The Punjab Inside
Friday, 20 November 2026Admin Login
Punjab

ਝੋਨੇ ਦੀ ਆਮਦ ਜਾਰੀ ਹੋਣ ਦੇ ਬਾਵਜੂਦ 400 ਮੰਡੀਆਂ ਬੰਦ ਕਰਨ ’ਤੇ ਸੰਯੁਕਤ ਕਿਸਾਨ ਮੋਰਚਾ ਭੜਕਿਆ, 13 ਨਵੰਬਰ ਨੂੰ ਤਹਿਸੀਲ ਪੱਧਰ ’ਤੇ ਹੋਣਗੇ ਪ੍ਰਦਰਸ਼ਨ

ਝੋਨੇ ਦੀ ਆਮਦ ਜਾਰੀ ਹੋਣ ਦੇ ਬਾਵਜੂਦ 400 ਮੰਡੀਆਂ ਬੰਦ ਕਰਨ ’ਤੇ ਸੰਯੁਕਤ ਕਿਸਾਨ ਮੋਰਚਾ ਭੜਕਿਆ, 13 ਨਵੰਬਰ ਨੂੰ ਤਹਿਸੀਲ ਪੱਧਰ ’ਤੇ ਹੋਣਗੇ ਪ੍ਰਦਰਸ਼ਨ
Punjab Inside Team
Share:

ਪੰਜਾਬ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੋਣ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ 400 ਮੰਡੀਆਂ ਬੰਦ ਕਰਨ ਦੇ ਫ਼ੈਸਲੇ ਨੇ ਕਿਸਾਨ ਜਥੇਬੰਦੀਆਂ ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਬੰਦ ਕੀਤੀਆਂ ਮੰਡੀਆਂ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਮੋਰਚੇ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਡੀਆਂ ਵਿੱਚ ਖਰੀਦ ਮੁੜ ਸ਼ੁਰੂ ਨਾ ਕੀਤੀ ਗਈ ਤਾਂ 13 ਨਵੰਬਰ ਨੂੰ ਤਹਿਸੀਲ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਦੇ ਕੀਤੇ ਜਾ ਰਹੇ ਦਾਅਵੇ ਮਹਿਜ਼ ਖੋਖਲੇ ਐਲਾਨ ਸਾਬਤ ਹੋ ਰਹੇ ਹਨ। ਕਿਸਾਨ ਜਥੇਬੰਦੀ ਨੇ ਸੂਬੇ ਵਿੱਚ 90 ਫ਼ੀਸਦੀ ਝੋਨੇ ਦੀ ਖਰੀਦ ਮੁਕੰਮਲ ਹੋਣ ਦੇ ਸਰਕਾਰੀ ਅੰਕੜੇ ਨੂੰ ਵੀ ਫਰਜ਼ੀ ਕਰਾਰ ਦਿੰਦਿਆਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

180 ਲੱਖ ਮੀਟ੍ਰਿਕ ਟਨ ਖਰੀਦ ਦਾ ਟੀਚਾ, ਪੈਦਾਵਾਰ 195 ਲੱਖ ਟਨ ਤੱਕ ਹੋਣ ਦਾ ਅਨੁਮਾਨ

ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਵਾਰ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥ ਕੇ ਮੰਡੀਆਂ ਦਾ ਕੋਟਾ ਤੈਅ ਕੀਤਾ ਗਿਆ ਸੀ। ਸਰਕਾਰ ਦਾ ਦਾਅਵਾ ਹੈ ਕਿ 400 ਮੰਡੀਆਂ ਵਿੱਚ ਖਰੀਦ ਦਾ ਨਿਰਧਾਰਤ ਕੋਟਾ ਪੂਰਾ ਹੋ ਚੁੱਕਾ ਹੈ, ਜਿਸ ਕਾਰਨ ਇਨ੍ਹਾਂ ਮੰਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪਰ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਵਾਢੀ ਵਿੱਚ ਦੇਰੀ ਹੋਣ ਕਰਕੇ ਕਿਸਾਨ ਅਜੇ ਵੀ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਲਿਆ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਝੋਨੇ ਦੀ ਪੈਦਾਵਾਰ 190 ਤੋਂ 195 ਲੱਖ ਮੀਟ੍ਰਿਕ ਟਨ ਹੋਣ ਦਾ ਅਨੁਮਾਨ ਹੈ। ਅਜਿਹੇ ਵਿੱਚ ਸਰਕਾਰ ਵੱਲੋਂ ਖਰੀਦ ਦਾ ਘੱਟ ਟੀਚਾ ਮਿੱਥਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

90 ਫ਼ੀਸਦੀ ਖਰੀਦ ਦੇ ਅੰਕੜਿਆਂ ’ਤੇ ਉੱਠੇ ਸਵਾਲ, ਜਾਂਚ ਦੀ ਮੰਗ

ਕਿਸਾਨ ਆਗੂਆਂ ਨੇ ਸਵਾਲ ਉਠਾਇਆ ਕਿ ਜਦੋਂ ਝੋਨੇ ਦੀ ਵਾਢੀ ਅਜੇ ਜਾਰੀ ਹੈ ਅਤੇ ਮੰਡੀਆਂ ਵਿੱਚ ਫ਼ਸਲ ਦੀ ਆਮਦ ਹੋ ਰਹੀ ਹੈ ਤਾਂ ਖਰੀਦ ਦਾ ਟੀਚਾ ਪਹਿਲਾਂ ਹੀ ਕਿਵੇਂ ਪੂਰਾ ਹੋ ਗਿਆ? ਉਨ੍ਹਾਂ ਦੋਸ਼ ਲਾਇਆ ਕਿ ਅਫ਼ਸਰਸ਼ਾਹੀ ਅਤੇ ਵਪਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਹੋਣ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।

ਮੋਰਚੇ ਨੇ ਕਿਹਾ ਕਿ ਉਸ ਦੇ ਵੱਖ-ਵੱਖ ਵਫ਼ਦਾਂ ਵੱਲੋਂ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਬੰਦ ਮੰਡੀਆਂ ਮੁੜ ਚਾਲੂ ਕਰਨ ਦੀ ਮੰਗ ਕੀਤੀ ਗਈ ਸੀ। ਪਰ ਅਧਿਕਾਰੀਆਂ ਨੇ ਖਰੀਦ ਕੋਟੇ ਅਤੇ ਕੈਸ਼ ਕ੍ਰੈਡਿਟ ਲਿਮਟ (ਸੀਸੀਐਲ) ਦਾ ਹਵਾਲਾ ਦਿੰਦਿਆਂ ਕਿਹਾ ਕਿ ਮੰਡੀਆਂ ਉੱਪਰੋਂ ਮਿਲੇ ਹੁਕਮਾਂ ਅਨੁਸਾਰ ਹੀ ਬੰਦ ਕੀਤੀਆਂ ਗਈਆਂ ਹਨ।

ਕਿਸਾਨ ਆਗੂਆਂ ਨੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ 90 ਫ਼ੀਸਦੀ ਝੋਨੇ ਦੀ ਖਰੀਦ ਹੋਣ ਦੇ ਦਾਅਵੇ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿੱਚ ਅਜੇ ਵੀ ਝੋਨੇ ਦੀ ਆਮਦ ਹੋ ਰਹੀ ਹੈ ਤਾਂ ਖਰੀਦ ਦਾ ਟੀਚਾ ਪੂਰਾ ਹੋਣ ਦਾ ਦਾਅਵਾ ਕਿਵੇਂ ਕੀਤਾ ਜਾ ਸਕਦਾ ਹੈ?

11 ਨਵੰਬਰ ਦੇ ਪੱਤਰ ਨੂੰ ਦੱਸਿਆ ਅੱਖਾਂ ਪੂੰਝਣ ਦੀ ਕੋਸ਼ਿਸ਼

ਕਿਸਾਨ ਜਥੇਬੰਦੀ ਨੇ ਦੋਸ਼ ਲਾਇਆ ਕਿ ਜਦੋਂ ਕਿਸਾਨਾਂ ਵੱਲੋਂ ਸਥਾਨਕ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਤਾਂ ਹੁਣ ਪ੍ਰਿੰਸੀਪਲ ਸਕੱਤਰ ਫੂਡ ਵੱਲੋਂ 11 ਨਵੰਬਰ ਨੂੰ ਪੱਤਰ ਜਾਰੀ ਕਰਕੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਗਈ ਹੈ। ਕਿਸਾਨ ਆਗੂਆਂ ਨੇ ਇਸ ਕਾਰਵਾਈ ਨੂੰ ਕਿਸਾਨਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰਾਰ ਦਿੱਤਾ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਬੰਦ ਕੀਤੀਆਂ ਮੰਡੀਆਂ ਤੁਰੰਤ ਚਾਲੂ ਕਰਕੇ ਝੋਨੇ ਦੀ ਖਰੀਦ ਮੁੜ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇ। ਮੋਰਚੇ ਨੇ ਸਪੱਸ਼ਟ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 13 ਨਵੰਬਰ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।