The Punjab Inside
Saturday, 3 October 2026Admin Login
Punjab

ਨੇਪਾਲ ਦੇ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੇ ਸ਼ੁਰੂ ਕੀਤੀ ਲੰਗਰ ਸੇਵਾ

ਲੋੜਵੰਦਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਦਾ ਵੀ ਕੀਤਾ ਜਾਵੇਗਾ ਉਪਰਾਲਾ

ਨੇਪਾਲ ਦੇ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੇ ਸ਼ੁਰੂ ਕੀਤੀ ਲੰਗਰ ਸੇਵਾ
Punjab Inside Team
Share:

ਅੰਮ੍ਰਿਤਸਰ, 3 ਸਤੰਬਰ: ਨੇਪਾਲ ਵਿੱਚ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਹੜ੍ਹ ਪੀੜਤ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਵੀ ਉਪਰਾਲਾ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਕ ਵਫ਼ਦ ਪਿਛਲੇ ਕੁਝ ਦਿਨਾਂ ਤੋਂ ਨੇਪਾਲ ਵਿੱਚ ਮੌਜੂਦ ਹੈ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਸ. ਆਜ਼ਾਦ ਦੀਪ ਸਿੰਘ ਸ਼ਾਮਲ ਹਨ।

ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਅੱਜ ਲੰਗਰ ਦਾ ਪਹਿਲਾ ਟਰੱਕ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੜ੍ਹ ਪੀੜਤ ਪਰਿਵਾਰਾਂ ਤੱਕ ਹੋਰ ਰਾਹਤ ਸਮੱਗਰੀ ਪਹੁੰਚਾਉਣ ਲਈ ਵੀ ਉਪਰਾਲੇ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਨੇਪਾਲ ਸਰਕਾਰ ਨਾਲ ਗੱਲਬਾਤ ਦੌਰਾਨ ਮਨੁੱਖਤਾ ਦੀ ਸੇਵਾ ਲਈ ਨੇਪਾਲ ਆਉਣ ਵਾਲੀਆਂ ਸੰਸਥਾਵਾਂ ਅਤੇ ਲੋਕਾਂ ਨੂੰ ਸਰਹੱਦ ਰਾਹੀਂ ਰਾਹਤ ਸਮੱਗਰੀ ਲਿਆਉਣ ਦੀ ਇਜਾਜ਼ਤ ਦੇਣ ਦਾ ਸੁਝਾਅ ਦਿੱਤਾ ਸੀ। ਉਨ੍ਹਾਂ ਅਨੁਸਾਰ ਨੇਪਾਲ ਸਰਕਾਰ ਵੱਲੋਂ ਇਸ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਅਤੇ ਸੇਵਾਦਾਰਾਂ ਦਾ ਸਥਾਨਕ ਲੋਕਾਂ ਵੱਲੋਂ ਧੰਨਵਾਦ ਕੀਤਾ ਗਿਆ। ਸਥਾਨਕ ਲੋਕਾਂ ਨੇ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਲੰਗਰ ਅਤੇ ਰਾਹਤ ਸਮੱਗਰੀ ਉਨ੍ਹਾਂ ਲਈ ਵੱਡਾ ਸਹਾਰਾ ਬਣ ਰਹੀ ਹੈ।

ਇਨ੍ਹਾਂ ਰਾਹਤ ਕਾਰਜਾਂ ਵਿੱਚ ਨੇਪਾਲ ਵੱਸਦੇ ਸ. ਪ੍ਰੀਤਮ ਸਿੰਘ, ਸ. ਅੰਗਦ ਸਿੰਘ, ਸ. ਹਰਪਾਲ ਸਿੰਘ ਪਾਲੀ ਅਤੇ ਸਥਾਨਕ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਸਹਿਯੋਗ ਕੀਤਾ ਜਾ ਰਿਹਾ ਹੈ।