Sunday, 5 July 2026Admin Login
Protest

ਹੜਤਾਲ ਕਾਰਨ ਸੂਬੇ ਦੇ 544 ਸੇਵਾ ਕੇਂਦਰਾਂ ’ਚ ਕੰਮਕਾਜ ਠੱਪ, ਲੋਕਾਂ ਦੇ ਜ਼ਰੂਰੀ ਦਸਤਾਵੇਜ਼ਾਂ ਤੇ ਸਰਕਾਰੀ ਕੰਮਾਂ 'ਚ ਰੁਕਾਵਟ; ਇਹ ਹਨ ਮੰਗਾਂ

ਸੇਵਾ ਕੇਂਦਰਾਂ ਰਾਹੀਂ 27 ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ 439 ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਜਨਮ ਅਤੇ ਮੌਤ ਸਰਟੀਫਿਕੇਟ, ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ, ਪੈਨਸ਼ਨ ਅਤੇ ਹੋਰ ਕਈ ਸਰਕਾਰੀ ਸੇਵਾਵਾਂ ਲਈ ਲੋਕ ਰੋਜ਼ਾਨਾ ਸੇਵਾ ਕੇਂਦਰਾਂ ਦਾ ਰੁਖ ਕਰਦੇ ਹਨ। ਹੜਤਾਲ ਕਾਰਨ ਇਹ ਸਾਰੀਆਂ ਸੇਵਾਵਾਂ ਪ੍ਰਭਾਵਿਤ ਹੋ ਗਈਆਂ ਹਨ ਅਤੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈ ਰਿਹਾ ਹੈ।

By Parmeet Singh Bidowali
Share:
ਹੜਤਾਲ ਕਾਰਨ ਸੂਬੇ ਦੇ 544 ਸੇਵਾ ਕੇਂਦਰਾਂ ’ਚ ਕੰਮਕਾਜ ਠੱਪ, ਲੋਕਾਂ ਦੇ ਜ਼ਰੂਰੀ ਦਸਤਾਵੇਜ਼ਾਂ ਤੇ ਸਰਕਾਰੀ ਕੰਮਾਂ 'ਚ ਰੁਕਾਵਟ; ਇਹ ਹਨ ਮੰਗਾਂ

 ਬਠਿੰਡਾ: ਬਰਾਬਰ ਕੰਮ ਦੇ ਬਦਲੇ ਬਰਾਬਰ ਤਨਖਾਹ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਕਾਰਨ ਸੂਬੇ ਦੇ 544 ਸੇਵਾ ਕੇਂਦਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿੱਚ ਕਰੀਬ 2300 ਮੁਲਾਜ਼ਮ ਕੰਮ ਕਰਦੇ ਹਨ।

ਸੇਵਾ ਕੇਂਦਰਾਂ ਰਾਹੀਂ 27 ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ 439 ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਜਨਮ ਅਤੇ ਮੌਤ ਸਰਟੀਫਿਕੇਟ, ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ, ਪੈਨਸ਼ਨ ਅਤੇ ਹੋਰ ਕਈ ਸਰਕਾਰੀ ਸੇਵਾਵਾਂ ਲਈ ਲੋਕ ਰੋਜ਼ਾਨਾ ਸੇਵਾ ਕੇਂਦਰਾਂ ਦਾ ਰੁਖ ਕਰਦੇ ਹਨ। ਹੜਤਾਲ ਕਾਰਨ ਇਹ ਸਾਰੀਆਂ ਸੇਵਾਵਾਂ ਪ੍ਰਭਾਵਿਤ ਹੋ ਗਈਆਂ ਹਨ ਅਤੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈ ਰਿਹਾ ਹੈ।

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਉਪ ਪ੍ਰਧਾਨ ਮਹਿਕਦੀਪ ਸਿੰਘ ਜੰਡਾਵਾਲਾ ਨੇ ਦੱਸਿਆ ਕਿ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਬਹੁਤ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਕਈ ਮੁਲਾਜ਼ਮਾਂ ਨੂੰ ਮਹੀਨੇ ਦੇ ਸਿਰਫ਼ 10 ਹਜ਼ਾਰ ਰੁਪਏ ਤਨਖਾਹ ਮਿਲਦੀ ਹੈ, ਜੋ ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਪਰਿਵਾਰ ਚਲਾਉਣ ਲਈ ਨਾਕਾਫ਼ੀ ਹੈ। ਉਨ੍ਹਾਂ ਕਿਹਾ ਕਿ ਕੰਮ ਦਾ ਬੋਝ ਲਗਾਤਾਰ ਵਧ ਰਿਹਾ ਹੈ, ਪਰ ਤਨਖਾਹਾਂ ਅਤੇ ਸੇਵਾ ਸ਼ਰਤਾਂ ਵਿੱਚ ਕੋਈ ਸੁਧਾਰ ਨਹੀਂ ਕੀਤਾ ਗਿਆ।

ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਠੇਕਾ ਅਤੇ ਆਊਟਸੋਰਸ ਕਰਮਚਾਰੀਆਂ ਲਈ ਨੀਤੀਆਂ ਬਣਾਈਆਂ ਗਈਆਂ ਹਨ, ਪਰ ਸੇਵਾ ਕੇਂਦਰਾਂ ਦੇ ਮੁਲਾਜ਼ਮ ਇਸ ਦੇ ਦਾਇਰੇ ਤੋਂ ਬਾਹਰ ਹਨ ਕਿਉਂਕਿ ਕੇਂਦਰਾਂ ਦਾ ਸੰਚਾਲਨ ਇੱਕ ਨਿੱਜੀ ਕੰਪਨੀ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਵੀ ਨੌਕਰੀ ਦੀ ਸੁਰੱਖਿਆ ਅਤੇ ਬਰਾਬਰ ਕੰਮ ਦੇ ਬਦਲੇ ਬਰਾਬਰ ਤਨਖਾਹ ਦਿੱਤੀ ਜਾਵੇ।

ਹੜਤਾਲ ਕਾਰਨ ਦੂਰ-ਦੁਰਾਡੇ ਇਲਾਕਿਆਂ ਤੋਂ ਆਏ ਲੋਕਾਂ ਨੂੰ ਵੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਕਈ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਜ਼ਰੂਰੀ ਦਸਤਾਵੇਜ਼ਾਂ ਅਤੇ ਸਰਕਾਰੀ ਕੰਮਾਂ ਵਿੱਚ ਰੁਕਾਵਟ ਆ ਰਹੀ ਹੈ, ਜਿਸ ਕਾਰਨ ਨੌਕਰੀ, ਪੜ੍ਹਾਈ ਅਤੇ ਹੋਰ ਕਾਰਜ ਪ੍ਰਭਾਵਿਤ ਹੋ ਰਹੇ ਹਨ।

ਪਹਿਲਾਂ ਹੀ 6.73 ਫੀਸਦੀ ਅਰਜ਼ੀਆਂ ਲੰਬਿਤ

ਸੇਵਾ ਕੇਂਦਰਾਂ ਵਿੱਚ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ 6.73 ਫੀਸਦੀ ਅਰਜ਼ੀਆਂ ਲੰਬਿਤ ਸਨ। ਯੂਨੀਅਨ ਮੁਤਾਬਕ ਹੁਣ ਤੱਕ 84 ਲੱਖ 28 ਹਜ਼ਾਰ 506 ਅਰਜ਼ੀਆਂ ਵੱਖ-ਵੱਖ ਸੇਵਾਵਾਂ ਲਈ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 5 ਲੱਖ 67 ਹਜ਼ਾਰ 11 ਅਰਜ਼ੀਆਂ ਦਾ ਨਿਪਟਾਰਾ ਅਜੇ ਬਾਕੀ ਹੈ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤੇ ਜਾਣ ਤੱਕ ਹੜਤਾਲ ਜਾਰੀ ਰਹੇਗੀ।

‘ਕਈ ਕਰਮਚਾਰੀ ਸਿਰਫ਼ 10 ਹਜ਼ਾਰ ਰੁਪਏ ਮਹੀਨਾਵਾਰ ਤਨਖਾਹ ’ਤੇ ਕੰਮ ਕਰ ਰਹੇ ਹਨ। ਬਰਾਬਰ ਕੰਮ ਦੇ ਬਦਲੇ ਬਰਾਬਰ ਤਨਖਾਹ ਅਤੇ ਨੌਕਰੀ ਦੀ ਸੁਰੱਖਿਆ ਸਾਡੀ ਮੁੱਖ ਮੰਗ ਹੈ। ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।’

— ਮਹਿਕਦੀਪ ਸਿੰਘ ਜੰਡਾਵਾਲਾ, ਉਪ ਪ੍ਰਧਾਨ, ਸੇਵਾ ਕੇਂਦਰ ਮੁਲਾਜ਼ਮ ਯੂਨੀਅਨ।