਮੈਂਬਰੀ ਕਮੇਟੀ ਤੋਂ ਆਪਣੇ ਅਸਤੀਫ਼ੇ ਸਬੰਧੀ ਚੱਲ ਰਹੀਆਂ ਚਰਚਾਵਾਂ 'ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਿਸੇ ਵੀ ਆਦੇਸ਼ ਦੀ ਉਲੰਘਣਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਆਪਣਾ ਪੱਖ ਸਪੱਸ਼ਟ ਕਰ ਚੁੱਕੇ ਹਨ ਅਤੇ ਹੁਣ ਇਸ ਮਾਮਲੇ 'ਤੇ ਆਖ਼ਰੀ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੀ ਲਿਆ ਜਾਣਾ ਹੈ।

ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਤਹਿਤ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ, ਉਸੇ ਸਮੇਂ ਉਨ੍ਹਾਂ ਨੇ ਆਪਣੇ ਨਿੱਜੀ ਸਹਾਇਕ ਰਾਹੀਂ ਕਮੇਟੀ ਤੋਂ ਅਸਤੀਫ਼ਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤਾ ਸੀ।