The Punjab Inside
Friday, 20 November 2026Admin Login
Punjab

ਕਲਾਨੌਰ ਥਾਣੇ ’ਚ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਸੁਖਜਿੰਦਰ ਰੰਧਾਵਾ ਨੇ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਚੁੱਕੇ ਸਵਾਲ

ਕਲਾਨੌਰ ਥਾਣੇ ’ਚ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਸੁਖਜਿੰਦਰ ਰੰਧਾਵਾ ਨੇ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਚੁੱਕੇ ਸਵਾਲ
Punjab Inside Team
Share:

ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਥਾਣੇ ਵਿੱਚ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਥਾਣੇ ਦੇ ਮੁੱਖ ਗੇਟ ਨੂੰ ਤੋੜ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।

ਲੋਕਾਂ ਖ਼ਿਲਾਫ਼ ਨਾਜਾਇਜ਼ ਪਰਚੇ ਦਰਜ ਕਰਨ ਦੇ ਦੋਸ਼

ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਵਰਕਰਾਂ ਨੇ ਥਾਣਾ ਕਲਾਨੌਰ ਦੇ ਐੱਸਐੱਚਓ ਅਮਨਦੀਪ ਸਿੰਘ ਅਤੇ ਡੀਐੱਸਪੀ ਅਮੋਲਕ ਸਿੰਘ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ।

ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਮਾਮਲਿਆਂ ਵਿੱਚ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਕੁਝ ਲੋਕਾਂ ਖ਼ਿਲਾਫ਼ ਕਥਿਤ ਤੌਰ ’ਤੇ ਨਾਜਾਇਜ਼ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਪੁਲਿਸ ਦੀ ਕਾਰਵਾਈ ’ਤੇ ਇਤਰਾਜ਼ ਜਤਾਉਂਦਿਆਂ ਪੀੜਤ ਲੋਕਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।

ਪੁਲਿਸ ਅਤੇ ਗੈਂਗਸਟਰਾਂ ਦੀ ਮਿਲੀਭੁਗਤ ਦੇ ਲਾਏ ਦੋਸ਼

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਪੀੜਤ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਨ ਦੀ ਬਜਾਏ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਕਥਿਤ ਮਿਲੀਭੁਗਤ ਰੱਖੀ ਜਾ ਰਹੀ ਹੈ।

ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਜੇਕਰ ਜਾਂਚ ਦੌਰਾਨ ਕਿਸੇ ਪੁਲਿਸ ਅਧਿਕਾਰੀ ਦੀ ਲਾਪਰਵਾਹੀ ਜਾਂ ਗ਼ਲਤ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।

ਕਾਂਗਰਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਕਾਰਵਾਈ ਕਰਦਿਆਂ ਇਨਸਾਫ਼ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਐੱਸਪੀ ਕੇਡੀ ਚੌਧਰੀ ਨੇ ਦਿੱਤਾ ਸਪੱਸ਼ਟੀਕਰਨ

ਦੂਜੇ ਪਾਸੇ, ਪੁਲਿਸ ਪ੍ਰਸ਼ਾਸਨ ਵੱਲੋਂ ਐੱਸਪੀ ਕੇਡੀ ਚੌਧਰੀ ਨੇ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਸਬੰਧੀ ਆਪਣਾ ਪੱਖ ਰੱਖਿਆ। ਉਨ੍ਹਾਂ ਦੱਸਿਆ ਕਿ ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਪੁਲਿਸ ਨੇ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਸੀ।

ਐੱਸਪੀ ਅਨੁਸਾਰ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਸੇ ਗ਼ਲਤਫ਼ਹਿਮੀ ਕਾਰਨ ਲੱਗਿਆ ਕਿ ਪੁਲਿਸ ਨੇ ਦੂਜੀ ਧਿਰ ਖ਼ਿਲਾਫ਼ ਕਾਰਵਾਈ ਨਹੀਂ ਕੀਤੀ। ਜਦੋਂ ਉਨ੍ਹਾਂ ਨੂੰ ਮਾਮਲੇ ਦੀ ਅਸਲ ਸਥਿਤੀ ਅਤੇ ਪੁਲਿਸ ਵੱਲੋਂ ਕੀਤੀ ਗਈ ਕਾਨੂੰਨੀ ਕਾਰਵਾਈ ਬਾਰੇ ਜਾਣੂ ਕਰਵਾਇਆ ਗਿਆ ਤਾਂ ਸਥਿਤੀ ਸਪੱਸ਼ਟ ਹੋ ਗਈ ਅਤੇ ਮਾਮਲਾ ਸ਼ਾਂਤ ਹੋ ਗਿਆ।

ਇਸ ਘਟਨਾਕ੍ਰਮ ਦੌਰਾਨ ਇੱਕ ਪਾਸੇ ਕਾਂਗਰਸੀ ਆਗੂਆਂ ਨੇ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਚੁੱਕੇ, ਉੱਥੇ ਹੀ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਆਪਣੀ ਕਾਰਵਾਈ ਨੂੰ ਕਾਨੂੰਨ ਅਨੁਸਾਰ ਦੱਸਦਿਆਂ ਸਪੱਸ਼ਟੀਕਰਨ ਦਿੱਤਾ।