ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥਾ, ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖ ਸੰਗਤ ਦੇ ਜਥੇ ਨੂੰ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ਤੋਂ ਕੁਝ ਦੂਰੀ ਪਹਿਲਾਂ ਬੀਐੱਸਐੱਫ ਵੱਲੋਂ ਰੋਕ ਦਿੱਤਾ ਗਿਆ। ਜਥੇ ਨੇ ਉੱਥੇ ਹੀ ਰਹਿਰਾਸ ਸਾਹਿਬ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਭਾਰਤ-ਪਾਕਿਸਤਾਨ ਵਿਚਕਾਰ ਅਮਨ-ਸ਼ਾਂਤੀ ਅਤੇ ਬਾਰਡਰ ਰਾਹੀਂ ਵਪਾਰ ਖੋਲ੍ਹਣ ਲਈ ਅਰਦਾਸ ਕੀਤੀ। ਜਥੇਦਾਰ ਗੜਗੱਜ ਨੇ ਐਲਾਨ ਕੀਤਾ ਕਿ ਲਾਂਘਾ ਖੁੱਲ੍ਹਣ ਤੱਕ ਹਰ ਮਹੀਨੇ ਡੇਰਾ ਬਾਬਾ ਨਾਨਕ ਵਿਖੇ ਅਰਦਾਸ ਕੀਤੀ ਜਾਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖ ਸੰਗਤ ਦਾ ਜਥਾ ਅੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਦੀ ਅਰਦਾਸ ਲਈ ਡੇਰਾ ਬਾਬਾ ਨਾਨਕ ਵਿਖੇ ਪਹੁੰਚਿਆ। ਹਾਲਾਂਕਿ, ਬਾਰਡਰ ਉੱਤੇ ਤਾਇਨਾਤ ਬੀਐੱਸਐੱਫ ਅਧਿਕਾਰੀਆਂ ਨੇ ਜਥੇ ਨੂੰ ਜ਼ੀਰੋ ਲਾਈਨ ਤੋਂ ਕੁਝ ਦੂਰੀ ਪਹਿਲਾਂ ਹੀ ਰੋਕ ਦਿੱਤਾ।
ਇਹ ਸਮਾਗਮ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਉੱਤੇ ਭਾਰਤ ਅਤੇ ਪਾਕਿਸਤਾਨ ਦੇ ਸਿੱਖਾਂ ਵੱਲੋਂ ਸਾਂਝੇ ਤੌਰ ’ਤੇ ਉਲੀਕਿਆ ਗਿਆ ਸੀ। ਪਾਕਿਸਤਾਨ ਵਾਲੇ ਪਾਸੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਸਿੱਖ ਸੰਗਤ ਨਗਰ ਕੀਰਤਨ ਲੈ ਕੇ ਜ਼ੀਰੋ ਲਾਈਨ ਤੱਕ ਪਹੁੰਚੀ।
ਭਾਰਤ ਵਾਲੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੱਦੇ ’ਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਡੇਰਾ ਬਾਬਾ ਨਾਨਕ ਵਿਖੇ ਇਕੱਠੀ ਹੋਈ। ਜਥੇਦਾਰ ਦੀ ਅਗਵਾਈ ਵਿੱਚ ਸੰਗਤ ਜ਼ੀਰੋ ਲਾਈਨ ਵੱਲ ਵਧੀ, ਪਰ ਬੀਐੱਸਐੱਫ ਅਧਿਕਾਰੀਆਂ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ।
ਜਥੇਦਾਰ ਗੜਗੱਜ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਘੱਟੋ-ਘੱਟ ਪੰਜ ਸਿੰਘਾਂ ਦੇ ਜਥੇ ਨੂੰ ਜ਼ੀਰੋ ਲਾਈਨ ਤੱਕ ਜਾਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਪਾਕਿਸਤਾਨ ਤੋਂ ਆਏ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਲਈ ਸਿਰੋਪਾਓ ਸੌਂਪੇ ਜਾ ਸਕਣ। ਪਰ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਸ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸਿੱਖ ਸੰਗਤ ਬੀਐੱਸਐੱਫ ਵੱਲੋਂ ਲਗਾਏ ਨਾਕੇ ਦੇ ਸਾਹਮਣੇ ਹੀ ਬੈਠ ਗਈ। ਉੱਥੇ ਰਹਿਰਾਸ ਸਾਹਿਬ ਦਾ ਪਾਠ ਅਤੇ ਸ਼ਬਦ ਕੀਰਤਨ ਕੀਤਾ ਗਿਆ। ਇਸ ਉਪਰੰਤ ਜਥੇਦਾਰ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ, ਦੋਵੇਂ ਦੇਸ਼ਾਂ ਵਿਚਕਾਰ ਅਮਨ-ਸ਼ਾਂਤੀ ਕਾਇਮ ਰਹਿਣ ਅਤੇ ਪੰਜਾਬ ਵਾਲੇ ਪਾਸਿਓਂ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਹੋਣ ਲਈ ਅਰਦਾਸ ਕੀਤੀ। ਅਰਦਾਸ ਤੋਂ ਬਾਅਦ ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਮਾਹੌਲ ਗੂੰਜ ਉਠਿਆ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ।
ਉਧਰ ਪਾਕਿਸਤਾਨ ਵਾਲੇ ਪਾਸੇ ਵੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨਗਰ ਕੀਰਤਨ ਲੈ ਕੇ ਜ਼ੀਰੋ ਲਾਈਨ ’ਤੇ ਪਹੁੰਚੀ। ਉੱਥੇ ਰਹਿਰਾਸ ਸਾਹਿਬ, ਗੁਰਬਾਣੀ ਕੀਰਤਨ ਅਤੇ ਆਰਤੀ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ ਗਈ। ਭਾਰਤ ਵਾਲੇ ਪਾਸੇ ਮੌਜੂਦ ਸੰਗਤ ਨੇ ਪਾਕਿਸਤਾਨ ਵੱਲੋਂ ਕੀਤੇ ਜਾ ਰਹੇ ਗੁਰਬਾਣੀ ਕੀਰਤਨ ਅਤੇ ਜੈਕਾਰਿਆਂ ਦੀ ਆਵਾਜ਼ ਵੀ ਸੁਣੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਨੂੰ ਜ਼ੀਰੋ ਲਾਈਨ ’ਤੇ ਅਰਦਾਸ ਕਰਨ ਤੋਂ ਰੋਕਿਆ ਜਾਣਾ ਠੀਕ ਨਹੀਂ ਹੈ। ਉਨ੍ਹਾਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਨੂੰ ਸਮਝਣ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਅਤੇ ਅੱਜ ਵੀ ਇਹੀ ਅਰਦਾਸ ਕੀਤੀ ਗਈ ਹੈ ਕਿ ਦੋਵੇਂ ਦੇਸ਼ਾਂ ਵਿਚਕਾਰ ਅਮਨ-ਸ਼ਾਂਤੀ ਬਣੀ ਰਹੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਰਾਹੀਂ ਬਾਰਡਰ ਵਪਾਰ ਖੋਲ੍ਹਣ ਦੀ ਗੱਲ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਨੇੜਲੇ ਖਿੱਤਿਆਂ ਦੇ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਲਾਭ ਹੋ ਸਕਦਾ ਹੈ।
ਜਥੇਦਾਰ ਗੜਗੱਜ ਨੇ ਸਥਾਨਕ ਸਿੱਖ ਸੰਗਤ ਵੱਲੋਂ ਦਿੱਤੀ ਜਾਣਕਾਰੀ ਦਾ ਹਵਾਲਾ ਦਿੰਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਮੁਤਾਬਕ ਕੁਝ ਸਿਆਸੀ ਆਗੂਆਂ ਨੂੰ ਜ਼ੀਰੋ ਲਾਈਨ ਤੱਕ ਜਾਣ ਲਈ ਵੀਆਈਪੀ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਜਦਕਿ ਆਮ ਸਿੱਖ ਸੰਗਤ ਨੂੰ ਰੋਕਿਆ ਜਾਂਦਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਸਿੱਖ ਭਾਵਨਾਵਾਂ ਦਾ ਧਿਆਨ ਰੱਖਣ ਦੀ ਮੰਗ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੱਕ ਉਹ ਹਰ ਮਹੀਨੇ ਸਿੱਖ ਸੰਗਤ ਨੂੰ ਨਾਲ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਅਰਦਾਸ ਕਰਨ ਲਈ ਆਉਣਗੇ। ਉਨ੍ਹਾਂ ਕਿਹਾ ਕਿ ਜਦੋਂ ਲਾਂਘਾ ਖੁੱਲ੍ਹੇਗਾ ਤਾਂ ਉਹ ਪਹਿਲੇ ਜਥੇ ਵਿੱਚ ਸ਼ਾਮਲ ਹੋ ਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣਗੇ।
